ਪਾਇਲਟ ਦੇ ਪੰਜਾਬ ਇੰਚਾਰਜ ਬਣਨ ’ਤੇ ਜਤਾਈ ਖੁਸ਼ੀ ਸਚਿਨ ਪਾਇਲਟ ਨੂੰ ਪੰਜਾਬ ਦਾ ਇੰਚਾਰਜ ਲਾਉਣ
Publish Date: Thu, 17 Sep 2026 06:56 PM (IST)
Updated Date: Thu, 17 Sep 2026 06:56 PM (IST)
ਮੀਟਿੰਗ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ ਆਰ ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਕਾਂਗਰਸ ਹਾਈਕਮਾਂਡ ਵੱਲੋਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਪਠਾਨਕੋਟ ਵਿੱਚ ਕਾਂਗਰਸੀ ਆਗੂਆਂ ਦੀ ਇੱਕ ਅਹਿਮ ਮੀਟਿੰਗ ਸੈਲੀ ਰੋਡ ਪਠਾਨਕੋਟ ਵਿਖੇ ਹੋਈ, ਜਿਸ ਵਿੱਚ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵਿਸ਼ੇਸ਼ ਰੂਪ ਵਿੱਚ ਸ਼ਾਮਲ ਹੋਏ। ਮੀਟਿੰਗ ਵਿੱਚ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ, ਪਾਰਟੀ ਦੀ ਜਥੇਬੰਦਕ ਸਥਿਤੀ ਤੇ ਜ਼ਮੀਨੀ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਕਾਂਗਰਸ ਨੇ 5 ਸਤੰਬਰ ਨੂੰ ਸਚਿਨ ਪਾਇਲਟ ਨੂੰ ਪੰਜਾਬ ਦਾ ਨਵਾਂ ਏਆਈਸੀਸੀ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਮੀਟਿੰਗ ਦੌਰਾਨ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਨਾਲ ਸਬੰਧਤ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹੇ ਪਠਾਨਕੋਟ ਦੀਆਂ ਸਮੱਸਿਆਵਾਂ ਨੂੰ ਉਹ ਸੰਸਦ ਵਿੱਚ ਪਹਿਲ ਦੇ ਆਧਾਰ ’ਤੇ ਉਠਾਉਂਦੇ ਰਹਿਣਗੇ ਤੇ ਕੇਂਦਰੀ ਫੰਡਾਂ ਨਾਲ ਚੱਲ ਰਹੇ ਵਿਕਾਸ ਕਾਰਜਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਵਾਉਣ ਲਈ ਸਬੰਧਤ ਵਿਭਾਗਾਂ ਨਾਲ ਮਾਮਲਾ ਉਠਾਉਣ ਦੀ ਗੱਲ ਕਹੀ। ਸਾਬਕਾ ਮੰਤਰੀ ਰਮਨ ਭੱਲਾ ਨੇ ਕਿਹਾ ਕਿ ਮੀਟਿੰਗ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀਆਂ ਤਿਆਰੀਆਂ ਬਾਰੇ ਵਿਸਥਾਰ ਨਾਲ ਵਿਚਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਨੂੰ ਪੰਜਾਬ ਦਾ ਇੰਚਾਰਜ ਬਣਾਏ ਜਾਣ ਨਾਲ ਆਗੂਆਂ ਤੇ ਵਰਕਰਾਂ ਵਿੱਚ ਉਤਸ਼ਾਹ ਪੈਦਾ ਹੋਇਆ ਹੈ। ਸੀਨੀਅਰ ਕਾਂਗਰਸੀ ਆਗੂ ਰਮੇਸ਼ ਭਨੋਟ ਨੇ ਕਿਹਾ ਕਿ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਬੂਥ ਪੱਧਰ ਤੱਕ ਵਰਕਰਾਂ ਨਾਲ ਸੰਪਰਕ ਵਧਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਨੂੰ ਪੰਜਾਬ ਦਾ ਇੰਚਾਰਜ ਲਗਾਏ ਜਾਣ ਸਬੰਧੀ ਕਾਂਗਰਸੀ ਆਗੂਆਂ ਵੱਲੋਂ ਖੁਸ਼ੀ ਪ੍ਰਗਟ ਕੀਤੀ ਗਈ ਹੈ। ਇਸ ਮੌਕੇ ਸਾਬਕਾ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਅਨਿਲ ਦਾਰਾ ਨੇ ਕਿਹਾ ਕਿ ਪਠਾਨਕੋਟ, ਸੁਜਾਨਪੁਰ ਤੇ ਭੋਆ ਹਲਕੇ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਥਾਨਕ ਪੱਧਰ ’ਤੇ ਪਾਰਟੀ ਦੇ ਕੰਮਕਾਜ, ਲੋਕਾਂ ਨਾਲ ਸੰਪਰਕ ਅਤੇ ਆਉਣ ਵਾਲੇ ਸਮੇਂ ਦੀ ਰਣਨੀਤੀ ਬਾਰੇ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਮੀਟਿੰਗ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਰਮਨ ਭੱਲਾ ਤੇ ਸਮੂਹ ਸੀਨੀਅਰ ਕਾਂਗਰਸੀ ਆਗੂਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਨਰੇਸ਼ ਪੁਰੀ, ਸਾਬਕਾ ਵਿਧਾਇਕ ਜੋਗਿੰਦਰ ਪਾਲ, ਬਕਾ ਸਰਪੰਚ ਰਾਮ ਲਾਲ, ਸਾਬਕਾ ਸਰਪੰਚ ਵਿਕਰਮ, ਚੌਧਰੀ ਰਾਜੇਸ਼ਵਰ ਸਿੰਘ, ਸਾਬਕਾ ਆਗੂ ਬ੍ਰਿਜ ਮੋਹਨ ਪੁਰੀ, ਕੰਵਲਜੀਤ ਸਿੰਘ ਸ਼ੰਟੀ, ਦਿਨੇਸ਼ ਮਹਾਜਨ, ਅਸ਼ਵਨੀ ਪੁਰੀ, ਸ੍ਰਿਜਲ ਗੁਪਤਾ, ਸ਼ਾਮ ਮਹਾਜਨ, ਤੋਸ਼ਿਤ ਮਹਾਜਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੋਹਨ ਸਿੰਘ ਸਮੇਤ ਕਈ ਹੋਰ ਕਾਂਗਰਸੀ ਆਗੂ ਤੇ ਅਹੁਦੇਦਾਰ ਹਾਜ਼ਰ ਸਨ।