ਲੋਕ ਸੂਬੇ ਦੇ ਹਿੱਤਾਂ ਰੱਖਿਆ ਤੇ ਲੋਕ ਭਲਾਈ ਵਾਲੀ ਰਾਜਨੀਤੀ ਚਾਹੁੰਦੇ : ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਸਿਆਸੀ ਬਲ,
Publish Date: Sat, 14 Mar 2026 05:30 PM (IST)
Updated Date: Sun, 15 Mar 2026 04:07 AM (IST)

ਫੋਟੋ : ਪਠਾਨਕੋਟ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਆਗੂਆਂ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕਰਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ , ਸੁਰਿੰਦਰ ਸਿੰਘ ਕੰਵਰ ਮਿੰਟੂ, ਗੁਰਬਚਨ ਸਿੰਘ ਬੱਬੇਹਾਲੀ, ਰਵੀ ਮੋਹਨ ਅਤੇ ਹੋਰ ਆਗੂ। ਪੰਜਾਬੀ ਜਾਗਰਣ ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਜ਼ਿਲ੍ਹਾ ਪਠਾਨਕੋਟ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਮਹੱਤਵਪੂਰਨ ਮੋੜ ਆਇਆ ਜਦੋਂ ਕਾਂਗਰਸ ਅਤੇ ਭਾਜਪਾ ਨਾਲ ਜੁੜੇ ਕਈ ਪ੍ਰਮੁੱਖ ਆਗੂ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਹ ਸ਼ਾਮਲ ਹੋਣ ਦਾ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਕੀਤਾ ਗਿਆ, ਜਿਸ ਨਾਲ ਜ਼ਿਲ੍ਹੇ ਵਿੱਚ ਅਕਾਲੀ ਦਲ ਨੂੰ ਵੱਡੀ ਸਿਆਸੀ ਮਜ਼ਬੂਤੀ ਮਿਲੀ। ਕਾਂਗਰਸ ਅਤੇ ਭਾਜਪਾ ਨਾਲ ਜੁੜੇ ਕਈ ਪ੍ਰਮੁੱਖ ਆਗੂਆਂ ਦੇ ਅਕਾਲੀ ਦਲ ’ਚ ਸ਼ਾਮਲ ਹੋਣ ਦੀ ਪ੍ਰਕਿਰਿਆ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪਠਾਨਕੋਟ ਦੇ ਆਬਜ਼ਰਵਰ ਗੁਰਬਚਨ ਸਿੰਘ ਬੱਬੇਹਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਪਠਾਨਕੋਟ ਸੁਰਿੰਦਰ ਸਿੰਘ ਕੰਵਰ ਮਿੰਟੂ ਦੀ ਪ੍ਰੇਰਣਾ ਨਾਲ ਸੰਪੰਨ ਹੋਈ।ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਸਿਰੋਪਾ ਭੇਟ ਕਰਕੇ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟੂ ਅਤੇ ਹਲਕਾ ਇੰਚਾਰਜ ਭੋਆ ਰਵੀ ਮੋਹਨ ਨੇ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ ਕਈ ਪ੍ਰਭਾਵਸ਼ਾਲੀ ਆਗੂ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਅਵਤਾਰ ਕਲੇਰ ਮੌਜੂਦਾ ਚੇਅਰਮੈਨ ਜ਼ਿਲ੍ਹਾ ਐਗਰੀਕਲਚਰ ਡਿਵੈਲਪਮੈਂਟ ਬੈਂਕ ਅਤੇ ਸਾਬਕਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਸੁਖਦੇਵ ਸਿੰਘ ਪੱਪੂ ਮੀਤ ਪ੍ਰਧਾਨ ਰਾਮਗੜ੍ਹੀਆ ਸਭਾ ਜ਼ਿਲ੍ਹਾ ਪਠਾਨਕੋਟ, ਪਰਮਜੀਤ ਸਿੰਘ ਧੀਮਾਨ ਯੂਥ ਕਾਂਗਰਸ ਆਗੂ ਪਠਾਨਕੋਟ ਅਤੇ ਰਜਿੰਦਰ ਸਿੰਘ ਉਰਫ਼ ਰਜਤ ਠਾਕੁਰ ਮੌਜੂਦਾ ਯੂਥ ਪ੍ਰਧਾਨ ਭਾਜਪਾ ਕੌਂਤਰਪੁਰ ਨੇ ਆਪਣੇ ਸਾਥੀਆਂ ਸਮੇਤ ਸ਼੍ਰੌਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਕੇ ਪਾਰਟੀ ਦੀਆਂ ਨੀਤੀਆਂ ਤੇ ਭਰੋਸਾ ਜਤਾਇਆ ਹੈ।ਉਨ੍ਹਾਂ ਦੱਸਿਆ ਕਿ ਇਹ ਸਾਰੇ ਆਗੂ ਆਪਣੇ ਇਲਾਕਿਆਂ ਵਿੱਚ ਚੰਗਾ ਪ੍ਰਭਾਵ ਰੱਖਦੇ ਹਨ ਅਤੇ ਇਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਦੀ ਜੜ੍ਹਾਂ ਜ਼ਿਲ੍ਹੇ ਵਿੱਚ ਹੋਰ ਮਜ਼ਬੂਤ ਹੋਣਗੀਆਂ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹਾ ਪਠਾਨਕੋਟ ਵਿੱਚ ਅਕਾਲੀ ਦਲ ਦੀ ਸਿਆਸੀ ਪਕੜ ਹੋਰ ਵਧੇਗੀ ਅਤੇ ਪਾਰਟੀ ਨੂੰ ਵੱਡਾ ਲਾਭ ਮਿਲੇਗਾ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕਪੱਖੀ ਨੀਤੀਆਂ ਅਤੇ ਪੰਜਾਬ ਦੇ ਹੱਕਾਂ ਲਈ ਲੜੀ ਜਾ ਰਹੀ ਲੜਾਈ ਕਾਰਨ ਵੱਖ-ਵੱਖ ਪਾਰਟੀਆਂ ਦੇ ਆਗੂ ਅਕਾਲੀ ਦਲ ਨਾਲ ਜੁੜ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਅਜਿਹੀ ਰਾਜਨੀਤੀ ਚਾਹੁੰਦੇ ਹਨ ਜੋ ਸੂਬੇ ਦੇ ਹਿੱਤਾਂ ਦੀ ਰੱਖਿਆ ਕਰੇ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਹੱਲ ਕਰੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ। ਇਸ ਮੌਕੇ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।