ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ
Publish Date: Sat, 28 Nov 2026 04:17 PM (IST)
Updated Date: Sat, 28 Nov 2026 04:19 PM (IST)
ਆਰ.ਸਿੰਘ, ਪੰਜਾਬੀ ਜਾਗਰਣ ਪਠਾਨਕੋਟ : ਸ਼ਹੀਦ ਅਰੁਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੋਹ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ, ਧਾਰਮਿਕ ਆਜ਼ਾਦੀ ਦੀ ਰਾਖੀ ਲਈ ਦਿੱਤੀ ਲਾਸਾਨੀ ਕੁਰਬਾਨੀ ਅਤੇ ਮਨੁੱਖਤਾ ਦੀ ਭਲਾਈ ਲਈ ਦਰਸਾਏ ਮਾਰਗ ਤੋਂ ਜਾਣੂ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਪ੍ਰਿੰਸੀਪਲ ਬਲਵਿੰਦਰ ਕੁਮਾਰ ਨੇ ਕੀਤੀ। ਇਸ ਮੌਕੇ ਭਾਈ ਅਮਰੀਕ ਸਿੰਘ, ਸੁੱਚਾ ਸਿੰਘ ਅਤੇ ਲੈਕਚਰਾਰ ਸਿਧਾਰਥ ਚੰਦਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਸਮਾਗਮ ਦੌਰਾਨ ਵਿਦਿਆਰਥੀਆਂ ਦੇ ਭਾਸ਼ਣ, ਲੇਖ-ਲਿਖਣ, ਚਿੱਤਰਕਾਰੀ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਰਾਹੀਂ ਬੱਚਿਆਂ ਨੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਮਹਾਨ ਸ਼ਹਾਦਤ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਦੇ ਨਾਲ ਹੀ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਵਿੱਚ ਵਿਸ਼ੇਸ਼ ਚਿੱਤਰ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਵਿੱਚ ਗੁਰੂ ਸਾਹਿਬ ਦੇ ਜਨਮ ਤੋਂ ਲੈ ਕੇ ਉਨ੍ਹਾਂ ਦੀ ਸ਼ਹਾਦਤ ਤੱਕ ਦੇ ਜੀਵਨ ਨਾਲ ਸਬੰਧਤ ਮਹੱਤਵਪੂਰਨ ਘਟਨਾਵਾਂ ਨੂੰ ਤਸਵੀਰਾਂ ਰਾਹੀਂ ਦਰਸਾਇਆ ਗਿਆ, ਜਿਸ ਨਾਲ ਵਿਦਿਆਰਥੀਆਂ ਨੂੰ ਇਤਿਹਾਸਕ ਜਾਣਕਾਰੀ ਪ੍ਰਾਪਤ ਹੋਈ। ਇਸ ਮੌਕੇ ਭਾਈ ਅਮਰੀਕ ਸਿੰਘ ਜੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਦੇਸ਼, ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ। ਉਨ੍ਹਾਂ ਦੀ ਸ਼ਹਾਦਤ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ ਅਤੇ ਇਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸੁੱਚਾ ਸਿੰਘ ਜੀ ਨੇ ਵੀ ਗੁਰੂ ਸਾਹਿਬ ਦੀ ਮਹਾਨ ਕੁਰਬਾਨੀ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਸੰਦੇਸ਼ ਦਿੱਤਾ। ਪ੍ਰਿੰਸੀਪਲ ਬਲਵਿੰਦਰ ਕੁਮਾਰ ਨੇ ਸਮਾਗਮ ਵਿੱਚ ਸ਼ਾਮਲ ਹੋਏ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਸੱਚ, ਨਿਮਰਤਾ, ਸਹਿਣਸ਼ੀਲਤਾ ਅਤੇ ਮਨੁੱਖਤਾ ਦੀ ਸੇਵਾ ਦੇ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਪੰਕਜ ਦੱਤਾ, ਰੰਜਨਾ ਦੇਵੀ, ਰਾਖੀ ਪਾਂਧੀ, ਪਰਮਿੰਦਰ ਜੀਤ ਕੌਰ, ਜਸਦੀਪ ਤਿਵਾੜੀ, ਰੂਬੀ ਸ਼ਰਮਾ, ਤ੍ਰਿਸ਼ਲਾ ਦੇਵੀ, ਅਨਿਲ ਜੀਤ, ਵਿਕਰਮ ਸ਼ਰਮਾ, ਪੁਸ਼ਪਿੰਦਰ ਸਿੰਘ ਅਤੇ ਅਨਿਲ ਕੁਮਾਰ ਸਮੇਤ ਸਕੂਲ ਦਾ ਸਟਾਫ਼ ਹਾਜ਼ਰ ਸਨ।