- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਤੇ ਅਕਾਲੀ ਦਲ ਦਾ ਮੁੜ ਇਕੱਠੇ ਹੋਣਾ ਪੰਜਾਬ ਦੀ ਸਿਆਸਤ ਵਿੱਚ ਨਵੀਂ ਉਮੀਦ ਦਾ ਪ੍ਰਤੀਕ : ਅਸ਼ਵਨੀ ਸ਼ਰਮਾ

ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਮੁੜ ਹੋਏ ਸਿਆਸੀ ਗੱਠਜੋੜ ਨੂੰ ਪੰਜਾਬ ਦੀ ਸਿਆਸਤ ਵਿੱਚ ਅਹਿਮ ਘਟਨਾਕ੍ਰਮ ਕਰਾਰ ਦਿੰਦਿਆਂ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਇਸ ਦਾ ਨਿੱਘਾ ਸਵਾਗਤ ਕੀਤਾ ਹੈ। ਦੋਵਾਂ ਪਾਰਟੀਆਂ ਦਾ ਮੁੜ ਇਕ ਮੰਚ ’ਤੇ ਆਉਣਾ ਪੰਜਾਬ ਦੀ ਅਮਨ-ਸ਼ਾਂਤੀ, ਸਮਾਜਿਕ ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਸੂਬੇ ਨੂੰ ਅਜਿਹੀ ਸਿਆਸੀ ਸਾਂਝ ਦੀ ਲੋੜ ਹੈ, ਜੋ ਲੋਕਾਂ ਵਿੱਚ ਭਰੋਸਾ ਪੈਦਾ ਕਰਨ ਦੇ ਨਾਲ-ਨਾਲ ਤਰੱਕੀ ਤੇ ਖ਼ੁਸ਼ਹਾਲੀ ਦੇ ਨਵੇਂ ਰਾਹ ਖੋਲ੍ਹ ਸਕੇ। ਉਨ੍ਹਾਂ ਅਨੁਸਾਰ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਇਕੱਠੇ ਹੋਣਾ ਪੰਜਾਬ ਦੇ ਲੋਕਾਂ ਲਈ ਸੁਨਹਿਰੀ ਭਵਿੱਖ ਦੀ ਨਵੀਂ ਆਸ ਲੈ ਕੇ ਆਇਆ ਹੈ। ਸ਼ਰਮਾ ਨੇ ਕਿਹਾ ਕਿ ਪੰਜਾਬ ਇਸ ਸਮੇਂ ਪ੍ਰਸ਼ਾਸਨਿਕ, ਆਰਥਿਕ ਤੇ ਸਮਾਜਿਕ ਪੱਧਰ ’ਤੇ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ ਹਾਲਾਤ ’ਚ ਦੋਵਾਂ ਪਾਰਟੀਆਂ ਦੀ ਸਾਂਝ ਸੂਬੇ ਨੂੰ ਮੌਜੂਦਾ ਸੰਕਟ ਵਿੱਚੋਂ ਬਾਹਰ ਕੱਢਣ ਤੇ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਪੰਜਾਬ ਦੀ ਪਛਾਣ ਹਮੇਸ਼ਾ ਆਪਸੀ ਪਿਆਰ, ਸਾਂਝੀਵਾਲਤਾ ਅਤੇ ਭਾਈਚਾਰਕ ਏਕਤਾ ਰਹੀ ਹੈ। ਇਸ ਇਤਿਹਾਸਕ ਸਾਂਝ ਨਾਲ ਇਨ੍ਹਾਂ ਕਦਰਾਂ-ਕੀਮਤਾਂ ਨੂੰ ਹੋਰ ਬਲ ਮਿਲੇਗਾ। ਉਨ੍ਹਾਂ ਇਸ ਗੱਠਜੋੜ ਦਾ ਦਿਲੋਂ ਸਵਾਗਤ ਕਰਦਿਆਂ ਪੰਜਾਬ ਦੇ ਸ਼ਾਂਤਮਈ, ਖੁਸ਼ਹਾਲ ਤੇ ਵਿਕਾਸਮੁਖੀ ਭਵਿੱਖ ਦੀ ਕਾਮਨਾ ਕੀਤੀ।