- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਠਾਨਕੋਟ ’ਚ ਨਸ਼ੇ ’ਚ ਧੁੱਤ ਦੋ ਨੌਜਵਾਨਾਂ ਦੀ ਵੀਡੀਓ ਵਾਇਰਲ

ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਪਠਾਨਕੋਟ ਦੇ ਦੌਲਤਪੁਰ ਢਾਕੀ ਇਲਾਕੇ ਦੀ ਦੱਸੀ ਜਾ ਰਹੀ ਦੋ ਨੌਜਵਾਨਾਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਮੁੜ ਚਰਚਾ ਛਿੜ ਗਈ ਹੈ। ਕਰੀਬ 54 ਸਕਿੰਟ ਦੀ ਵਾਇਰਲ ਵੀਡੀਓ ’ਚ ਦੋ ਨੌਜਵਾਨ ਇੱਕ ਖਾਲੀ ਪਲਾਟ ’ਚ ਝਾੜੀਆਂ ਨੇੜੇ ਕੰਧ ਨਾਲ ਬੇਸੁੱਧ ਹਾਲਤ ’ਚ ਡਿੱਗੇ ਦਿਖਾਈ ਦੇ ਰਹੇ ਹਨ। ਦੋਵਾਂ ਦੇ ਸਰੀਰ ’ਚ ਕੋਈ ਖਾਸ ਹਰਕਤ ਨਜ਼ਰ ਨਹੀਂ ਆ ਰਹੀ, ਜਦਕਿ ਇੱਕ ਨੌਜਵਾਨ ਦੀ ਉਂਗਲ ਹਿੱਲਦੀ ਦਿਖਾਈ ਦਿੰਦੀ ਹੈ। ਵੀਡੀਓ ’ਚ ਇੱਕ ਨੌਜਵਾਨ ਦੀ ਜੇਬ ’ਚ ਪਏ ਮੋਬਾਈਲ ਦੀ ਘੰਟੀ ਵੱਜਣ ਦੀ ਆਵਾਜ਼ ਵੀ ਸੁਣਾਈ ਦਿੰਦੀ ਹੈ।
ਵਾਇਰਲ ਵੀਡੀਓ ਨੂੰ ਲੈ ਕੇ ਪਠਾਨਕੋਟ ਦੇ ਵਿਧਾਇਕ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪਠਾਨਕੋਟ ਪਹਿਲਾਂ ਸ਼ਾਂਤੀ, ਭਾਈਚਾਰੇ ਅਤੇ ਅਮਨ-ਚੈਨ ਲਈ ਜਾਣਿਆ ਜਾਂਦਾ ਸੀ, ਪਰ ਹੁਣ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਰਹੀ ਹੈ।
ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਾ ਗਲੀਆਂ-ਮੁਹੱਲਿਆਂ ਤੱਕ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਵੱਡੇ ਦਾਅਵੇ ਕੀਤੇ ਗਏ ਸਨ, ਪਰ ਜ਼ਮੀਨੀ ਪੱਧਰ ’ਤੇ ਹਾਲਾਤ ਸੁਧਰਨ ਦੀ ਬਜਾਏ ਚਿੰਤਾਜਨਕ ਬਣਦੇ ਜਾ ਰਹੇ ਹਨ। ਉਨ੍ਹਾਂ ਸਰਕਾਰ ਅਤੇ ਪੁਲਿਸ-ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਨਸ਼ਿਆਂ ਦੀ ਵਿਕਰੀ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਉਣ ਦੀ ਲੋੜ ਹੈ।
ਉਧਰ, ਵਾਇਰਲ ਵੀਡੀਓ ਸਬੰਧੀ ਪੁਲਿਸ ਦਾ ਪੱਖ ਜਾਣਨ ਲਈ ਐੱਸਪੀ ਜਗਦੀਸ਼ ਅੱਤਰੀ ਨਾਲ ਫੋਨ ’ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਫੋਨ ਨਹੀਂ ਚੁੱਕਿਆ। ਵੀਡੀਓ ਦੀ ਅਸਲ ਸਥਿਤੀ ਅਤੇ ਇਸ ’ਚ ਦਿਖਾਈ ਦੇ ਰਹੇ ਨੌਜਵਾਨਾਂ ਸਬੰਧੀ ਪੁਲਿਸ ਵੱਲੋਂ ਅਧਿਕਾਰਤ ਤੌਰ ’ਤੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ।