- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਕੋਂਤਰਪੁਰ ਦੇ ਵਸਨੀਕ ਪ੍ਰਹਿਲਾਦ ਸਿੰਘ ਅਤੇ ਨਿਰਮਲ ਸਿੰਘ ਨੇ ਦੱਸਿਆ ਕਿ ਇੱਕ ਨਿੱਜੀ ਕੰਪਨੀ ਦੀ ਸਲੀਪਰ ਬੱਸ ਜਲੰਧਰ ਵੱਲੋਂ ਪਠਾਨਕੋਟ ਨੂੰ ਆ ਰਹੀ ਸੀ। ਪਿੰਡ ਨੇੜੇ ਬੱਸ ਨੇ ਪਹਿਲਾਂ ਇੱਕ ਸਕੂਟੀ ਸਵਾਰ ਮਹਿਲਾ ਨੂੰ ਟੱਕਰ ਮਾਰੀ ਅਤੇ ਇਸ ਤੋਂ ਬਾਅਦ ਦੋ ਮੋਟਰਸਾਈਕਲ ਸਵਾਰਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਚਾਰ ਹੋਰ ਵਿਅਕਤੀ ਜ਼ਖਮੀ ਹੋ ਗਏ।

ਰਮਨਦੀਪ ਘਿਆਲਾ, ਪੰਜਾਬੀ ਜਾਗਰਣ, ਪਠਾਨਕੋਟ : ਪਠਾਨਕੋਟ-ਜਲੰਧਰ ਕੌਮੀ ਮਾਰਗ 'ਤੇ ਪਿੰਡ ਕੋਂਤਰਪੁਰ ਨੇੜੇ ਅੱਜ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਚਾਰ ਵਿਅਕਤੀ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚ ਇੱਕ ਛੋਟੀ ਬੱਚੀ ਵੀ ਸ਼ਾਮਲ ਦੱਸੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਸਲੀਪਰ ਬੱਸ ਨੂੰ ਅੱਗ ਲਗਾ ਦਿੱਤੀ। ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
ਪਿੰਡ ਕੋਂਤਰਪੁਰ ਦੇ ਵਸਨੀਕ ਪ੍ਰਹਿਲਾਦ ਸਿੰਘ ਅਤੇ ਨਿਰਮਲ ਸਿੰਘ ਨੇ ਦੱਸਿਆ ਕਿ ਇੱਕ ਨਿੱਜੀ ਕੰਪਨੀ ਦੀ ਸਲੀਪਰ ਬੱਸ ਜਲੰਧਰ ਵੱਲੋਂ ਪਠਾਨਕੋਟ ਨੂੰ ਆ ਰਹੀ ਸੀ। ਪਿੰਡ ਨੇੜੇ ਬੱਸ ਨੇ ਪਹਿਲਾਂ ਇੱਕ ਸਕੂਟੀ ਸਵਾਰ ਮਹਿਲਾ ਨੂੰ ਟੱਕਰ ਮਾਰੀ ਅਤੇ ਇਸ ਤੋਂ ਬਾਅਦ ਦੋ ਮੋਟਰਸਾਈਕਲ ਸਵਾਰਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਚਾਰ ਹੋਰ ਵਿਅਕਤੀ ਜ਼ਖਮੀ ਹੋ ਗਏ।
ਹਾਦਸੇ ਤੋਂ ਬਾਅਦ ਮੌਕੇ 'ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਇਹ ਹਾਦਸਾ ਬੱਸ ਚਾਲਕ ਦੀ ਕਥਿਤ ਲਾਪਰਵਾਹੀ ਅਤੇ ਤੇਜ਼ ਰਫ਼ਤਾਰ ਕਾਰਨ ਵਾਪਰਿਆ ਹੈ। ਇਸ ਦੌਰਾਨ ਲੋਕਾਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ ਅਤੇ ਕੁਝ ਲੋਕਾਂ ਨੇ ਬੱਸ ਨੂੰ ਅੱਗ ਲਗਾ ਦਿੱਤੀ। ਅੱਗ ਕਾਰਨ ਬੱਸ ਪੂਰੀ ਤਰ੍ਹਾਂ ਸੜ ਕੇ ਬੁਰੀ ਤਰ੍ਹਾਂ ਨੁਕਸਾਨੀ ਗਈ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਨੂੰ ਕਾਬੂ ਕੀਤਾ। ਐਸ.ਪੀ. ਗੁਰਇਕਬਾਲ ਸਿੰਘ ਨੇ ਦੱਸਿਆ ਕਿ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋਈ ਹੈ, ਜਦਕਿ ਚਾਰ ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਭੜਕੇ ਲੋਕਾਂ ਵੱਲੋਂ ਬੱਸ ਨੂੰ ਅੱਗ ਲਗਾ ਦਿੱਤੀ ਗਈ। ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ, ਜਿਸ ਦੀ ਭਾਲ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਐਸ.ਪੀ. ਗੁਰਇਕਬਾਲ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਾਦਸੇ ਕਾਰਨ ਕੁਝ ਸਮੇਂ ਲਈ ਕੌਮੀ ਮਾਰਗ 'ਤੇ ਆਵਾਜਾਈ ਵੀ ਪ੍ਰਭਾਵਿਤ ਰਹੀ।
ਇਸੇ ਦੌਰਾਨ ਬੱਸ ਨੂੰ ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੀ ਤੁਰੰਤ ਮੌਕੇ 'ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਕਾਫ਼ੀ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਅਤੇ ਇਸ ਨੂੰ ਹੋਰ ਵਾਹਨਾਂ ਤੇ ਆਸ-ਪਾਸ ਦੇ ਖੇਤਰ ਵਿੱਚ ਫੈਲਣ ਤੋਂ ਰੋਕਿਆ।