- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਨੂੰ ਜੀਵਨ ਵਿੱਚ ਅਪਣਾਉਣ ਦਾ ਵਿਦਿਆਰਥੀਆਂ ਨੇ ਲਿਆ ਸੰਕਲਪ

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਆ : ਆਦਰਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨਰੋਟ ਮਹਿਰਾ ’ਚ ਸੰਵਿਧਾਨ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ। ਇਸ ਦੌਰਾਨ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਨਾਗਰਿਕ ਅਧਿਕਾਰਾਂ ਤੇ ਫ਼ਰਜ਼ਾਂ ਬਾਰੇ ਜਾਣੂ ਕਰਵਾਉਂਦਿਆਂ ਦੇਸ਼ ਦੇ ਸੰਵਿਧਾਨਕ ਆਦਰਸ਼ਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਲਈ ਪ੍ਰੇਰਿਆ। ਸਮਾਗਮ ਦੌਰਾਨ ਸਕੂਲ ਦੇ ਚੇਅਰਮੈਨ ਸ਼ਿਵ ਕੁਮਾਰ ਸ਼ਰਮਾ ਨੇ ਕਿਹਾ ਕਿ 26 ਨਵੰਬਰ 1949 ਨੂੰ ਸੰਵਿਧਾਨ ਸਭਾ ਵੱਲੋਂ ਭਾਰਤੀ ਸੰਵਿਧਾਨ ਨੂੰ ਅਪਣਾਇਆ ਗਿਆ ਸੀ, ਜਦਕਿ ਇਹ 26 ਜਨਵਰੀ 1950 ਨੂੰ ਲਾਗੂ ਹੋਇਆ। ਉਨ੍ਹਾਂ ਕਿਹਾ ਕਿ ਸੰਵਿਧਾਨ ਸਾਨੂੰ ਅਧਿਕਾਰਾਂ ਦੇ ਨਾਲ-ਨਾਲ ਆਪਣੇ ਫ਼ਰਜ਼ਾਂ ਪ੍ਰਤੀ ਵੀ ਜਾਗਰੂਕ ਰਹਿਣ ਦਾ ਸੰਦੇਸ਼ ਦਿੰਦਾ ਹੈ। ਨਿਆਂ, ਸੁਤੰਤਰਤਾ, ਸਮਾਨਤਾ ਅਤੇ ਭਾਈਚਾਰੇ ਦੀ ਭਾਵਨਾ ਹੀ ਲੋਕਤੰਤਰ ਦੀ ਮਜ਼ਬੂਤੀ ਦਾ ਆਧਾਰ ਹਨ।
ਉਨ੍ਹਾਂ ਨੇ ਸੰਵਿਧਾਨ ਨਿਰਮਾਣ ’ਚ ਡਾ. ਅੰਬੇਡਕਰ ਦੇ ਮਹੱਤਵਪੂਰਨ ਯੋਗਦਾਨ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਿਚਾਰਾਂ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸੰਵਿਧਾਨ ਦੀ ਪ੍ਰਸਤਾਵਨਾ ਦਾ ਸਮੂਹਿਕ ਪਾਠ ਕਰਵਾਇਆ ਗਿਆ। ਇਸ ਤੋਂ ਇਲਾਵਾ ਭਾਸ਼ਣ, ਲੇਖ-ਲਿਖਣ ਅਤੇ ਪ੍ਰਸ਼ਨੋਤਰੀ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਅਧਿਆਪਕਾਂ ਨੇ ਵੀ ਸੰਵਿਧਾਨਕ ਕਦਰਾਂ-ਕੀਮਤਾਂ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸੰਵਿਧਾਨ ਸਿਰਫ਼ ਇੱਕ ਦਸਤਾਵੇਜ਼ ਨਹੀਂ, ਸਗੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਲੋਕਤੰਤਰੀ ਪ੍ਰਣਾਲੀ ਦਾ ਆਧਾਰ ਹੈ। ਹਰ ਨਾਗਰਿਕ ਨੂੰ ਇਸ ਦਾ ਸਤਿਕਾਰ ਕਰਦਿਆਂ ਸਮਾਜ ਵਿੱਚ ਸਮਾਨਤਾ ਤੇ ਭਾਈਚਾਰਕ ਸਾਂਝ ਕਾਇਮ ਰੱਖਣੀ ਚਾਹੀਦੀ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਆਰਤੀ ਮਹਿਰਾ ਤੋਂ ਇਲਾਵਾ ਅਧਿਆਪਕ ਜੀਵਨ ਜੋਤੀ, ਰਮਨ ਕੁਮਾਰ, ਮੁਕੇਸ਼, ਮੁਸਕਾਨ, ਅਨੀਤਾ ਦੇਵੀ, ਮਾਨਸੀ ਤੇ ਦਿਨੇਸ਼ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।