- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਨ ਭੱਲਾ ਸੰਸਥਾ ਵਿਖੇ ਵਿਦਿਆਰਥੀਆਂ ਨੂੰ

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਆ : ਵਿਦਿਆਰਥੀਆਂ ਦੀ ਬੌਧਿਕ ਸਮਰੱਥਾ ਨੂੰ ਨਿਖਾਰਨ ਅਤੇ ਉਨ੍ਹਾਂ ਵਿੱਚ ਆਮ ਗਿਆਨ ਪ੍ਰਤੀ ਰੁਚੀ ਪੈਦਾ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਪੰਜਾਬ ਦਾ ਕਰੋੜਪਤੀ’ ਤਹਿਤ ਅਮਨ ਭੱਲਾ ਗਰੁੱਪ ਆਫ਼ ਇੰਸਟੀਚਿਊਟਸ ਕੋਟਲੀ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੁੱਖ ਤੌਰ ’ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਗਿਆਨ ਹਾਸਲ ਕਰਨ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ। ਮੰਤਰੀ ਨੇ ਇਸ ਪਹਿਲਕਦਮੀ ਦੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਨੌਜਵਾਨਾਂ ਨੂੰ ਆਪਣੀ ਜਾਣਕਾਰੀ ਅਤੇ ਬੌਧਿਕ ਯੋਗਤਾ ਦਾ ਪ੍ਰਗਟਾਵਾ ਕਰਨ ਲਈ ਵਧੀਆ ਮੰਚ ਪ੍ਰਦਾਨ ਕਰਦੇ ਹਨ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ‘ਪੰਜਾਬ ਦਾ ਕਰੋੜਪਤੀ’ ਮੁਕਾਬਲੇ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ।
ਸਮਾਗਮ ਦੀ ਪ੍ਰਧਾਨਗੀ ਸੰਸਥਾ ਦੇ ਪ੍ਰਧਾਨ ਰਮਨ ਭੱਲਾ, ਚੇਅਰਪਰਸਨ ਅਨੂ ਭੱਲਾ ਅਤੇ ਮੈਨੇਜਿੰਗ ਡਾਇਰੈਕਟਰ ਡਾ. ਪੂਜਾ ਓਹਰੀ ਨੇ ਕੀਤੀ। ਪ੍ਰਬੰਧਕਾਂ ਨੇ ਕਿਹਾ ਕਿ ਮੌਜ਼ੂਦਾ ਸਮੇਂ ਵਿੱਚ ਵਿਦਿਆਰਥੀਆਂ ਲਈ ਪਾਠਕ੍ਰਮ ਦੀ ਪੜ੍ਹਾਈ ਦੇ ਨਾਲ-ਨਾਲ ਆਮ ਗਿਆਨ, ਸਮਾਜਿਕ ਜਾਗਰੂਕਤਾ ਅਤੇ ਮੁਕਾਬਲੇ ਦੀ ਭਾਵਨਾ ਵਿਕਸਿਤ ਕਰਨਾ ਵੀ ਬੇਹੱਦ ਜ਼ਰੂਰੀ ਹੈ। ਅਜਿਹੀਆਂ ਸਰਗਰਮੀਆਂ ਨਾਲ ਵਿਦਿਆਰਥੀਆਂ ਦਾ ਆਤਮ-ਵਿਸ਼ਵਾਸ ਵਧਦਾ ਹੈ। ਸਮਾਗਮ ਦੇ ਅਖੀਰ ਵਿੱਚ ਸੰਸਥਾ ਵੱਲੋਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਰਮਨ ਭੱਲਾ, ਚੇਅਰਪਰਸਨ ਅਨੂ ਭੱਲਾ ਅਤੇ ਡਾ. ਪੂਜਾ ਓਹਰੀ ਨੇ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਗੌਰਵ ਸੈਣੀ, ਪ੍ਰਿੰਸੀਪਲ ਡਾ. ਰਜਤ ਅਰੋੜਾ, ਪ੍ਰਿੰਸੀਪਲ ਡਾ. ਨੀਰਜ ਪੁਨੀ, ਪ੍ਰਿੰਸੀਪਲ ਡਾ. ਜਗਦੀਸ਼ ਸਿੰਘ, ਪ੍ਰਿੰਸੀਪਲ ਡਾ. ਨੂਤਨ ਗੁਪਤਾ, ਡੀਨ ਮੈਨੇਜਮੈਂਟ ਤਰੁਣ ਓਹਰੀ, ਡੀਨ ਐਡਮਿਸ਼ਨ ਅਤੇ ਸਪੋਰਟਸ ਵਿਕਰਮ ਸੁੰਬਰੀਆ ਤੋਂ ਇਲਾਵਾ ਕਾਲਜ ਦੇ ਲੈਕਚਰਾਰ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।