ਬੀਤੀ ਰਾਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਪਿੰਡਾਂ ਤੇ ਸ਼ਹਿਰਾਂ 'ਚ ਗੁਰਦੁਆਰਾ ਸਾਹਿਬਾਨ 'ਚ ਸਾਵਧਾਨੀ ਵਰਤੀ ਜਾ ਰਹੀ ਹੈ। ਪੁਲਿਸ ਵੱਲੋਂ ਸਮੂਹ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਮਾੜੇ ਅਨਸਰਾਂ ਦੀਆਂ ਵਾਰਦਾਤਾਂ ਰੋਕਣ ਲਈ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਸੁਖਦੇਵ ਸਿੰਘ ਬਟਾਲਾ : ਬੀਤੀ ਰਾਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਪਿੰਡਾਂ ਤੇ ਸ਼ਹਿਰਾਂ 'ਚ ਗੁਰਦੁਆਰਾ ਸਾਹਿਬਾਨ 'ਚ ਸਾਵਧਾਨੀ ਵਰਤੀ ਜਾ ਰਹੀ ਹੈ। ਪੁਲਿਸ ਵੱਲੋਂ ਸਮੂਹ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਮਾੜੇ ਅਨਸਰਾਂ ਦੀਆਂ ਵਾਰਦਾਤਾਂ ਰੋਕਣ ਲਈ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਬਟਾਲਾ ਦੇ ਨਜ਼ਦੀਕ ਪਿੰਡ ਕੋਟਲੀ ਭਾਨ ਸਿੰਘ ਦੇ ਗੁਰਦੁਆਰਾ ਸਾਹਿਬ 'ਚ ਬੀਤੀ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਵੱਡੀ ਘਟਨਾ ਨੂੰ ਅੰਜਾਮ ਦੇਣ ਦਾ ਯਤਨ ਕੀਤਾ ਗਿਆ, ਪਰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦੀ ਹੁਸ਼ਿਆਰੀ ਨਾਲ ਘਟਨਾ ਨੂੰ ਅੰਜਾਮ ਦੇਣ ਪੁੱਜੇ ਸ਼ਰਾਰਤੀ ਅਨਸ਼ਰ ਹਨ੍ਹੇਰੇ ਦਾ ਫਾਇਦਾ ਲੈ ਕੇ ਰਫੂਚੱਕਰ ਹੋ ਗਏ। ਕੋਟਲੀ ਭਾਨ ਸਿੰਘ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਜਿਥੇ ਚੋਰੀ ਦਾ ਖਦਸ਼ਾ ਪ੍ਰਗਟ ਕੀਤਾ, ਉੱਥੇ ਨਾਲ ਉਨ੍ਹਾਂ ਨੇ ਬੇਅਦਬੀ ਦੀ ਵੀ ਸੰਭਾਵਨਾ ਜਤਾਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਰਛਪਾਲ ਸਿੰਘ, ਪ੍ਰਧਾਨ ਨਰਿੰਦਰ ਸਿੰਘ ਬੰਦੇਸ਼ਾ ਸਾਬਕਾ ਸਰਪੰਚ, ਮੇਵਾ ਸਿੰਘ ਖਜ਼ਾਨ ਸਿੰਘ ਕ੍ਰਿਸ਼ਨ ਸਿੰਘ ਸਰਬਜੀਤ ਸਿੰਘ ਆਦਿ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਇਕ ਵਜੇ ਕੁਝ ਅਣਪਛਾਤੇ ਲੋਕ ਕੰਧ ਟੱਪ ਕੇ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਏ ਤੇ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਮੇਨ ਗੇਟ ਦੇ ਨਜ਼ਦੀਕ ਇਕ ਗ੍ਰੰਥੀ ਸਿੰਘ ਲਈ ਬਣੇ ਕਮਰੇ ਦਾ ਦਰਵਾਜ਼ਾ ਬਾਹਰੋਂ ਬੰਦ ਕਰ ਦਿੱਤਾ ਤੇ ਫਿਰ ਗੁਰਦੁਆਰਾ ਸਾਹਿਬ ਦੇ ਦਰਬਾਰ ਦੇ ਦਰਵਾਜ਼ੇ ਦਾ ਤਾਲਾ ਤੋੜਨਾ ਸ਼ੁਰੂ ਕਰ ਦਿੱਤਾ।