ਹਾਈਡਲ ਨਹਿਰ ਨੇੜੇ ਦਰਦਨਾਕ ਸੜਕ ਹਾਦਸਾ, ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਦੋ ਵਿਅਕਤੀਆਂ ਦੀ ਮੌਤ; ਡਰਾਈਵਰ ਮੌਕੇ ਤੋਂ ਫ਼ਰਾਰ ਹਾਈਡਲ ਨਹਿਰ ਨੇੜੇ ਟਾਟਾ ਮੋਟਰਜ਼ ਵਰਕਸ਼ਾਪ ਦੇ ਸਾਹਮਣੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਮੁਕੇਸ਼ ਕੁਮਾਰ (33) ਅਤੇ ਪਿੰਕਲ ਗੁਪਤਾ (52), ਵਾਸੀ ਪਿੰਡ ਰਾਏਪੁਰ ਕਥਲੌਰ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਅਣਪਛਾਤਾ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸੁਜਾਨਪੁਰ ਥਾਣੇ ਦੀ ਪੁਲਿਸ ਨੇ ਮ੍ਰਿਤਕ ਮੁਕੇਸ਼ ਕੁਮਾਰ ਦੇ ਪਿਤਾ ਤਰਸੇਮ ਲਾਲ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Publish Date: Wed, 14 Oct 2026 02:29 PM (IST)
Updated Date: Wed, 14 Oct 2026 02:31 PM (IST)
ਆਰ.ਸਿੰਘ, ਪੰਜਾਬੀ ਜਾਗਰਣ, ਸੁਜਾਨਪੁਰ/ਪਠਾਨਕੋਟ : ਹਾਈਡਲ ਨਹਿਰ ਨੇੜੇ ਟਾਟਾ ਮੋਟਰਜ਼ ਵਰਕਸ਼ਾਪ ਦੇ ਸਾਹਮਣੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਮੁਕੇਸ਼ ਕੁਮਾਰ (33) ਅਤੇ ਪਿੰਕਲ ਗੁਪਤਾ (52), ਵਾਸੀ ਪਿੰਡ ਰਾਏਪੁਰ ਕਥਲੌਰ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਅਣਪਛਾਤਾ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸੁਜਾਨਪੁਰ ਥਾਣੇ ਦੀ ਪੁਲਿਸ ਨੇ ਮ੍ਰਿਤਕ ਮੁਕੇਸ਼ ਕੁਮਾਰ ਦੇ ਪਿਤਾ ਤਰਸੇਮ ਲਾਲ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿੱਚ ਤਰਸੇਮ ਲਾਲ ਨੇ ਦੱਸਿਆ ਕਿ ਉਸ ਦਾ ਵੱਡਾ ਪੁੱਤਰ ਮੁਕੇਸ਼ ਕੁਮਾਰ ਪਠਾਨਕੋਟ ਦੀ ਸਬਜ਼ੀ ਮੰਡੀ ਵਿੱਚ ਫਲਾਂ ਦੀ ਫੜ੍ਹੀ ਲਗਾਉਂਦਾ ਸੀ। ਉਹ ਸਵੇਰੇ ਕਰੀਬ 4 ਵਜੇ ਆਪਣੇ ਗੁਆਂਢੀ ਪਿੰਕਲ ਗੁਪਤਾ ਦੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਠਾਨਕੋਟ ਲਈ ਰਵਾਨਾ ਹੋਇਆ ਸੀ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਫ਼ੋਨ ਰਾਹੀਂ ਸੂਚਨਾ ਮਿਲੀ ਕਿ ਉਨ੍ਹਾਂ ਦੇ ਪੁੱਤਰ ਮੁਕੇਸ਼ ਕੁਮਾਰ ਦਾ ਹਾਈਡਲ ਨਹਿਰ ਨੇੜੇ ਟਾਟਾ ਮੋਟਰਜ਼ ਵਰਕਸ਼ਾਪ ਦੇ ਸਾਹਮਣੇ ਸੜਕ ਹਾਦਸਾ ਹੋ ਗਿਆ ਹੈ। ਸੂਚਨਾ ਮਿਲਣ ’ਤੇ ਉਹ ਤਨਿਸ਼ ਗੁਪਤਾ ਸਮੇਤ ਹੋਰ ਰਿਸ਼ਤੇਦਾਰਾਂ ਨੂੰ ਨਾਲ ਲੈ ਕੇ ਮੌਕੇ ’ਤੇ ਪਹੁੰਚੇ ਤਾਂ ਮੁਕੇਸ਼ ਕੁਮਾਰ ਅਤੇ ਪਿੰਕਲ ਗੁਪਤਾ ਦੀਆਂ ਲਾਸ਼ਾਂ ਸੜਕ ’ਤੇ ਪਈਆਂ ਸਨ ਅਤੇ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਨੁਕਸਾਨਿਆ ਹੋਇਆ ਸੀ।
ਤਰਸੇਮ ਲਾਲ ਨੇ ਦੋਸ਼ ਲਾਇਆ ਕਿ ਕਿਸੇ ਅਣਪਛਾਤੇ ਵਾਹਨ ਦੇ ਚਾਲਕ ਨੇ ਆਪਣਾ ਵਾਹਨ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾਉਂਦਿਆਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਵਾਹਨ ਚਾਲਕ ਆਪਣੇ ਵਾਹਨ ਸਮੇਤ ਫ਼ਰਾਰ ਹੋ ਗਿਆ।
ਘਟਨਾ ਦੀ ਸੂਚਨਾ ਮਿਲਣ ’ਤੇ 112 ਹੈਲਪਲਾਈਨ ਦੀ ਗੱਡੀ ਮੌਕੇ ’ਤੇ ਪਹੁੰਚੀ ਅਤੇ ਉਸ ਦੀ ਮਦਦ ਨਾਲ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਸਿਵਲ ਹਸਪਤਾਲ ਪਹੁੰਚਾਈਆਂ ਗਈਆਂ। ਪੁਲਿਸ ਵੱਲੋਂ ਦੋਵਾਂ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ।