- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮ੍ਰਿਤਕਾ ਦੀ ਪਛਾਣ ਪ੍ਰਮਿਲਾ ਦੇਵੀ (40), ਪਤਨੀ ਰਾਜਕੁਮਾਰ, ਵਾਸੀ ਰਾਏਪੁਰ ਕਥਲੌਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪ੍ਰਮਿਲਾ ਦੇਵੀ ਆਪਣੀਆਂ ਦੋ ਧੀਆਂ ਨਾਲ ਸਕੂਟੀ 'ਤੇ ਸਵਾਰ ਹੋ ਕੇ ਜਾ ਰਹੀ ਸੀ। ਇਸ ਦੌਰਾਨ ਪਿੱਛੋਂ ਆਏ ਇੱਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਸਕੂਟੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ – ਪਠਾਨਕੋਟ ਜ਼ਿਲ੍ਹੇ ਦੇ ਭੋਆ ਹਲਕੇ ਅਧੀਨ ਨਰੋਟ ਜੈਮਲ ਸਿੰਘ ਮੁੱਖ ਮਾਰਗ 'ਤੇ ਪਿੰਡ ਬਹਾਦਰਪੁਰ ਨੇੜੇ ਸ਼ੁੱਕਰਵਾਰ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੀਆਂ ਦੋ ਧੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਹਾਦਸੇ ਤੋਂ ਬਾਅਦ ਗੁੱਸੇ 'ਚ ਆਏ ਇਲਾਕਾ ਵਾਸੀਆਂ ਨੇ ਸੜਕ 'ਤੇ ਚੱਕਾ ਜਾਮ ਕਰਕੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟਾਇਆ।
ਮ੍ਰਿਤਕਾ ਦੀ ਪਛਾਣ ਪ੍ਰਮਿਲਾ ਦੇਵੀ (40), ਪਤਨੀ ਰਾਜਕੁਮਾਰ, ਵਾਸੀ ਰਾਏਪੁਰ ਕਥਲੌਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪ੍ਰਮਿਲਾ ਦੇਵੀ ਆਪਣੀਆਂ ਦੋ ਧੀਆਂ ਨਾਲ ਸਕੂਟੀ 'ਤੇ ਸਵਾਰ ਹੋ ਕੇ ਜਾ ਰਹੀ ਸੀ। ਇਸ ਦੌਰਾਨ ਪਿੱਛੋਂ ਆਏ ਇੱਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਸਕੂਟੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਪ੍ਰਮਿਲਾ ਦੇਵੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋਵੇਂ ਧੀਆਂ ਗੰਭੀਰ ਜ਼ਖ਼ਮੀ ਹੋ ਗਈਆਂ। ਸਥਾਨਕ ਲੋਕਾਂ ਨੇ ਤੁਰੰਤ ਐਂਬੂਲੈਂਸ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।
ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਨਰੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਫ਼ਰਾਰ ਵਾਹਨ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।
ਹਾਦਸੇ ਤੋਂ ਬਾਅਦ ਪਿੰਡ ਵਾਸੀਆਂ ਨੇ ਮੁੱਖ ਸੜਕ 'ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਸੀ ਕਿ ਇਸ ਮਾਰਗ 'ਤੇ ਸਟੋਨ ਕਰੈਸ਼ਰਾਂ ਨਾਲ ਸਬੰਧਤ ਓਵਰਲੋਡ ਅਤੇ ਤੇਜ਼ ਰਫ਼ਤਾਰ ਡੰਪਰਾਂ ਤੇ ਟਰੱਕਾਂ ਦੀ ਆਵਾਜਾਈ ਕਾਰਨ ਅਕਸਰ ਹਾਦਸੇ ਵਾਪਰਦੇ ਹਨ, ਪਰ ਪ੍ਰਸ਼ਾਸਨ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾਂਦੀ। ਉਨ੍ਹਾਂ ਨੇ ਓਵਰਲੋਡ ਅਤੇ ਬੇਕਾਬੂ ਰਫ਼ਤਾਰ ਵਾਲੇ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਸੜਕ ਸੁਰੱਖਿਆ ਦੇ ਪ੍ਰਬੰਧ ਕਰਨ ਦੀ ਮੰਗ ਕੀਤੀ।
ਪੁਲਿਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਦੋਸ਼ੀ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਭਰੋਸੇ ਤੋਂ ਬਾਅਦ ਧਰਨਾਕਾਰੀਆਂ ਨੇ ਚੱਕਾ ਜਾਮ ਖੋਲ੍ਹ ਦਿੱਤਾ।