ਸਰਹੱਦ ਪਾਰੋਂ ਆਉਣ ਵਾਲੇ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ 'ਤੇ BSF ਦੀ ਤਿੱਖੀ ਨਜ਼ਰ, ਪਾਕਿ ਵਾਲੇ ਪਾਸਿਓਂ ਆਏ ਹਥਿਆਰ ਤੇ ਨਸ਼ਾ ਕੀਤਾ ਜ਼ਬਤ
ਇੱਥੇ ਦੱਸਣਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਭਾਰਤ-ਪਾਕਿਸਤਾਨ ਸਰਹੱਦ 'ਤੇ ਤੈਨਾਤ ਬੀਐੱਸਐੱਫ ਦਾ ਦਾਇਰਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕੀਤਾ ਗਿਆ ਹੈ, ਜਿਸ ਕਾਰਨ ਪਾਕਿਸਤਾਨ ਵੱਲ ਬੈਠੇ ਤਸਕਰਾਂ ਵੱਲੋਂ ਭਾਰਤੀ ਖੇਤਰ ਵਿੱਚ ਭੇਜੇ ਜਾਣ ਵਾਲੇ ਨਸ਼ਿਆਂ ਅਤੇ ਹਥਿਆਰਾਂ ਨੂੰ ਰੋਕਣ ਵਿੱਚ ਵੱਡੀ ਕਾਮਯਾਬੀ ਮਿਲੀ ਹੈ।
Publish Date: Sat, 09 May 2026 08:43 AM (IST)
Updated Date: Sat, 09 May 2026 08:47 AM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਡੇਰਾ ਬਾਬਾ ਨਾਨਕ: ਪੰਜਾਬ ਸਰਕਾਰ ਵੱਲੋਂ ਜਿੱਥੇ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਗਈ ਹੈ, ਉੱਥੇ ਭਾਰਤ-ਪਾਕਿਸਤਾਨ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਤੈਨਾਤ ਬੀਐੱਸਐੱਫ ਦੇ ਜਵਾਨਾਂ ਵੱਲੋਂ ਪੰਜਾਬ ਦੀ ਕਰੀਬ 553 ਕਿਲੋਮੀਟਰ ਲੰਬੀ ਸਰਹੱਦ 'ਤੇ ਪਾਕਿਸਤਾਨ ਵਾਲੇ ਪਾਸਿਓਂ ਦੇਸ਼ ਵਿਰੋਧੀ ਅਨਸਰਾਂ ਵੱਲੋਂ ਭੇਜੇ ਜਾਣ ਵਾਲੇ ਹਥਿਆਰਾਂ ਤੇ ਨਸ਼ਿਆਂ ਨੂੰ ਰੋਕਣ ਲਈ ਤਿੱਖੀ ਨਜ਼ਰ ਰੱਖੀ ਹੋਈ ਹੈ। ਬੀਐੱਸਐੱਫ ਦੇ ਜਵਾਨਾਂ ਨੇ ਸਮੇਂ-ਸਮੇਂ 'ਤੇ ਭਾਰਤੀ ਖੇਤਰ ਵਿੱਚ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਭੇਜੇ ਗਏ ਹਥਿਆਰ ਅਤੇ ਆਰਡੀਐੱਕਸ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।
ਇੱਥੇ ਦੱਸਣਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਭਾਰਤ-ਪਾਕਿਸਤਾਨ ਸਰਹੱਦ 'ਤੇ ਤੈਨਾਤ ਬੀਐੱਸਐੱਫ ਦਾ ਦਾਇਰਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕੀਤਾ ਗਿਆ ਹੈ, ਜਿਸ ਕਾਰਨ ਪਾਕਿਸਤਾਨ ਵੱਲ ਬੈਠੇ ਤਸਕਰਾਂ ਵੱਲੋਂ ਭਾਰਤੀ ਖੇਤਰ ਵਿੱਚ ਭੇਜੇ ਜਾਣ ਵਾਲੇ ਨਸ਼ਿਆਂ ਅਤੇ ਹਥਿਆਰਾਂ ਨੂੰ ਰੋਕਣ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜੰਮੂ ਤੋਂ ਸ਼ੁਰੂ ਹੋਣ ਵਾਲੇ ਬੀਐੱਸਐੱਫ ਦੇ ਫਰੰਟੀਅਰ ਪੰਜਾਬ ਅਧੀਨ ਪੈਂਦੇ ਬੀਐੱਸਐੱਫ ਸੈਕਟਰ ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ, ਫਾਜ਼ਿਲਕਾ, ਅਬੋਹਰ ਤੱਕ ਦੀ 553 ਕਿਲੋਮੀਟਰ ਸਰਹੱਦ ਰਾਜਸਥਾਨ ਬਾਰਡਰ ਨਾਲ ਲੱਗਦੀ ਹੈ। ਪੰਜਾਬ ਦੀ ਸਰਹੱਦ 'ਤੇ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਅਤੇ ਰਾਵੀ ਦਰਿਆ ਦੇ ਰਾਹੀਂ ਭੇਜੇ ਗਏ ਨਸ਼ੀਲੇ ਪਦਾਰਥ ਤੇ ਹਥਿਆਰ ਬੀਐੱਸਐੱਫ ਵੱਲੋਂ ਬਰਾਮਦ ਕੀਤੇ ਗਏ। ਇਸ ਸਬੰਧੀ ਬੀਐੱਸਐੱਫ ਅਧਿਕਾਰੀਆਂ ਨੇ ਆਪਣਾ ਨਾਂ ਗੁਪਤ ਰੱਖਦਿਆਂ ਦੱਸਿਆ ਕਿ ਸਾਲ 2025 ਦੌਰਾਨ ਬੀਐੱਸਐੱਫ ਨੇ 204 ਹਥਿਆਰ, 3643 ਗੋਲੀਆਂ, 273 ਮੈਗਜ਼ੀਨ, 12 ਗ੍ਰਨੇਡ, 12 ਡੈਟੋਨੇਟਰ ਅਤੇ 10.245 ਕਿਲੋਗ੍ਰਾਮ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਸੀ। ਜਦਕਿ ਸਾਲ 2026 ਵਿੱਚ ਬੀਐੱਸਐੱਫ ਵੱਲੋਂ ਹੁਣ ਤੱਕ 82 ਹਥਿਆਰ, 855 ਗੋਲੀਆਂ, 123 ਮੈਗਜ਼ੀਨ ਅਤੇ 1 ਗ੍ਰਨੇਡ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।