ਅਕਾਲੀ-ਭਾਜਪਾ ਗੱਠਜੋੜ ਪੰਜਾਬ ’ਚ ਕਰਵਾਏਗਾ ਵਿਕਾਸ : ਸਲਿੰਦਰ ਸਿੰਘ ਸਾਬੀ ਅਕਾਲੀ-ਭਾਜਪਾ ਗੱਠਜੋੜ ਪੰਜਾਬ ਵਿੱਚ ਵਿਕਾਸ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ :
Publish Date: Sun, 29 Nov 2026 04:01 PM (IST)
Updated Date: Sun, 29 Nov 2026 04:01 PM (IST)
ਆਰ.ਸਿੰਘ, ਪੰਜਾਬੀ ਜਾਗਰਣ ਪਠਾਨਕੋਟ : ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਟਰਾਂਸਪੋਰਟ ਵਿੰਗ ਸਲਿੰਦਰ ਸਿੰਘ ਸਾਬੀ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਪੰਜਾਬ ਦੀ ਸਿਆਸਤ ਵਿੱਚ ਨਵੀਂ ਦਿਸ਼ਾ ਅਤੇ ਵਿਕਾਸ ਦੀਆਂ ਨਵੀਆਂ ਸੰਭਾਵਨਾਵਾਂ ਲੈ ਕੇ ਆਵੇਗਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੀ ਸਾਂਝ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਸੂਬੇ ਨੂੰ ਤਰੱਕੀ ਦੀਆਂ ਲੀਹਾਂ ’ਤੇ ਅੱਗੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਸਾਬੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਬੁਨਿਆਦੀ ਢਾਂਚੇ, ਸੜਕਾਂ, ਰੇਲਵੇ ਅਤੇ ਹੋਰ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਦੇਣ ਦੇ ਯਤਨ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸੂਝਵਾਨ ਅਗਵਾਈ ਅਤੇ ਸੰਗਠਨਾਤਮਕ ਸਮਰੱਥਾ ਵੀ ਦੇਸ਼ ਦੀ ਰਾਜਨੀਤੀ ਵਿੱਚ ਵਿਸ਼ੇਸ਼ ਮਹੱਤਵ ਰੱਖਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਰਾਸ਼ਟਰੀ ਪੱਧਰ ਦੀ ਮਜ਼ਬੂਤ ਅਗਵਾਈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਦੇ ਲੋਕਾਂ ਨਾਲ ਜੁੜੀ ਸਿਆਸੀ ਤੇ ਸਮਾਜਿਕ ਵਿਰਾਸਤ ਦਾ ਸੁਮੇਲ ਸੂਬੇ ਲਈ ਲਾਹੇਵੰਦ ਸਾਬਤ ਹੋ ਸਕਦਾ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਪੰਜਾਬ ਦੀਆਂ ਸਮੱਸਿਆਵਾਂ, ਕਿਸਾਨਾਂ, ਵਪਾਰੀਆਂ, ਨੌਜਵਾਨਾਂ ਅਤੇ ਆਮ ਲੋਕਾਂ ਦੀਆਂ ਲੋੜਾਂ ਨੂੰ ਸਮਝਣ ਦਾ ਲੰਮਾ ਤਜਰਬਾ ਹੈ। ਸਾਬੀ ਨੇ ਕਿਹਾ ਕਿ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ ਲਈ ਮਜ਼ਬੂਤ ਲੀਡਰਸ਼ਿਪ, ਸਪੱਸ਼ਟ ਨੀਤੀ ਅਤੇ ਆਪਸੀ ਸਹਿਯੋਗ ਦੀ ਲੋੜ ਹੈ। ਅਖੀਰ ਵਿੱਚ ਸਲਿੰਦਰ ਸਿੰਘ ਸਾਬੀ ਨੇ ਕਿਹਾ ਕਿ ਅਕਾਲੀ-ਭਾਜਪਾ ਦੀ ਸਾਂਝ ਪੰਜਾਬ ਵਿੱਚ ਉਦਯੋਗਾਂ, ਵਪਾਰ, ਖੇਤੀਬਾੜੀ, ਰੁਜ਼ਗਾਰ ਅਤੇ ਆਵਾਜਾਈ ਦੇ ਖੇਤਰਾਂ ਵਿੱਚ ਨਵੇਂ ਮੌਕੇ ਪੈਦਾ ਕਰਨ ਦੀ ਸਮਰੱਥਾ ਰੱਖਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਗੱਠਜੋੜ ਪੰਜਾਬ ਨੂੰ ਖ਼ੁਸ਼ਹਾਲੀ, ਤਰੱਕੀ ਅਤੇ ਵਿਕਾਸ ਦੀਆਂ ਨਵੀਆਂ ਮੰਜ਼ਿਲਾਂ ਵੱਲ ਲਿਜਾਣ ਵਿੱਚ ਅਹਿਮ ਯੋਗਦਾਨ ਪਾਵੇਗਾ।