ਬਟਾਲਾ ਪੁਲਿਸ ਲੋਕਾਂ ਦੇ ਜਾਨ ਮਾਲ ਦੀ ਸੁਰੱਖਿਆ ਲਈ ਵਚਨਬੱਧ : ਡੀਐੱਸਪੀ ਕਸਤੂਰੀ ਲਾਲ
ਬਟਾਲਾ ਪੁਲਿਸ ਸ਼ਹਿਰ ਵਾਸੀਆਂ ਦੀ ਜਾਨ ਮਾਲ ਦੀ ਸੁਰੱਖਿਆ ਲਈ ਵਚਨਬੱਧ : ਡੀਐੱਸਪੀ ਕਸਤੂਰੀ ਲਾਲ
Publish Date: Sat, 11 Apr 2026 04:50 PM (IST)
Updated Date: Sun, 12 Apr 2026 04:03 AM (IST)

ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਬਟਾਲਾ ਪੁਲਿਸ ਵਲੋਂ ਬਟਾਲਾ ਸ਼ਹਿਰ ਅਤੇ ਆਸ ਪਾਸ ਦੇ ਇਲਾਕਿਆਂ ’ਚ ਨਾਕਾਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਸੰਬੰਧੀ ਡੀਐੱਸਪੀ ਕਸਤੂਰੀ ਲਾਲ ਨੇ ਦੱਸਿਆ ਕਿ ਡੀਜੀਪੀ ਪੰਜਾਬ ਗੌਰਵ ਯਾਦਵ, ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਅਤੇ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਗੈਂਗਸਟਰਵਾਰ ਨੂੰ ਖ਼ਤਮ ਕਰਨ ਅਤੇ ਲੋਕਾਂ ਨੂੰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਵਲੋਂ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਸ ਤੋਂ ਇਲਾਵਾ ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਆਉਂਦੀਆਂ ਬਾਕੀ ਸਬ ਡਵੀਜ਼ਨਾਂ ’ਚ ਵੀ ਸੰਬੰਧਤ ਡੀਐੱਸਪੀ ਅਤੇ ਐੱਸਐੱਚਓਜ਼ ਵਲੋਂ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਸ਼ਹਿਰ ਵਾਸੀਆਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ ਅਤੇ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਸਿਰ ਨਹੀਂਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਵਲੋਂ ਉਮਰਪੁਰਾ ਚੌਂਕ, ਕਾਦੀਆਂ ਚੁੰਗੀ, ਜੱਸਾ ਸਿੰਘ ਰਾਮਗੜੀਆ ਹਾਲ, ਜਲੰਧਰ ਰੋਡ ਹੰਸਲੀ ਪੁਲ, ਸੁੱਖਾ ਸਿੰਘ ਮਹਿਤਾਬ ਸਿੰਘ ਚੌਂਕ, ਸਿੰਬਲ ਚੌਂਕ, ਬਾਈਪਾਸ ਚੌਂਕ, ਹਾਥੀ ਗੇਟ, ਨਹਿਰੂ ਗੇਟ ਆਦਿ ਇਲਾਕਿਆਂ ’ਚ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਭਵਿੱਖ ’ਚ ਵੀ ਇਹ ਨਾਕਾਬੰਦੀ ਜਾਰੀ ਰੱਖੀ ਜਾਵੇਗੀ।