
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਬੰਦ ਦਾ ਸਭ ਤੋਂ ਵੱਧ ਅਸਰ ਆਮ ਜਨਜੀਵਨ ਅਤੇ ਆਵਾਜਾਈ ’ਤੇ ਨਜ਼ਰ ਆਇਆ। ਪਠਾਨਕੋਟ ਦੇ ਬੱਸ ਅੱਡੇ ’ਤੇ ਆਮ ਦਿਨਾਂ ਦੇ ਮੁਕਾਬਲੇ ਯਾਤਰੀਆਂ ਦੀ ਗਿਣਤੀ ਬਹੁਤ ਘੱਟ ਰਹੀ ਅਤੇ ਬੱਸ ਅੱਡਾ ਲਗਭਗ ਖਾਲੀ ਦਿਖਾਈ ਦਿੱਤਾ। ਵੱਖ-ਵੱਖ ਥਾਵਾਂ ’ਤੇ ਜਥੇਬੰਦੀਆਂ ਵੱਲੋਂ ਟੋਲ ਪਲਾਜ਼ਿਆਂ ’ਤੇ ਧਰਨੇ ਦਿੱਤੇ ਜਾਣ ਕਾਰਨ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਨੂੰ ਦੇਖਦਿਆਂ ਬੱਸਾਂ ਦੀ ਆਵਾਜਾਈ ਦੁਪਹਿਰ 2 ਵਜੇ ਤੱਕ ਰੋਕੀ ਗਈ ਹੈ।

ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਅਸਰ ਅੱਜ ਸਰਹੱਦੀ ਜ਼ਿਲ੍ਹਾ ਪਠਾਨਕੋਟ ਵਿੱਚ ਵੀ ਸਪੱਸ਼ਟ ਤੌਰ ’ਤੇ ਦੇਖਣ ਨੂੰ ਮਿਲਿਆ। ਬੰਦ ਦੇ ਸੱਦੇ ਦੇ ਮੱਦੇਨਜ਼ਰ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਹਨ, ਜਦਕਿ ਨਿੱਜੀ ਸਕੂਲਾਂ ਵੱਲੋਂ ਵੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਵੇਰੇ ਹੀ ਮਾਪਿਆਂ ਨੂੰ ਛੁੱਟੀ ਸਬੰਧੀ ਸੁਨੇਹੇ ਭੇਜ ਦਿੱਤੇ ਗਏ ਸਨ।
ਪੰਜਾਬ ਬੰਦ ਦਾ ਸਭ ਤੋਂ ਵੱਧ ਅਸਰ ਆਮ ਜਨਜੀਵਨ ਅਤੇ ਆਵਾਜਾਈ ’ਤੇ ਨਜ਼ਰ ਆਇਆ। ਪਠਾਨਕੋਟ ਦੇ ਬੱਸ ਅੱਡੇ ’ਤੇ ਆਮ ਦਿਨਾਂ ਦੇ ਮੁਕਾਬਲੇ ਯਾਤਰੀਆਂ ਦੀ ਗਿਣਤੀ ਬਹੁਤ ਘੱਟ ਰਹੀ ਅਤੇ ਬੱਸ ਅੱਡਾ ਲਗਭਗ ਖਾਲੀ ਦਿਖਾਈ ਦਿੱਤਾ। ਵੱਖ-ਵੱਖ ਥਾਵਾਂ ’ਤੇ ਜਥੇਬੰਦੀਆਂ ਵੱਲੋਂ ਟੋਲ ਪਲਾਜ਼ਿਆਂ ’ਤੇ ਧਰਨੇ ਦਿੱਤੇ ਜਾਣ ਕਾਰਨ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਨੂੰ ਦੇਖਦਿਆਂ ਬੱਸਾਂ ਦੀ ਆਵਾਜਾਈ ਦੁਪਹਿਰ 2 ਵਜੇ ਤੱਕ ਰੋਕੀ ਗਈ ਹੈ।
