ਆਦਰਸ਼ ਮਾਡਲ ਸਕੂਲ ਵਿਖੇ ਦੋ ਰੋਜ਼ਾ ਖੇਡ ਮੁਕਾਬਲੇ ਕਰਵਾਏ ਆਦਰਸ਼ ਮਾਡਲ ਸਕੂਲ ਵਿਖੇ ਦੋ ਰੋਜ਼ਾ ਖੇਡ ਮੁਕਾਬਲੇ ਕਰਵਾਏ
Publish Date: Sat, 21 Nov 2026 05:52 PM (IST)
Updated Date: Sat, 21 Nov 2026 05:55 PM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਆ : ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਤੇ ਉਨ੍ਹਾਂ ਵਿੱਚ ਖੇਡ ਭਾਵਨਾ ਪੈਦਾ ਕਰਨ ਦੇ ਮੰਤਵ ਨਾਲ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਰੋਟ ਮੇਹਰਾ ਵਿਖੇ ਮੇਰਾ ਯੁਵਾ ਭਾਰਤ, ਗੁਰਦਾਸਪੁਰ-ਪਠਾਨਕੋਟ ਵੱਲੋਂ ਦੋ ਰੋਜ਼ਾ ਕਲੱਸਟਰ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ। ਭਾਰਤ ਸਰਕਾਰ ਦੇ ਯੁਵਾ ਪ੍ਰੋਗਰਾਮ ਅਤੇ ਖੇਡ ਮੰਤਰਾਲੇ ਅਧੀਨ ਜ਼ਿਲ੍ਹਾ ਯੁਵਾ ਅਧਿਕਾਰੀ ਸੰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ, ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਖੇਤਰਾਂ ਤੋਂ ਪਹੁੰਚੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਖੇਡ ਮੁਕਾਬਲਿਆਂ ਦੇ ਪਹਿਲੇ ਦਿਨ ਭਾਜਪਾ ਆਗੂ ਮੋਹਨ ਲਾਲ ਸਿਆਮਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀਂ, ਸਗੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਰਾਹੀਂ ਬੱਚਿਆਂ ਵਿੱਚ ਅਨੁਸ਼ਾਸਨ, ਆਤਮਵਿਸ਼ਵਾਸ ਅਗਵਾਈ ਕਰਨ ਦੀ ਸਮਰੱਥਾ ਅਤੇ ਟੀਮ ਭਾਵਨਾ ਦਾ ਵਿਕਾਸ ਹੁੰਦਾ ਹੈ। ਦੂਜੇ ਦਿਨ ਭਾਰਤ ਵਿਕਾਸ ਪਰਿਸ਼ਦ ਵਿਕਾਸ ਸੰਸਥਾ ਦੇ ਪ੍ਰਧਾਨ ਨਰਿੰਦਰ ਨਿੰਦੀ ਅਤੇ ਚੇਅਰਮੈਨ ਨਿਰਮਲਜੀਤ ਕੌਰ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਗੋਲਡੀ ਸਰਨਾ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਕੂਲ ਪ੍ਰਬੰਧਕਾਂ ਵੱਲੋਂ ਸਮੂਹ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ। ਇਸ ਦੌਰਾਨ ਖੋ-ਖੋ, ਰੱਸਾਕਸ਼ੀ, ਕੋਕਲਾ ਛਪਾਕੀ ਅਤੇ ਹੋਰ ਰਵਾਇਤੀ ਤੇ ਮਨੋਰੰਜਕ ਖੇਡਾਂ ਦੇ ਮੁਕਾਬਲੇ ਕਰਵਾਏ ਗਏ। ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਖੇਡ ਭਾਵਨਾ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਮਹਿਮਾਨਾਂ ਨੇ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਸ਼ਕਤੀ ਨੂੰ ਸਹੀ ਦਿਸ਼ਾ ਦੇਣ ਵਿੱਚ ਸਹਾਈ ਹੁੰਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ।