ਕਿਸਾਨ ਜਥੇਬੰਦੀਆਂ ਦਾ ਵਫਦ ਡੀਐੱਸਪੀ ਸਿਟੀ ਸੁਖਇੰਦਰ ਸਿੰਘ ਨੂੰ ਮਿਲਿਆ
ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਦਾ ਵਫਦ ਡੀਐੱਸਪੀ ਸਿਟੀ ਸੁਖਇੰਦਰ ਸਿੰਘ ਨੂੰ ਮਿਲਿਆ। ਇਸ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਡੀਐੱਸਪੀ ਸਿਟੀ ਨੂੰ ਇਕ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਉਨ੍ਹਾਂ ਵੱਲੋਂ ਪਿੰਡ ਭਾਮ ਦੇ ਡਾ. ਰਮਿੰਦਰ ਸਿੰਘ ਦੇ ਵਿਰੁੱਧ ਦਰਜ ਕੀਤੇ ਗਏ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।
Publish Date: Sat, 30 May 2026 04:10 PM (IST)
Updated Date: Sat, 30 May 2026 04:11 PM (IST)

ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ: ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਦਾ ਵਫਦ ਡੀਐੱਸਪੀ ਸਿਟੀ ਸੁਖਇੰਦਰ ਸਿੰਘ ਨੂੰ ਮਿਲਿਆ। ਇਸ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਡੀਐੱਸਪੀ ਸਿਟੀ ਨੂੰ ਇਕ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਉਨ੍ਹਾਂ ਵੱਲੋਂ ਪਿੰਡ ਭਾਮ ਦੇ ਡਾ. ਰਮਿੰਦਰ ਸਿੰਘ ਦੇ ਵਿਰੁੱਧ ਦਰਜ ਕੀਤੇ ਗਏ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਜਥੇਬੰਦੀਆਂ ਦੇ ਆਗੂ ਬਖਸ਼ੀਸ਼ ਸਿੰਘ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ, ਅਨੋਖ ਸਿੰਘ ਆਦਿ ਨੇ ਸਾਂਝੇ ਤੌਰ ’ਤੇ ਕਿਹਾ ਕਿ ਡਾ. ਰਮਿੰਦਰ ਸਿੰਘ ਕਿਰਤੀ ਕਿਸਾਨ ਯੂਨੀਅਨ ਦੇ ਸਰਗਰਮ ਆਗੂ ਹਨ ਅਤੇ ਇਨ੍ਹਾਂ ਦੇ ਇਕ ਰਿਸ਼ਤੇਦਾਰ ਵਿਰੁੱਧ ਥਾਣਾ ਸੇਖਵਾਂ ਦੀ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਜੋ ਇਸ ਸਮੇਂ ਕੇਂਦਰੀ ਜੇਲ੍ਹ ਗੁਰਦਾਸਪੁਰ ’ਚ ਬੰਦ ਹਨ। ਉਨ੍ਹਾਂ ਕਿਹਾ ਕਿ ਡਾ. ਰਮਿੰਦਰ ਸਿੰਘ ਦਾ ਇਸ ਕੇਸ ’ਚ ਕੋਈ ਲੈਣ ਦੇਣ ਨਹੀਂ ਸੀ, ਪਰ ਪੁਲਸ ਪ੍ਰਸ਼ਾਸਨ ਵੱਲੋਂ ਸਿਆਸੀ ਦਬਾਅ ਹੇਠ ਡਾ. ਰਮਿੰਦਰ ਸਿੰਘ ਨੂੰ ਇਸ ਕੇਸ ’ਚ ਨਾਮਜ਼ਦ ਕੀਤਾ ਗਿਆ ਹੈ ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਵਲੋਂ ਡੀਐੱਸਪੀ ਸਿਟੀ ਸੁਖਇੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਉਨ੍ਹਾਂ ਇਸ ਸਾਰੇ ਮਾਮਲੇ ਦੀ ਜਾਣਕਾਰੀ ਦਿੱਤੀ ਗਈ, ਜਿਸ ਤੋਂ ਬਾਅਦ ਡੀਐੱਸਪੀ ਵੱਲੋਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਉਚ ਪੱਧਰੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਡਾ. ਰਮਿੰਦਰ ਸਿੰਘ ਨੂੰ ਇਸ ਪਰਚੇ ਵਿਚੋਂ ਬਾਹਰ ਨਾ ਕੱਢਿਆ ਤਾਂ ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।