- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਤਾਪ ਵਰਲਡ ਸਕੂਲ ਵਿਖੇ ਫਾਊਂਡਰਜ਼ ਡੇ ਮੌਕੇ ਨੰਨ੍ਹੇ ਵਿਦਿਆਰਥੀਆਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਬੰਨ੍ਹਿਆ ਰੰਗ

ਆਰ.ਸਿੰਘ, ਪੰਜਾਬੀ ਜਾਗਰਣ
ਪਠਾਨਕੋਟ : ਪ੍ਰਤਾਪ ਵਰਲਡ ਸਕੂਲ ਅਤੇ ਪੀਡਬਲਯੂਐੱਸ ਅਰਲੀ ਈਅਰਜ਼ ਪਠਾਨਕੋਟ ਵਿਖੇ ਫਾਊਂਡਰਜ਼ ਡੇ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ ਤੀਜੀ ਜਮਾਤ ਤੱਕ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ, ਨਾਚ ਅਤੇ ਸੰਗੀਤ ਰਾਹੀਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦਾ ਮਨ ਮੋਹ ਲਿਆ। ਸਮਾਗਮ ਵਿੱਚ ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਦੇ ਮੁੱਖ ਇੰਜੀਨੀਅਰ (ਡੈਮਜ਼) ਵਿਜੇ ਕੁਮਾਰ ਗਰਗ ਨੇ ਮੁੱਖ ਮਹਿਮਾਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪਠਾਨਕੋਟ ਕਮਲਦੀਪ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਬੱਚਿਆਂ ਨੇ ਭਾਰਤੀ ਸੱਭਿਆਚਾਰ ਅਤੇ ਵਿਰਾਸਤ ਨੂੰ ਦਰਸਾਉਂਦੀਆਂ ਪੇਸ਼ਕਾਰੀਆਂ ਨਾਲ ਸਮਾਗਮ ਨੂੰ ਯਾਦਗਾਰੀ ਬਣਾਇਆ। ਉਨ੍ਹਾਂ ਦੇ ਆਤਮ-ਵਿਸ਼ਵਾਸ ਅਤੇ ਮੰਚੀ ਕਲਾ ਦੀ ਹਾਜ਼ਰ ਮਹਿਮਾਨਾਂ ਅਤੇ ਮਾਪਿਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਸੰਸਥਾ ਵੱਲੋਂ 15 ਸਾਲਾਂ ਤੋਂ ਵੱਧ ਸਮੇਂ ਤੋਂ ਸਕੂਲ ਅਤੇ ਪ੍ਰਤਾਪ ਗਰੁੱਪ ਨਾਲ ਜੁੜੇ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ, ਸਮਰਪਣ ਅਤੇ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਡਾਇਰੈਕਟਰ ਸੰਨੀ ਮਹਾਜਨ ਨੇ ਬੱਚਿਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਅੰਦਰ ਆਤਮ-ਵਿਸ਼ਵਾਸ, ਸਿਰਜਣਾਤਮਕਤਾ, ਸੰਚਾਰ ਕਲਾ ਅਤੇ ਟੀਮ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰਿੰਸੀਪਲ ਸੁਭਰਾ ਰਾਣੀ ਨੇ ਸਮਾਗਮ ਦੀ ਸਫ਼ਲਤਾ ਲਈ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੱਚਿਆਂ ਦਾ ਸਰਵਪੱਖੀ ਵਿਕਾਸ ਕਰਨਾ ਸੰਸਥਾ ਦੀ ਮੁੱਖ ਤਰਜੀਹ ਹੈ। ਮੁੱਖ ਮਹਿਮਾਨ ਵਿਜੇ ਕੁਮਾਰ ਗਰਗ ਨੇ ਬੱਚਿਆਂ ਦੀ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਨੈਤਿਕ ਕਦਰਾਂ-ਕੀਮਤਾਂ ’ਤੇ ਆਧਾਰਿਤ ਸਿੱਖਿਆ ਬੱਚਿਆਂ ਦੇ ਉੱਜਵਲ ਭਵਿੱਖ ਦੀ ਨੀਂਹ ਹੈ। ਵਿਸ਼ੇਸ਼ ਮਹਿਮਾਨ ਕਮਲਦੀਪ ਕੌਰ ਨੇ ਵੀ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੱਭਿਆਚਾਰਕ ਗਤੀਵਿਧੀਆਂ ਬੱਚਿਆਂ ਦੀ ਸ਼ਖ਼ਸੀਅਤ ਨਿਖਾਰਨ ਵਿੱਚ ਸਹਾਈ ਹੁੰਦੀਆਂ ਹਨ। ਸਮਾਗਮ ਖੁਸ਼ੀ ਅਤੇ ਉਤਸ਼ਾਹ ਦੇ ਮਾਹੌਲ ਵਿੱਚ ਸੰਪੰਨ ਹੋਇਆ।