ਅਰਮੀਨੀਆ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ, ਪਰਿਵਾਰ ’ਚ ਛਾਇਆ ਮਾਤਮ ਅਰਮੀਨੀਆ ਤੋਂ ਚਾਰ ਸਾਲ ਬਾਅਦ ਘਰ ਪਰਤੇ
Publish Date: Fri, 27 Nov 2026 07:43 PM (IST)
Updated Date: Sat, 28 Nov 2026 04:11 AM (IST)
ਫੋਟੋ : ਸੜਕ ਹਾਦਸੇ ’ਚ ਮੌਤ ਦਾ ਸ਼ਿਕਾਰ ਹੋਇਆ ਰਜਤ ਕੁਮਾਰ ਦੀ ਫਾਈਲ ਫੋਟੋ। ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਅਰਮੀਨੀਆ ਤੋਂ ਕਰੀਬ ਚਾਰ ਸਾਲ ਬਾਅਦ ਆਪਣੇ ਘਰ ਪਰਤੇ ਨੌਜਵਾਨ ਦੀ ਕੁਝ ਹੀ ਘੰਟਿਆਂ ਬਾਅਦ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋਣ ਕਾਰਨ ਪਿੰਡ ਲਦਪਾਲਵਾਂ ਵਿਖੇ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਦੀ ਪਛਾਣ ਰਜਤ ਕੁਮਾਰ (30) ਪੁੱਤਰ ਟਹਿਲ ਸਿੰਘ ਵਾਸੀ ਪਿੰਡ ਲਦਪਾਲਵਾਂ, ਤਾਰਾਗੜ੍ਹ ਵਜੋਂ ਹੋਈ ਹੈ। ਇਸ ਸਬੰਧੀ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਟਹਿਲ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਰਜਤ ਕੁਮਾਰ ਪਿਛਲੇ ਕਰੀਬ ਚਾਰ ਸਾਲਾਂ ਤੋਂ ਅਰਮੀਨੀਆ ਵਿਖੇ ਰਹਿ ਰਿਹਾ ਸੀ ਤੇ ਘਟਨਾ ਵਾਲੇ ਦਿਨ ਸਵੇਰੇ ਕਰੀਬ 5 ਵਜੇ ਵਿਦੇਸ਼ ਤੋਂ ਆਪਣੇ ਘਰ ਵਾਪਸ ਪਰਤਿਆ ਸੀ। ਰਾਤ ਕਰੀਬ 9 ਵਜੇ ਉਹ ਆਪਣੇ ਬੁਲੇਟ ਮੋਟਰਸਾਈਕਲ ’ਤੇ ਸਵਾਰ ਹੋ ਕੇ ਦੋਸਤਾਂ ਨੂੰ ਮਿਲਣ ਲਈ ਘਰੋਂ ਗਿਆ ਸੀ, ਪਰ ਦੇਰ ਰਾਤ ਤੱਕ ਵਾਪਸ ਨਹੀਂ ਆਇਆ। ਪਰਿਵਾਰਕ ਮੈਂਬਰਾਂ ਵੱਲੋਂ ਉਸ ਨਾਲ ਫੋਨ ’ਤੇ ਸੰਪਰਕ ਕਰਨ ਦੀ ਵਾਰ-ਵਾਰ ਕੋਸ਼ਿਸ਼ ਕੀਤੀ ਗਈ, ਪਰ ਉਸ ਦਾ ਮੋਬਾਈਲ ਫੋਨ ਬੰਦ ਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਅਗਲੀ ਸਵੇਰ ਕਿਸੇ ਵਿਅਕਤੀ ਦਾ ਫੋਨ ਆਇਆ ਕਿ ਅੱਡਾ ਬਲਸੂਆ ਨੇੜੇ ਸੜਕ ਹਾਦਸਾ ਵਾਪਰਿਆ ਹੈ, ਜਿਸ ’ਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਸੂਚਨਾ ਮਿਲਣ ’ਤੇ ਉਹ ਆਪਣੇ ਰਿਸ਼ਤੇਦਾਰਾਂ ਸਮੇਤ ਸਿਵਲ ਹਸਪਤਾਲ ਪਹੁੰਚੇ, ਜਿੱਥੇ ਪੋਸਟਮਾਰਟਮ ਕਮਰੇ ਵਿੱਚ ਉਨ੍ਹਾਂ ਦੇ ਪੁੱਤਰ ਰਜਤ ਕੁਮਾਰ ਦੀ ਲਾਸ਼ ਪਈ ਸੀ। ਮ੍ਰਿਤਕ ਦੇ ਪਿਤਾ ਨੇ ਦੋਸ਼ ਲਾਇਆ ਕਿ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਵਾਹਨ ਚਲਾਉਂਦਿਆਂ ਉਸ ਦੇ ਪੁੱਤਰ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੁਲਜ਼ਮ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਉਧਰ, ਥਾਣਾ ਸਦਰ ਦੀ ਪੁਲਿਸ ਨੇ ਟਹਿਲ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਹਾਦਸੇ ਲਈ ਜ਼ਿੰਮੇਵਾਰ ਵਾਹਨ ਚਾਲਕ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ।