- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਹਾੜੋ ਚੱਕ ਵਿਖੇ ਨੁੱਕੜ ਮੀਟਿੰਗ, ਵਿਕਾਸ ਕਾਰਜਾਂ ਦੀ ਹੋਈ ਸ਼ਲਾਘਾ

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ
ਭੋਆ : ਹਲਕਾ ਭੋਆ ਦੇ ਪਿੰਡ ਪਹਾੜੋ ਚੱਕ ਵਿਖੇ ਜ਼ਿਲ੍ਹਾ ਪਰਿਸ਼ਦ ਦੀ ਚੇਅਰਮੈਨ ਗੁਰਪ੍ਰੀਤ ਕੌਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਰੇਸ਼ ਸੈਣੀ ਵੱਲੋਂ ਪਾਰਟੀ ਵਰਕਰਾਂ ਨਾਲ ਨੁੱਕੜ ਮੀਟਿੰਗ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਇਲਾਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਬੁਨਿਆਦੀ ਸਹੂਲਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਪਿੰਡ ਪਹੁੰਚਣ ’ਤੇ ਸਥਾਨਕ ਲੋਕਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਜ਼ਿਲ੍ਹਾ ਪਰਿਸ਼ਦ ਦੀ ਚੇਅਰਮੈਨ ਗੁਰਪ੍ਰੀਤ ਕੌਰ ਨੇ ਕਿਹਾ ਕਿ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਜ਼ਰੂਰੀ ਹੈ ਅਤੇ ਇਲਾਕੇ ਦਾ ਸਰਬਪੱਖੀ ਵਿਕਾਸ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਰੇਸ਼ ਸੈਣੀ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੇ ਸੁਝਾਅ ਵਿਕਾਸ ਕਾਰਜਾਂ ਦੀ ਦਿਸ਼ਾ ਤੈਅ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਇਲਾਕੇ ਦੀ ਤਰੱਕੀ ਲਈ ਸਹਿਯੋਗ ਜਾਰੀ ਰੱਖਣ ਦੀ ਅਪੀਲ ਕੀਤੀ।
ਇਸ ਦੌਰਾਨ ਪਿੰਡ ਵਾਸੀਆਂ ਨੇ ਕਿਹਾ ਕਿ ਉਹ ਵਿਕਾਸ ਕਾਰਜਾਂ ਨੂੰ ਧਿਆਨ ਵਿੱਚ ਰੱਖਦਿਆਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਸਮਰਥਨ ਕਰਨਗੇ ਅਤੇ ਉਨ੍ਹਾਂ ਦੀ ਜਿੱਤ ਲਈ ਸਹਿਯੋਗ ਦੇਣਗੇ।