ਵਿਦਿਆਰਥੀਆਂ ਨੂੰ ਮੌਲਿਕ ਅਧਿਕਾਰਾਂ ਤੇ ਫਰਜ਼ਾਂ ਪ੍ਰਤੀ ਕੀਤਾ ਜਾਗਰੂਕ ਵਿਦਿਆਰਥੀਆਂ ਨੂੰ ਮੌਲਿਕ ਅਧਿਕਾਰਾਂ ਤੇ ਕਰਤੱਵਾਂ ਪ੍ਰਤੀ ਕੀਤਾ ਜਾਗਰੂਕ
Publish Date: Fri, 27 Nov 2026 03:20 PM (IST)
Updated Date: Sat, 28 Nov 2026 04:01 AM (IST)
ਫੋਟੋ: ਸਰਕਾਰੀ ਹਾਈ ਸਕੂਲ ਨੋਵਾਲਾ ਵਿਖੇ ਸੰਵਿਧਾਨ ਦਿਵਸ ਮੌਕੇ ਪ੍ਰਿੰਸੀਪਲ ਮੋਨਿਕਾ, ਅਧਿਆਪਕ ਅਤੇ ਵਿਦਿਆਰਥੀ। ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ ਭੋਆ : ਸਰਕਾਰੀ ਹਾਈ ਸਕੂਲ ਨੋਵਾਲਾ ਵਿਖੇ ਪ੍ਰਿੰਸੀਪਲ ਮੋਨਿਕਾ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਤੇ ਦੇਸ਼ ਪ੍ਰਤੀ ਉਨ੍ਹਾਂ ਦੇ ਫਰਜ਼ਾਂ ਬਾਰੇ ਜਾਣਕਾਰੀ ਦਿੱਤੀ ਗਈ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਸੰਵਿਧਾਨਕ ਕਦਰਾਂ-ਕੀਮਤਾਂ, ਸਮਾਨਤਾ, ਆਜ਼ਾਦੀ ਅਤੇ ਭਾਈਚਾਰੇ ਦੀ ਭਾਵਨਾ ਪੈਦਾ ਕਰਨਾ ਸੀ। ਸਮਾਗਮ ਦੀ ਸ਼ੁਰੂਆਤ ਸੰਵਿਧਾਨ ਦੀ ਪ੍ਰਸਤਾਵਨਾ ਦੇ ਸਮੂਹਿਕ ਪਾਠ ਨਾਲ ਹੋਈ। ਇਸ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਦੇਸ਼ ਦੇ ਸੰਵਿਧਾਨ ਨਿਰਮਾਤਾ ਡਾ. ਬੀਆਰ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ। ਵਿਦਿਆਰਥੀਆਂ ਨੇ ਭਾਸ਼ਣ, ਕਵਿਤਾ, ਲੇਖ ਲੇਖਣ ਅਤੇ ਪੋਸਟਰ ਮੁਕਾਬਲਿਆਂ ਰਾਹੀਂ ਸੰਵਿਧਾਨ ਨਾਲ ਜੁੜੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਤੋਂ ਇਲਾਵਾ ਸੰਵਿਧਾਨ ਬਾਰੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਪ੍ਰਸ਼ਨੋਤਰੀ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਮੋਨਿਕਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੰਵਿਧਾਨ ਕਿਸੇ ਦੇਸ਼ ਦੇ ਸ਼ਾਸਨ ਦਾ ਦਸਤਾਵੇਜ਼ ਹੀ ਨਹੀਂ, ਸਗੋਂ ਦੇਸ਼ ਦੇ ਹਰੇਕ ਨਾਗਰਿਕ ਨੂੰ ਬਰਾਬਰੀ, ਨਿਆਂ ਅਤੇ ਆਜ਼ਾਦੀ ਪ੍ਰਦਾਨ ਕਰਨ ਵਾਲਾ ਮਹੱਤਵਪੂਰਨ ਆਧਾਰ ਹੈ। ਉਨ੍ਹਾਂ ਦੱਸਿਆ ਕਿ 26 ਨਵੰਬਰ 1949 ਨੂੰ ਭਾਰਤੀ ਸੰਵਿਧਾਨ ਨੂੰ ਅਪਣਾਇਆ ਗਿਆ ਸੀ, ਜਦਕਿ 26 ਜਨਵਰੀ 1950 ਨੂੰ ਇਹ ਲਾਗੂ ਹੋਇਆ। ਇਸ ਮੌਕੇ ਅਧਿਆਪਕ ਮੋਹਿੰਦਰ ਸਿੰਘ, ਹਿੰਮਤ ਸਿੰਘ, ਮਨਮੋਹਨ ਕ੍ਰਿਸ਼ਨ, ਰਵਿੰਦਰ ਕੁਮਾਰ, ਰਿਤਿਕਾ, ਸ਼ਿਫਾਲੀ ਅਤੇ ਕੁਲਵਿੰਦਰ ਕੌਰ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਪੋਸਟਰ ਵੀ ਖਿੱਚ ਦਾ ਕੇਂਦਰ ਬਣੇ। ਅੰਤ ਵਿੱਚ ਪ੍ਰਿੰਸੀਪਲ ਮੋਨਿਕਾ ਨੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।