- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
150 ਏਕੜ ਸ਼ਾਮਲਾਤ ਜ਼ਮੀਨ ਮਾਈਨਿੰਗ ਮਾਫੀਆ ਨੂੰ ਦੇਣ ਦੇ ਮਾਮਲੇ ’ਚ ਤਿੰਨ ਮੰਤਰੀਆਂ ਨੂੰ ਬਰਖ਼ਾਸਤ ਕੀਤਾ ਜਾਵੇ : ਸੁਰੇਸ਼ ਸ਼ਰਮਾ

ਰਮਨਦੀਪ ਘਿਆਲਾ, ਪੰਜਾਬੀ ਜਾਗਰਣ, ਪਠਾਨਕੋਟ : ਪਿੰਡ ਸਿਓਂਟੀ ਵਿਖੇ ਕਰੀਬ 150 ਏਕੜ ਸਾਂਝੀ ਸ਼ਾਮਲਾਤ ਜ਼ਮੀਨ ਨੂੰ ਮਾਈਨਿੰਗ ਦੇ ਮਕਸਦ ਲਈ ਠੇਕੇਦਾਰਾਂ ਦੇ ਹਵਾਲੇ ਕਰਨ ਦੇ ਮਾਮਲੇ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਸਬੰਧਤ ਤਿੰਨ ਮੰਤਰੀਆਂ ਨੂੰ ਤੁਰੰਤ ਅਹੁਦਿਆਂ ਤੋਂ ਬਰਖ਼ਾਸਤ ਕਰਨ ਤੇ ਪੂਰੇ ਮਾਮਲੇ ਦੀ ਸੀਬੀਆਈ ਤੋਂ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਸੁਰੇਸ਼ ਸ਼ਰਮਾ ਨੇ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਵੱਲੋਂ ਦਸਤਾਵੇਜ਼ਾਂ ਸਮੇਤ ਕੀਤੇ ਗਏ ਖੁਲਾਸਿਆਂ ਦੀ ਹਮਾਇਤ ਕਰਦਿਆਂ ਕਿਹਾ ਕਿ ਨਰੋਟ ਜੈਮਲ ਸਿੰਘ ਬਲਾਕ ਦੇ ਪਿੰਡ ਸਿਓਂਟੀ ’ਚ ਪੰਚਾਇਤੀ ਨਿਯਮਾਂ ਦੀ ਉਲੰਘਣਾ ਕਰਕੇ ਸ਼ਾਮਲਾਤ ਜ਼ਮੀਨ ਸਬੰਧੀ ਫ਼ੈਸਲੇ ਕੀਤੇ ਜਾਣ ਦੇ ਦੋਸ਼ ਗੰਭੀਰ ਹਨ। ਉਨ੍ਹਾਂ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਲੇਜ ਕਾਮਨ ਲੈਂਡਜ਼ ਐਕਟ ਤਹਿਤ ਲਾਜ਼ਮੀ ਜਨਤਕ ਬੋਲੀ ਦੀ ਪ੍ਰਕਿਰਿਆ ਨੂੰ ਅਣਡਿੱਠ ਕਰਕੇ ਚਹੇਤੇ ਠੇਕੇਦਾਰਾਂ ਨੂੰ ਲੈਟਰ ਆਫ਼ ਇੰਟੈਂਟ ਜਾਰੀ ਕੀਤੇ ਹਨ। ਇਸ ਨਾਲ ਪੰਚਾਇਤਾਂ ਦੀ ਆਮਦਨ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਹੈ। ਸ਼ਰਮਾ ਨੇ ਕਿਹਾ ਕਿ ਰਾਵੀ ਦਰਿਆ ਅਤੇ ਕੌਮਾਂਤਰੀ ਸਰਹੱਦ ਦੇ ਨੇੜਲੇ ਸੰਵੇਦਨਸ਼ੀਲ ਖੇਤਰ ਵਿੱਚ ਬੇਰੋਕ ਮਾਈਨਿੰਗ ਨਾਲ ਵਾਤਾਵਰਨ ਦੇ ਨਾਲ-ਨਾਲ ਸਰਹੱਦੀ ਸੁਰੱਖਿਆ ਬੰਨ੍ਹਾਂ ਨੂੰ ਵੀ ਖ਼ਤਰਾ ਪੈਦਾ ਹੋ ਸਕਦਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਜਾਂਚ ਅਤੇ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹਾ ਨਾ ਹੋਣ ’ਤੇ ਭਾਜਪਾ ਵੱਲੋਂ ਲੋਕਾਂ ਦੇ ਹੱਕਾਂ ਲਈ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।