ਭਾਜਪਾ-ਅਕਾਲੀ ਗੱਠਜੋੜ ਨਾਲ ਲੋਕ ਹਿੱਤਾਂ ਨੂੰ ਮਿਲੇਗੀ ਨਵੀਂ ਦਿਸ਼ਾ : ਹਰਜੀਤ ਸਿੰਘ ਭਾਜਪਾ-ਅਕਾਲੀ ਗੱਠਜੋੜ ਨਾਲ ਪੰਜਾਬ ਦੇ ਵਿਕਾਸ ਅਤੇ ਲੋਕ ਹਿੱਤਾਂ ਨੂੰ ਮਿਲੇਗੀ ਨਵੀਂ ਦਿਸ਼ਾ : ਹਰਜੀਤ ਸਿੰਘ ਕਾਲਾ
Publish Date: Wed, 25 Nov 2026 05:09 PM (IST)
Updated Date: Thu, 26 Nov 2026 04:05 AM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਆ : ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਹੋਏ ਗੱਠਜੋੜ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਅਹਿਮ ਘਟਨਾਕ੍ਰਮ ਦੱਸਦਿਆਂ ਭਾਜਪਾ ਜ਼ਿਲ੍ਹਾ ਪਠਾਨਕੋਟ ਦੇ ਦੱਖਣੀ ਮੰਡਲ ਦੇ ਉਪ ਪ੍ਰਧਾਨ ਹਰਜੀਤ ਸਿੰਘ ਕਾਲਾ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ ਸੂਬੇ ਦੇ ਵਿਕਾਸ, ਖੁਸ਼ਹਾਲੀ ਅਤੇ ਲੋਕ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਨਵੀਂ ਦਿਸ਼ਾ ਦੇਣ ਵਿੱਚ ਭੂਮਿਕਾ ਨਿਭਾਅ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਅਜਿਹੇ ਸਮੇਂ ਵਿੱਚ ਦੋਵਾਂ ਪਾਰਟੀਆਂ ਦੇ ਸਾਂਝੇ ਯਤਨਾਂ ਦਾ ਕੇਂਦਰ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਣਾ ਚਾਹੀਦਾ ਹੈ। ਉਨ੍ਹਾਂ ਅਨੁਸਾਰ ਕਿਸਾਨੀ ਨੂੰ ਮਜ਼ਬੂਤ ਕਰਨਾ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ, ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦੂਰ ਕਰਨਾ ਅਤੇ ਉਦਯੋਗਾਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਹਰਜੀਤ ਸਿੰਘ ਕਾਲਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੀ ਸਮੱਸਿਆ ਤੋਂ ਮੁਕਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦੇਣ ਲਈ ਠੋਸ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਗੱਠਜੋੜ ਦੀ ਸਫ਼ਲਤਾ ਲੋਕਾਂ ਦੇ ਵਿਸ਼ਵਾਸ ਅਤੇ ਜ਼ਮੀਨੀ ਪੱਧਰ ’ਤੇ ਕੀਤੇ ਜਾਣ ਵਾਲੇ ਕੰਮਾਂ ਨਾਲ ਜੁੜੀ ਹੁੰਦੀ ਹੈ। ਇੱਕ ਉੱਘੇ ਸਮਾਜ ਸੇਵਕ ਵਜੋਂ ਜਾਣੇ ਜਾਂਦੇ ਹਰਜੀਤ ਸਿੰਘ ਕਾਲਾ ਨੇ ਕਿਹਾ ਕਿ ਉਹ ਹਮੇਸ਼ਾ ਲੋਕ ਸੇਵਾ ਅਤੇ ਸਮਾਜ ਦੀ ਭਲਾਈ ਲਈ ਯਤਨਸ਼ੀਲ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਭਾਜਪਾ ਅਤੇ ਅਕਾਲੀ ਦਲ ਪੰਜਾਬ ਦੇ ਹਿੱਤਾਂ ਦੀ ਰਾਖੀ, ਵਿਕਾਸ ਅਤੇ ਲੋਕਾਂ ਦੀਆਂ ਉਮੀਦਾਂ ਨਾਲ ਜੁੜੇ ਮੁੱਦਿਆਂ ਨੂੰ ਆਪਣੀ ਸਾਂਝੀ ਪਹਿਲ ਬਣਾਉਣਗੇ।