ਗ੍ਰੰਥੀ ਰਛਪਾਲ ਸਿੰਘ ਤੇ ਪ੍ਰਧਾਨ ਨਰਿੰਦਰ ਸਿੰਘ ਜੋ ਕਿ ਪੁਲਿਸ ਦੇ ਵੱਲੋਂ ਦਰਬਾਰ ਸਾਹਿਬ ਵਿਖੇ ਵਾਪਰੀ ਘਟਨਾ ਦੀ ਜਾਣਕਾਰੀ ਅਤੇ ਗੁਰਦੁਆਰਾ ਸਾਹਿਬ ਚ ਸਾਵਧਾਨੀ ਵਰਤਣ ਦੇ ਆਦੇਸ਼ਾਂ ਤੋਂ ਬਾਅਦ ਗੁਰਦੁਆਰਾ ਸਾਹਿਬ ਅੰਦਰ ਹੀ ਸੁੱਤੇ ਹੋਏ ਸਨ ਨੇ ਦੱਸਿਆ ਕਿ ਜਦ ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਵਾਲੇ ਪਾਸੇ ਖੜਾਕ ਸੁਣਿਆ ਤਾਂ ਉਨ੍ਹਾਂ ਨੇ ਆਪਣੇ ਕਮਰੇ ਦਾ ਦਰਵਾਜ਼ਾ ਖੋਲ੍ਹਣਾ ਚਾਹਿਆ ਤਾਂ ਦਰਵਾਜ਼ਾ ਬਾਹਰੋਂ ਬੰਦ ਸੀ। ਗ੍ਰੰਥੀ ਰਛਪਾਲ ਸਿੰਘ ਨੇ ਦੱਸਿਆ ਕਿ ਫਿਰ ਉਨ੍ਹਾਂ ਨੇ ਕੌਣ ਹੈ ਕੌਣ ਹੈ ਦੀਆਂ ਆਵਾਜ਼ਾਂ ਦਿੱਤੀਆਂ ਜਿਸ ਤੋਂ ਬਾਅਦ ਉਕਤ ਸ਼ੱਕੀ ਵਿਅਕਤੀ ਕੰਧ ਟੱਪ ਕੇ ਦੌੜ ਗਏ। ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਉਕਤ ਵਿਅਕਤੀ ਗੁਰਦੁਆਰਾ ਸਾਹਿਬ 'ਚ ਚੋਰੀ ਤੇ ਬੇਅਦਬੀ ਦੇ ਖਦਸ਼ੇ ਨਾਲ ਆਏ ਹੋਣਗੇ ਉਨ੍ਹਾਂ ਦੱਸਿਆ ਕਿ ਉਸੇ ਵਕਤ ਹੀ ਉਨ੍ਹਾਂ ਨੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਸੂਚਨਾ ਦੇ ਦਿੱਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਸੂਚਨਾ ਦੇਣ ਤੋਂ ਬਾਅਦ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਉਧਰ ਘਟਨਾ ਦੀ ਸੂਚਨਾ ਤੋਂ ਬਾਅਦ ਐਸਐਸਪੀ ਬਟਾਲਾ ਦੇ ਆਦੇਸ਼ਾਂ 'ਤੇ ਪੁਲਿਸ ਦੀ ਫੋਰੈਂਸਿਕ ਜਾਂਚ ਟੀਮ ਵੀ ਪਹੁੰਚ ਗਈ ਤੇ ਫਿੰਗਰ ਪ੍ਰਿੰਟ ਲੈਣ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਪੁਲਿਸ ਬਾਰੀਕੀ ਨਾਲ ਕਰ ਰਹੀ ਹੈ ਜਾਂਚ; ਐਸਐਚਓ
ਥਾਣਾ ਸਿਵਲ ਲਾਈਨ ਦੇ ਐੱਸ ਐੱਚ ਓ ਅਮੋਲਕ ਸਿੰਘ ਨੇ ਦੱਸਿਆ ਕਿ ਪਿੰਡ ਕੋਟਲੀ ਭਾਨ ਸਿੰਘ ਦੇ ਗੁਰਦੁਆਰਾ ਸਾਹਿਬ ਵਿਖੇ ਜੋ ਘਟਨਾ ਵਾਪਰੀ ਉਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਲੱਗੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ। ਉਨ੍ਹਾਂ ਨੇ ਖਦਸ਼ਾ ਪ੍ਰਗਟਾਇਆ ਕਿ ਇਹ ਘਟਨਾ ਚੋਰੀ ਨੂੰ ਲੈ ਕੇ ਵਾਪਰੀ ਲੱਗਦੀ ਹੈ।
ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕ ਸਾਵਧਾਨੀ ਵਰਤਣ ;ਐੱਸਐੱਸਪੀ ਬਟਾਲਾ
ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਨੇ ਪਿੰਡ ਕੋਟਲੀ ਭਾਨ ਸਿੰਘ ਵਿਖੇ ਵਾਪਰੀ ਘਟਨਾ ਬਾਰੇ ਕਿਹਾ ਕਿ ਇਹ ਘਟਨਾ ਚੋਰੀ ਨੂੰ ਲੈ ਕੇ ਹੋ ਸਕਦੀ ਹੈ ਉਨ੍ਹਾਂ ਕਿਹਾ ਕਿ ਫਿਰ ਵੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਐੱਸਐੱਸਪੀ ਐੱਮਐੱਸ ਭੁੱਲਰ ਨੇ ਆਸ ਪਾਸ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਸ਼ਰਾਰਤੀ ਅਰਚਨਾ ਅਨਸਰਾਂ ਦੇ ਮਨਸੂਬਿਆਂ ਨੂੰ ਰੋਕਣ ਲਈ ਆਪੋ ਆਪਣੇ ਤੌਰ 'ਤੇ ਗੁਰਦੁਆਰਾ ਸਾਹਿਬਾਨ ਵਿਖੇ ਪਹਿਰੇ ਲਗਾਏ ਜਾਣ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਆਸ ਪਾਸ ਦੇ ਪਿੰਡਾਂ ਤੇ ਸ਼ਹਿਰਾਂ ਚ ਗੁਰਦੁਆਰਾ ਸਾਹਿਬਾਨ 'ਚ ਸਾਵਧਾਨੀ ਵਰਤਣ ਲਈ ਪਹਿਲਾਂ ਹੀ ਇਹ ਦਿਸ਼ਾ ਨਿਰਦੇਸ਼ ਦੇ ਦਿੱਤੇ ਜਾ ਚੁੱਕੇ ਹਨ।