- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਠਾਨਕੋਟ ਵਿਖੇ ਸ੍ਰੀ ਧੀਰੇਂਦਰ ਸ਼ਾਸਤਰੀ ਦੀ ਕਥਾ

-ਕਿਹਾ, ਇੰਨੇ ਵੱਡੇ ਪੱਧਰ ’ਤੇ ਸਮਾਗਮ ਹੋਣਾ ਜ਼ਿਲ੍ਹੇ ਲਈ ਮਾਣ ਦੀ ਗੱਲ, ਹਜ਼ਾਰਾਂ ਦੀ ਗਿਣਤੀ ’ਚ ਸ਼ਰਧਾਲੂਆਂ ਲੈ ਰਹੇ ਲਾਹਾ
ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ – ਪਠਾਨਕੋਟ ਦੀ ਧਰਤੀ ’ਤੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਅੱਜ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਸ੍ਰੀ ਧੀਰੇਂਦਰ ਸ਼ਾਸਤਰੀ ਵੱਲੋਂ ਕੀਤੀ ਜਾ ਰਹੀ ਕਥਾ ਸਰਵਣ ਕੀਤੀ ਅਤੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਣੀ ਵਿਖੇ 22 ਤੋਂ 24 ਨਵੰਬਰ ਤੱਕ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਤੋਂ ਇਲਾਵਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਵਰਿੰਦਰ ਗੋਇਲ ਅਤੇ ਡਾ. ਰਵਜੋਤ ਸਿੰਘ ਵੀ ਹਾਜ਼ਰ ਹੋਏ।
ਇਸ ਮੌਕੇ ਮਨੀਸ਼ ਸਿਸੋਦੀਆ ਅਤੇ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਧਰਮ ਮਨੁੱਖਤਾ ਨੂੰ ਆਪਸ ਵਿੱਚ ਜੋੜਨ, ਪ੍ਰੇਮ ਅਤੇ ਸਦਭਾਵਨਾ ਦਾ ਸੰਦੇਸ਼ ਦੇਣ ਦਾ ਮਹੱਤਵਪੂਰਨ ਸਾਧਨ ਹੈ। ਪਠਾਨਕੋਟ ਵਿਖੇ ਇੰਨੇ ਵੱਡੇ ਪੱਧਰ ’ਤੇ ਧਾਰਮਿਕ ਸਮਾਗਮ ਦਾ ਹੋਣਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਦਾ ਪਹੁੰਚਣਾ ਲੋਕਾਂ ਦੀ ਧਾਰਮਿਕ ਆਸਥਾ ਅਤੇ ਸ਼ਰਧਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਮਹਾਨ ਹਿੰਦੂ ਸੰਸਕ੍ਰਿਤੀ ਸਾਨੂੰ ਆਪਸੀ ਸਤਿਕਾਰ, ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਦੀ ਪ੍ਰੇਰਨਾ ਦਿੰਦੀ ਹੈ।
ਉਨ੍ਹਾਂ ਆਸ ਪ੍ਰਗਟਾਈ ਕਿ ਪਠਾਨਕੋਟ ਵਿੱਚ ਭਵਿੱਖ ਵਿੱਚ ਵੀ ਅਜਿਹੇ ਧਾਰਮਿਕ ਸਮਾਗਮ ਹੁੰਦੇ ਰਹਿਣਗੇ, ਜੋ ਸਮਾਜ ਵਿੱਚ ਏਕਤਾ ਅਤੇ ਆਪਸੀ ਪ੍ਰੇਮ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਗੇ। ਇਸ ਮੌਕੇ ਪਠਾਨਕੋਟ ਇੰਚਾਰਜ ਰੋਹਿਤ ਸਿਆਲ, ਸੁਜਾਨਪੁਰ ਇੰਚਾਰਜ ਸਵਰਨ ਸਲਾਰੀਆ, ਚੇਅਰਮੈਨ ਸੌਰਭ ਬਹਿਲ, ਠੇਕੇਦਾਰ ਅਮਰਜੀਤ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਹੋਰ ਅਹੁਦੇਦਾਰ, ਵਰਕਰ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।