- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮ੍ਰਿਤਕ ਦੀ ਪਤਨੀ ਸਮੀਖਿਆ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ 2024 ਵਿੱਚ ਗੁਲਸ਼ਨ ਕੁਮਾਰ ਨਾਲ ਸ਼ਾਦੀ ਹੋਈ ਸੀ ਅਤੇ ਉਨ੍ਹਾਂ ਦਾ ਡੇਢ ਸਾਲ ਦਾ ਪੁੱਤਰ ਹੈ। ਵੀਰਵਾਰ ਰਾਤ ਕਰੀਬ 12.10 ਵਜੇ ਗੁਲਸ਼ਨ ਘਰ ਨੇੜੇ ਮੋੜ 'ਤੇ ਪਹੁੰਚਿਆ ਤਾਂ ਉੱਥੇ ਪਹਿਲਾਂ ਤੋਂ ਦੋ ਕਾਰਾਂ ਵਿੱਚ ਸਵਾਰ ਹਮਲਾਵਰਾਂ ਨੇ ਉਸ 'ਤੇ ਦਾਤਰਾਂ ਨਾਲ ਤਾਬੜਤੋੜ ਹਮਲਾ ਕਰ ਦਿੱਤਾ। ਹਮਲੇ ਦੌਰਾਨ ਉਸ ਦੀਆਂ ਦੋਵੇਂ ਬਾਂਹਾਂ ਅਤੇ ਲੱਤਾਂ 'ਤੇ ਗੰਭੀਰ ਸੱਟਾਂ ਲੱਗੀਆਂ।

ਆਰ. ਸਿੰਘ, ਪੰਜਾਬੀ ਜਾਗਰਣ, ਪਠਾਨਕੋਟ: ਸ਼ਹਿਰ ਦੇ ਵਾਰਡ ਨੰਬਰ 30 ਅਧੀਨ ਪੈਂਦੇ ਕੱਚੇ ਕੁਆਰਟਰ ਇਲਾਕੇ ਵਿੱਚ ਵੀਰਵਾਰ ਦੇਰ ਰਾਤ ਪੁਰਾਣੀ ਰੰਜਿਸ਼ ਦੇ ਚੱਲਦਿਆਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ 33 ਸਾਲਾ ਨੌਜਵਾਨ ਗੁਲਸ਼ਨ ਕੁਮਾਰ ਦੀ ਹੱਤਿਆ ਕਰ ਦਿੱਤੀ ਗਈ। ਵਾਰਦਾਤ ਪਤਨੀ ਦੇ ਸਾਹਮਣੇ ਵਾਪਰੀ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਨੇ ਅੱਠ ਨਾਮਜ਼ਦ ਅਤੇ ਤਿੰਨ ਅਣਪਛਾਤੇ ਮੁਲਜ਼ਮਾਂ ਸਮੇਤ ਕੁੱਲ 11 ਵਿਅਕਤੀਆਂ ਖ਼ਿਲਾਫ਼ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੀ ਪਤਨੀ ਸਮੀਖਿਆ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ 2024 ਵਿੱਚ ਗੁਲਸ਼ਨ ਕੁਮਾਰ ਨਾਲ ਸ਼ਾਦੀ ਹੋਈ ਸੀ ਅਤੇ ਉਨ੍ਹਾਂ ਦਾ ਡੇਢ ਸਾਲ ਦਾ ਪੁੱਤਰ ਹੈ। ਵੀਰਵਾਰ ਰਾਤ ਕਰੀਬ 12.10 ਵਜੇ ਗੁਲਸ਼ਨ ਘਰ ਨੇੜੇ ਮੋੜ 'ਤੇ ਪਹੁੰਚਿਆ ਤਾਂ ਉੱਥੇ ਪਹਿਲਾਂ ਤੋਂ ਦੋ ਕਾਰਾਂ ਵਿੱਚ ਸਵਾਰ ਹਮਲਾਵਰਾਂ ਨੇ ਉਸ 'ਤੇ ਦਾਤਰਾਂ ਨਾਲ ਤਾਬੜਤੋੜ ਹਮਲਾ ਕਰ ਦਿੱਤਾ। ਹਮਲੇ ਦੌਰਾਨ ਉਸ ਦੀਆਂ ਦੋਵੇਂ ਬਾਂਹਾਂ ਅਤੇ ਲੱਤਾਂ 'ਤੇ ਗੰਭੀਰ ਸੱਟਾਂ ਲੱਗੀਆਂ। ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਉਸ ਨੂੰ ਪਹਿਲਾਂ ਪਠਾਨਕੋਟ ਦੇ ਹਸਪਤਾਲ ਅਤੇ ਫਿਰ ਅੰਮ੍ਰਿਤਸਰ ਰੈਫਰ ਕੀਤਾ ਗਿਆ, ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।
ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਰਾਹੁਲ ਉਰਫ਼ ਅੰਡਾ, ਉਸ ਦੇ ਭਰਾ ਕ੍ਰਿਸ਼, ਜੀਜਾ ਵਿੱਕੀ, ਮੰਨੀ, ਭੂਰੀ, ਅਸ਼ਮਿਤ ਸਿੰਘ ਉਰਫ਼ ਬਿੱਲੀ ਜੱਟ, ਰਾਜਨ, ਦੀਪੂ ਪਹਿਲਵਾਨ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਅਨੁਸਾਰ ਰਾਹੁਲ ਅਤੇ ਗੁਲਸ਼ਨ ਵਿਚਾਲੇ ਪਹਿਲਾਂ ਤੋਂ ਰੰਜਿਸ਼ ਚੱਲ ਰਹੀ ਸੀ ਅਤੇ ਦੋਵਾਂ ਧਿਰਾਂ ਖ਼ਿਲਾਫ਼ ਪਹਿਲਾਂ ਵੀ ਕਰਾਸ ਕੇਸ ਦਰਜ ਹਨ।
ਥਾਣਾ ਡਿਵੀਜ਼ਨ ਨੰਬਰ-2 ਦੀ ਪੁਲਿਸ, ਸੀਨੀਅਰ ਅਧਿਕਾਰੀ ਅਤੇ ਫੋਰੈਂਸਿਕ ਟੀਮ ਨੇ ਮੌਕੇ 'ਤੇ ਪਹੁੰਚ ਕੇ ਸਬੂਤ ਇਕੱਠੇ ਕੀਤੇ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ। ਥਾਣਾ ਮੁਖੀ ਇੰਸਪੈਕਟਰ ਅਮਿਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਈ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।
ਵਾਰਡ ਨੰਬਰ 30 ਦੇ ਕੌਂਸਲਰ ਰਾਹੁਲ ਨੇ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਮੁਲਜ਼ਮਾਂ ਦੀ ਜਲਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।