ਨਸ਼ਿਆਂ ਦੇ ਖਾਤਮੇ ਲਈਹਰ ਵਰਗ ਹੋਵੇ ਇਕਜੁੱਟ : ਰਾਜਕੁਮਾਰ
ਨਸ਼ਾ ਮੁਕਤ ਸਮਾਜ ਨਾਲ ਦੇਸ਼ ਦੀ ਨੀਂਹ ਪੱਕੀ ਕੀਤੀ ਜਾ ਸਕਦੀ ਹੈ
Publish Date: Sat, 10 Jan 2026 04:43 PM (IST)
Updated Date: Sun, 11 Jan 2026 04:01 AM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ,
ਭੋਆ : ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ ਹਲਕਾ ਭੋਆ ਤੋਂ ਕਾਂਗਰਸੀ ਆਗੂ ਸਤੀਸ਼ ਜੱਟ ਪੰਮਾ ਅਤੇ ਸਾਬਕਾ ਚੇਅਰਮੈਨ ਰਾਜਕੁਮਾਰ ਸਿਹੋੜਾ ਖੁਰਦ ਨੇ ਸਾਂਝੇ ਤੌਰ ’ਤੇ ‘ਪੰਜਾਬੀ ਜਾਗਰਣ’ ਦੀ ਟੀਮ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ੇ ਵਰਗੇ ਕੋਹੜ ਨੂੰ ਜੜ੍ਹ ਤੋਂ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਧਦੀ ਸਮੱਸਿਆ ਅੱਜ ਸਮਾਜ ਲਈ ਇੱਕ ਗੰਭੀਰ ਚੁਣੌਤੀ ਬਣ ਚੁੱਕੀ ਹੈ। ਉਹਨਾਂ ਮੌਜੂਦਾ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਕੂਲਾਂ ਅਤੇ ਪਿੰਡਾਂ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਉਣੇ ਬਹੁਤ ਜ਼ਰੂਰੀ ਹਨ।
ਉਨ੍ਹਾਂ ਕਿਹਾ ਉਹ ਆਪਣੇ ਵੱਲੋਂ ਅਤੇ ਆਪਣੀ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਨਾਲ ਲੈ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਮੁਹਿੰਮਾਂ ਚਲਾ ਰਹੇ ਹਨ ਅਤੇ ਵੱਖ-ਵੱਖ ਥਾਵਾਂ ਅਤੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਬਾਰੇ ਜਾਣਕਾਰੀ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਮਾਜ ਨਸ਼ਾ ਮੁਕਤ ਹੋਵੇਗਾ ਤਾਂ ਹੀ ਸਾਡਾ ਜ਼ਿਲ੍ਹਾ ਸੁਰੱਖਿਅਤ ਰਹੇਗਾ ਅਤੇ ਦੇਸ਼ ਦੀ ਤਰੱਕੀ ਸੰਭਵ ਹੋਵੇਗੀ। ਨਸ਼ਾ ਨਾ ਸਿਰਫ਼ ਇੱਕ ਵਿਅਕਤੀ ਦੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਤਬਾਹੀ ਵੱਲ ਲੈ ਜਾਂਦਾ ਹੈ। ਅਜਿਹੀ ਸਥਿਤੀ ਵਿੱਚ, ਸਮੇਂ ਸਿਰ ਇਸ ’ਤੇ ਕਾਬੂ ਪਾਉਣਾ ਬਹੁਤ ਜ਼ਰੂਰੀ ਹੈ। ਸਤੀਸ਼ ਜੱਟ ਪੰਮਾ ਅਤੇ ਰਾਜਕੁਮਾਰ ਵੱਲੋਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ’ਤੇ ਨਜ਼ਰ ਰੱਖਣ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦਿਖਾਉਣ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਦੇਸ਼ ਦਾ ਭਵਿੱਖ ਹੈ ਅਤੇ ਜੇਕਰ ਇਹ ਪੀੜ੍ਹੀ ਨਸ਼ਿਆਂ ਦੀ ਲਪੇਟ ਵਿੱਚ ਆ ਜਾਂਦੀ ਹੈ ਤਾਂ ਇਸ ਦੇ ਨਤੀਜੇ ਸਿਰਫ਼ ਸਾਨੂੰ ਹੀ ਨਹੀਂ ਸਗੋਂ ਪੂਰੇ ਸਮਾਜ ਨੂੰ ਭੁਗਤਣੇ ਪੈਣਗੇ। ਅੰਤ ਵਿੱਚ, ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਮੁਹਿੰਮ ਨੂੰ ਸਫਲ ਬਣਾਉਣ ਲਈ ਸਰਕਾਰ, ਸਮਾਜਿਕ ਸੰਗਠਨਾਂ ਅਤੇ ਆਮ ਲੋਕਾਂ ਨਾਲ ਮਿਲ ਕੇ ਕੰਮ ਕਰਨਾ ਪਵੇਗਾ, ਤਾਂ ਹੀ ਇੱਕ ਸਿਹਤਮੰਦ, ਸੁਰੱਖਿਅਤ ਅਤੇ ਮਜ਼ਬੂਤ ਸਮਾਜ ਦਾ ਨਿਰਮਾਣ ਕੀਤਾ ਜਾ ਸਕਦਾ ਹੈ।