ਬੱਸ ਅੱਡੇ ’ਤੇ ਮੌਜੂਦ ਅਧਿਕਾਰੀਆਂ ਨੇ ਦੱਸਿਆ ਕਿ ਟੋਲ ਪਲਾਜ਼ਿਆਂ ’ਤੇ ਚੱਲ ਰਹੇ ਧਰਨਿਆਂ ਕਾਰਨ ਟ੍ਰੈਫਿਕ ਜਾਮ ਦੀ ਸਥਿਤੀ ਪੈਦਾ ਹੋ ਸਕਦੀ ਹੈ। ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਾਉਣ ਲਈ ਬੱਸਾਂ ਦਾ ਸੰਚਾਲਨ ਅਸਥਾਈ ਤੌਰ ’ਤੇ ਰੋਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਾਲਾਤ ਅਨੁਕੂਲ ਰਹਿਣ ’ਤੇ ਦੁਪਹਿਰ 2 ਵਜੇ ਤੋਂ ਬਾਅਦ ਬੱਸ ਸੇਵਾ ਆਮ ਦਿਨਾਂ ਵਾਂਗ ਬਹਾਲ ਕਰ ਦਿੱਤੀ ਜਾਵੇਗੀ।
ਅਕਾਲੀ ਦਲ ਵਾਰਿਸ ਪੰਜਾਬ ਨੇ ਕੀਤਾ ਬੰਦ ਦਾ ਸਮਰਥਨ
ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਉਮਰਾਓ ਸਿੰਘ ਕੰਗ ਵੱਲੋਂ ਪਹਿਲਾਂ ਹੀ ਪ੍ਰੈੱਸ ਬਿਆਨ ਜਾਰੀ ਕਰਕੇ ਪਠਾਨਕੋਟ ਅਤੇ ਆਸ-ਪਾਸ ਦੇ ਖੇਤਰਾਂ ਦੀ ਜਨਤਾ ਨੂੰ 21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੀ ਅਪੀਲ ਕੀਤੀ ਗਈ ਸੀ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਬੰਦ ਦੇ ਸੱਦੇ ਦਾ ਪੂਰਨ ਸਮਰਥਨ ਕਰਦੀ ਹੈ।
ਉਮਰਾਓ ਸਿੰਘ ਕੰਗ ਨੇ ਵਪਾਰ ਮੰਡਲ ਦੇ ਆਗੂਆਂ, ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਆਪਣੇ ਕਾਰੋਬਾਰ ਤੇ ਨਿੱਜੀ ਅਦਾਰੇ ਬੰਦ ਰੱਖ ਕੇ ਕੌਮੀ ਇਨਸਾਫ਼ ਮੋਰਚੇ ਦੀਆਂ ਮੰਗਾਂ ਦੇ ਹੱਕ ਵਿੱਚ ਆਪਣਾ ਸਮਰਥਨ ਦਰਜ ਕਰਵਾਉਣ ਦੀ ਅਪੀਲ ਕੀਤੀ ਸੀ। ਉਨ੍ਹਾਂ ਲੋਕਾਂ ਨੂੰ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਉਣ ਲਈ ਵੀ ਕਿਹਾ ਸੀ।
ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ
ਕੌਮੀ ਇਨਸਾਫ਼ ਮੋਰਚੇ ਵੱਲੋਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਜਗਤਾਰ ਹਵਾਰਾ ਦੀ ਪੈਰੋਲ ਦੀ ਮੰਗ ਵੀ ਮੋਰਚੇ ਵੱਲੋਂ ਉਠਾਈ ਜਾ ਰਹੀ ਹੈ।
ਬੰਦ ਦੌਰਾਨ ਪਠਾਨਕੋਟ ਵਿੱਚ ਪ੍ਰਸ਼ਾਸਨ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ’ਤੇ ਨਜ਼ਰ ਰੱਖੀ ਗਈ ਹੈ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਹਨ। ਸਮੁੱਚੇ ਤੌਰ ’ਤੇ ਬੰਦ ਦਾ ਅਸਰ ਬਾਜ਼ਾਰਾਂ, ਵਿਦਿਅਕ ਅਦਾਰਿਆਂ ਅਤੇ ਜਨਤਕ ਆਵਾਜਾਈ ’ਤੇ ਦੇਖਣ ਨੂੰ ਮਿਲਿਆ।