ਮੁਕਤੇਸ਼ਵਰ ਧਾਮ ਮੰਦਰ ਸ਼ਾਹਪੁਰਕੰਡੀ ਸਮੇਤ ਧਾਰਮਿਕ ਸਥਾਨਾਂ ਦੀ ਸੁਰੱਖਿਆ ਵਧਾਈ, ਪੁਲਿਸ ਵੱਲੋਂ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ
ਪੰਜਾਬ ਦੇ ਕੁਝ ਪ੍ਰਮੁੱਖ ਮੰਦਰਾਂ ਅਤੇ ਧਾਰਮਿਕ ਸਥਾਨਾਂ ਨੂੰ ਈ-ਮੇਲ ਰਾਹੀਂ ਧਮਕੀਆਂ ਮਿਲਣ ਤੋਂ ਬਾਅਦ ਸੂਬੇ ਭਰ ਵਿੱਚ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਇਸੇ ਕੜੀ ਤਹਿਤ ਪਠਾਨਕੋਟ ਜ਼ਿਲ੍ਹੇ ਦੇ ਪ੍ਰਸਿੱਧ ਮੁਕਤੇਸ਼ਵਰ ਧਾਮ ਮੰਦਰ ਸ਼ਾਹਪੁਰਕੰਡੀ ਸਮੇਤ ਹੋਰ ਧਾਰਮਿਕ ਸਥਾਨਾਂ ਦੀ ਸੁਰੱਖਿਆ ਵੀ ਹੋਰ ਮਜ਼ਬੂਤ ਕੀਤੀ ਗਈ ਹੈ।
Publish Date: Thu, 04 Jun 2026 12:51 PM (IST)
Updated Date: Thu, 04 Jun 2026 12:57 PM (IST)
ਆਰ. ਸਿੰਘ, ਪੰਜਾਬੀ ਜਾਗਰਣ, ਪਠਾਨਕੋਟ। ਪੰਜਾਬ ਦੇ ਕੁਝ ਪ੍ਰਮੁੱਖ ਮੰਦਰਾਂ ਅਤੇ ਧਾਰਮਿਕ ਸਥਾਨਾਂ ਨੂੰ ਈ-ਮੇਲ ਰਾਹੀਂ ਧਮਕੀਆਂ ਮਿਲਣ ਤੋਂ ਬਾਅਦ ਸੂਬੇ ਭਰ ਵਿੱਚ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਇਸੇ ਕੜੀ ਤਹਿਤ ਪਠਾਨਕੋਟ ਜ਼ਿਲ੍ਹੇ ਦੇ ਪ੍ਰਸਿੱਧ ਮੁਕਤੇਸ਼ਵਰ ਧਾਮ ਮੰਦਰ ਸ਼ਾਹਪੁਰਕੰਡੀ ਸਮੇਤ ਹੋਰ ਧਾਰਮਿਕ ਸਥਾਨਾਂ ਦੀ ਸੁਰੱਖਿਆ ਵੀ ਹੋਰ ਮਜ਼ਬੂਤ ਕੀਤੀ ਗਈ ਹੈ।
ਇਸ ਧਮਕੀ ਸਬੰਧੀ ਜਦੋਂ ਐੱਸ.ਐੱਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਸਪੱਸ਼ਟ ਕੀਤਾ ਕਿ ਪਠਾਨਕੋਟ ਜ਼ਿਲ੍ਹਾ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਜਾਂ ਧਮਕੀ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਪਹਿਲਾਂ ਹੀ ਸੁਰੱਖਿਆ ਪ੍ਰਬੰਧ ਕੜੇ ਕੀਤੇ ਹੋਏ ਹਨ ਅਤੇ ਮੌਜ਼ੂਦਾ ਹਾਲਾਤਾਂ ਨੂੰ ਦੇਖਦਿਆਂ ਹੋਰ ਵੀ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ।
ਐੱਸ.ਐੱਸ.ਪੀ. ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਧਾਰਮਿਕ ਸਥਾਨਾਂ, ਭੀੜ-ਭਾੜ ਵਾਲੇ ਇਲਾਕਿਆਂ ਅਤੇ ਮਹੱਤਵਪੂਰਨ ਥਾਵਾਂ ’ਤੇ ਪੁਲਿਸ ਦੀ ਨਿਗਰਾਨੀ ਵਧਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ ਅਤੇ ਹਰ ਗਤੀਵਿਧੀ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਅਪ੍ਰਮਾਣਿਤ ਜਾਣਕਾਰੀ ਜਾਂ ਅਫ਼ਵਾਹਾਂ 'ਤੇ ਵਿਸ਼ਵਾਸ ਨਾ ਕੀਤਾ ਜਾਵੇ। ਜੇਕਰ ਕਿਸੇ ਨੂੰ ਕੋਈ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
ਪੁਲਿਸ ਪ੍ਰਸ਼ਾਸਨ ਅਨੁਸਾਰ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।