ਜੀਵਨ ’ਚ ਕਾਮਯਾਬੀ ਲਈ ਪਹਿਲਾਂ ਤਰਜੀਹਾਂ ਕਰੋ ਤੈਅ : ਨਿਰਗੁਣ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਲਈ ਕੀਤਾ ਪ੍ਰੇਰਿਤ
Publish Date: Sat, 24 Oct 2026 04:30 PM (IST)
Updated Date: Sun, 25 Oct 2026 04:01 AM (IST)
ਸਰਕਾਰੀ ਸਕੂਲ ਪੀਐੱਮ ਸ਼੍ਰੀ ਵਿਖੇ ਵਿਦਿਆਰਥੀਆਂ ਨੂੰ ਜੀਵਨ ’ਚ ਸਫ਼ਲਤਾ ਹਾਸਲ ਕਰਨ ਲਈ ਕੀਤਾ ਪ੍ਰੇਰਿਤ ਆਰ.ਸਿੰਘ, ਪੰਜਾਬੀ ਜਾਗਰਣ, ਬਮਿਆਲ/ਪਠਾਨਕੋਟ : ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਪੀਐੱਮ ਸ੍ਰੀ) ਬਮਿਆਲ ਵਿਖੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਹੀ ਟੀਚਾ ਮਿੱਥਣ ਤੇ ਮਿਹਨਤ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਨ ਵਾਸਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਰਾਮ ਪਾਲ ਗੁਪਤਾ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਇਸ ਸੈਮੀਨਾਰ ਵਿੱਚ ਜਲ ਸਰੋਤ ਵਿਭਾਗ ਦੇ ਸੇਵਾਮੁਕਤ ਅਧਿਕਾਰੀ ਅਤੇ ਜ਼ਿਲ੍ਹਾ ਪਠਾਨਕੋਟ ਦੇ ਪੀਐੱਮ ਸ੍ਰੀ ਸਕੂਲਜ਼ ਫਾਰ ਰਾਈਜ਼ਿੰਗ ਇੰਡੀਆ ਦੇ ਮਾਹਿਰ ਬੁਲਾਰੇ ਨਰੇਸ਼ ਮਹਾਜਨ ਨਿਰਗੁਣ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਨੇ ਆਪਣੇ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਆਪਣੀ ਸਮਰੱਥਾ ਪਛਾਣਨ ਦਾ ਸੁਨੇਹਾ ਦਿੱਤਾ। ਨਰੇਸ਼ ਮਹਾਜਨ ਨਿਰਗੁਣ ਨੇ ਕਿਹਾ ਕਿ ਜੀਵਨ ਵਿੱਚ ਕਾਮਯਾਬ ਹੋਣ ਲਈ ਸਭ ਤੋਂ ਪਹਿਲਾਂ ਆਪਣੀਆਂ ਤਰਜੀਹਾਂ ਤੈਅ ਕਰਨੀਆਂ ਚਾਹੀਦੀਆਂ ਹਨ ਅਤੇ ਇਸ ਤੋਂ ਬਾਅਦ ਆਪਣਾ ਟੀਚਾ ਨਿਰਧਾਰਤ ਕਰਨਾ ਚਾਹੀਦਾ ਹੈ। ਜਦੋਂ ਮਨੁੱਖ ਆਪਣੇ ਜੀਵਨ ਦਾ ਉਦੇਸ਼ ਸਪੱਸ਼ਟ ਕਰ ਲੈਂਦਾ ਹੈ ਤਾਂ ਉਸ ਨੂੰ ਪ੍ਰਾਪਤ ਕਰਨ ਲਈ ਪੂਰੀ ਲਗਨ, ਮਿਹਨਤ ਅਤੇ ਦ੍ਰਿੜ੍ਹ ਇਰਾਦੇ ਨਾਲ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਦੁਨੀਆ ਵਿੱਚ ਅਜਿਹਾ ਕੁਝ ਵੀ ਨਹੀਂ, ਜਿਸ ਨੂੰ ਮਨੁੱਖ ਆਪਣੀ ਯੋਗਤਾ ਅਨੁਸਾਰ ਮਿਹਨਤ ਕਰਕੇ ਹਾਸਲ ਨਾ ਕਰ ਸਕੇ। ਇਸ ਲਈ ਹਰ ਵਿਦਿਆਰਥੀ ਨੂੰ ਆਪਣੀਆਂ ਅੰਦਰੂਨੀ ਸਮਰੱਥਾਵਾਂ ਨੂੰ ਪਛਾਣਦਿਆਂ ਮਿਹਨਤ ਦੇ ਰਾਹ ’ਤੇ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਪਣੀ ਮੰਜ਼ਿਲ ਅਤੇ ਉਸ ਤੱਕ ਪਹੁੰਚਣ ਦਾ ਸਹੀ ਰਸਤਾ ਲੱਭਣ ਲਈ ਮਨੁੱਖ ਨੂੰ ਸਭ ਤੋਂ ਪਹਿਲਾਂ ਆਪਣੇ ਅੰਦਰ ਝਾਤ ਮਾਰਨੀ ਪੈਂਦੀ ਹੈ। ਜਦੋਂ ਵਿਅਕਤੀ ਆਪਣੇ ਗੁਣਾਂ, ਰੁਚੀਆਂ ਅਤੇ ਯੋਗਤਾਵਾਂ ਨੂੰ ਸਮਝ ਲੈਂਦਾ ਹੈ ਤਾਂ ਉਹ ਆਪਣੇ ਜੀਵਨ ਲਈ ਸਹੀ ਦਿਸ਼ਾ ਚੁਣ ਸਕਦਾ ਹੈ। ਸੈਮੀਨਾਰ ਦੇ ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਰਾਮ ਪਾਲ ਗੁਪਤਾ ਤੇ ਦੀਪਕ ਜੋਤੀ ਵੱਲੋਂ ਨਰੇਸ਼ ਮਹਾਜਨ ਨਿਰਗੁਣ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਣਾਦਾਇਕ ਸੇਧ ਦੇਣ ਲਈ ਮੁੱਖ ਬੁਲਾਰੇ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।