ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਲੋਕ ਕਰਵਾਉਣ ਰਜਿਸਟਰੇਸ਼ਨ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ : ਲਾਲ ਚੰਦ ਕਟਾਰੂਚੱਕ
Publish Date: Tue, 28 Apr 2026 04:18 PM (IST)
Updated Date: Wed, 29 Apr 2026 04:02 AM (IST)
ਪੰਜਾਬੀ ਜਾਗਰਣ ਟੀਮ, ਪਠਾਨਕੋਟ : ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਜ਼ਿਲ੍ਹਾ ਪਠਾਨਕੋਟ ਵਿੱਚ ਵੱਖ-ਵੱਖ ਸਥਾਨਾਂ ‘ਤੇ ਕੈਂਪ ਲਗਾ ਕੇ ਲੋਕਾਂ ਦੀ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ। ਲੋਕ ਨਿਰਧਾਰਤ ਕੈਂਪਾਂ ‘ਚ ਪਹੁੰਚ ਕੇ ਯੋਜਨਾ ਦਾ ਲਾਭ ਲੈਣ ਲਈ ਆਪਣੀ ਰਜਿਸਟਰੇਸ਼ਨ ਕਰਵਾਉਣ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਕਪੁਰ ਵਿਖੇ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਸਬੰਧੀ ਹੋਈ ਰਿਵਿਊ ਮੀਟਿੰਗ ਦੌਰਾਨ ਕੀਤਾ। ਮੀਟਿੰਗ ਵਿੱਚ ਸੰਜੀਵ ਕੁਮਾਰ ਸਰਮਾ ਵਧੀਕ ਡਿਪਟੀ ਕਮਿਸ਼ਨਰ, ਅਰਸ਼ਦੀਪ ਸਿੰਘ ਐਸਡੀਐਮ ਪਠਾਨਕੋਟ, ਸੰਜੀਵ ਪਠਾਨੀਆਂ ਡੀਆਰਓ, ਸ਼ੰਕਰ ਸ਼ਰਮਾ ਐਸਡੀਐਮ ਧਾਰਕਲਾਂ, ਡਾ. ਸੁਨੀਲ ਚੰਦ ਐਸਐਮਓ ਅਤੇ ਪੈਨਲਡ ਹਸਪਤਾਲਾਂ ਦੇ ਨੁਮਾਇੰਦੇ ਹਾਜ਼ਰ ਸਨ।
ਕਟਾਰੂਚੱਕ ਨੇ ਦੱਸਿਆ ਕਿ ਯੋਜਨਾ ਅਧੀਨ ਸਿਹਤ ਬੀਮਾ ਕਾਰਡ ਬਣਾਉਣ ਦੀ ਪ੍ਰਕਿਰਿਆ ਜ਼ੋਰਾਂ ‘ਤੇ ਹੈ ਅਤੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਰਜਿਸਟਰੇਸ਼ਨ ਵਿੱਚ ਹੋਰ ਤੇਜ਼ੀ ਲਿਆਈ ਜਾਵੇ ਤਾਂ ਜੋ ਕਿਸੇ ਵੀ ਲਾਭਪਾਤਰੀ ਨੂੰ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕੋਲ ਪਹਿਲਾਂ ਤੋਂ ਆਯੁਸ਼ਮਾਨ ਕਾਰਡ ਹਨ, ਉਹਨਾਂ ਲਈ ਕੇਵਾਈਸੀ ਕਰਵਾਉਣਾ ਲਾਜ਼ਮੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਪ੍ਰਦਾਨ ਕੀਤਾ ਜਾ ਰਿਹਾ ਹੈ। ਪੈਨਲਡ ਹਸਪਤਾਲਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਯੋਜਨਾ ਤਹਿਤ ਆਉਣ ਵਾਲੇ ਹਰ ਮਰੀਜ਼ ਨੂੰ ਪੂਰਾ ਮਾਨ-ਸਤਿਕਾਰ ਦੇ ਨਾਲ ਇਲਾਜ ਅਤੇ ਯੋਜਨਾ ਦੀ ਜਾਣਕਾਰੀ ਦਿੱਤੀ ਜਾਵੇ। ਪ੍ਰਾਈਵੇਟ ਹਸਪਤਾਲਾਂ ਦੇ ਨੁਮਾਇੰਦਿਆਂ ਨੇ ਭਰੋਸਾ ਦਿੱਤਾ ਕਿ ਉਹ ਯੋਜਨਾ ਅਧੀਨ ਆਉਣ ਵਾਲੇ ਹਰ ਮਰੀਜ਼ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਗੇ।