ਕੰਪਿਊਟਰ ਅਧਿਆਪਕਾਂ ਵੱਲੋਂ 14 ਨੂੰ ਵਿੱਤ ਮੰਤਰੀ ਦੀ ਕੋਠੀ ਦਾ ਕਰਨਗੇ ਘਿਰਾਓ
ਕੰਪਿਊਟਰ ਅਧਿਆਪਕਾਂ ਵੱਲੋਂ 14 ਫਰਵਰੀ ਨੂੰ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ
Publish Date: Sat, 07 Feb 2026 07:05 PM (IST)
Updated Date: Sun, 08 Feb 2026 04:09 AM (IST)
ਪੰਜਾਬੀ ਜਾਗਰਣ ਟੀਮ, ਪਠਾਨਕੋਟ : ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਸਰਕਾਰ ਵੱਲੋਂ ਲਗਾਤਾਰ ਕੀਤੇ ਜਾ ਰਹੇ ਭੇਦਭਾਵ ਅਤੇ ਵਿੱਤੀ ਸਹੂਲਤਾਂ ਤੋਂ ਵਾਂਝੇ ਰੱਖਣ ਦੇ ਰੋਸ ਵਜੋਂ 14 ਫਰਵਰੀ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਹ ਘਿਰਾਓ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਦੀ ਅਗਵਾਈ ਹੇਠ ਕੀਤਾ ਜਾਵੇਗਾ।
ਇਹ ਜਾਣਕਾਰੀ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਅਮਨਦੀਪ ਸਿੰਘ ਅਤੇ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਆਗੂ ਰਾਕੇਸ਼ ਸੈਣੀ ਵੱਲੋਂ ਸਾਂਝੇ ਤੌਰ ’ਤੇ ਪ੍ਰੈਸ ਨਾਲ ਸਾਂਝੀ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਗੈਰ-ਵਿੱਦਿਅਕ ਕੰਮਾਂ ਲਈ ਤਾਂ ਕੰਪਿਊਟਰ ਅਧਿਆਪਕਾਂ ਨੂੰ ਸਰਕਾਰੀ ਟੈਗ ਲਗਾ ਕੇ ਡਿਊਟੀਆਂ ਲਈਆਂ ਜਾਂਦੀਆਂ ਹਨ ਪਰ ਵਿੱਤੀ ਅਤੇ ਵਿਭਾਗੀ ਸਹੂਲਤਾਂ ਦੇਣ ਸਮੇਂ ਪਿਕਟਸ ਸੁਸਾਇਟੀ ਦਾ ਹਵਾਲਾ ਦੇ ਕੇ ਉਨ੍ਹਾਂ ਨੂੰ ਵਾਂਝਾ ਰੱਖਿਆ ਜਾ ਰਿਹਾ ਹੈ।
ਸੂਬਾ ਕਮੇਟੀ ਮੈਂਬਰ ਅਮਨਜੋਤੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਜੱਥੇਬੰਦੀ ਦੀਆਂ ਕਰੀਬ 80 ਮੀਟਿੰਗਾਂ ਸਬ-ਕਮੇਟੀ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਉੱਚ ਅਧਿਕਾਰੀਆਂ ਨਾਲ ਹੋ ਚੁੱਕੀਆਂ ਹਨ, ਪਰ ਹਰ ਵਾਰ ਸਿਰਫ਼ ਲਾਰੇ ਹੀ ਮਿਲੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ 2022 ਦੀ ਦੀਵਾਲੀ ਮੌਕੇ ਕੰਪਿਊਟਰ ਅਧਿਆਪਕਾਂ ਨੂੰ ਪੂਰਨ ਤੌਰ ’ਤੇ ਸਿਵਲ ਸੇਵਾ ਨਿਯਮਾਂ ਅਤੇ ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਅੱਜ ਤੱਕ ਇਹ ਵਾਅਦਾ ਪੂਰਾ ਨਹੀਂ ਹੋਇਆ।
ਆਗੂਆਂ ਨੇ ਕਿਹਾ ਕਿ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਸਰਕਾਰੀ ਮੁਲਾਜ਼ਮ ਮੰਨਦੇ ਹੋਏ ਸਿਵਲ ਸੇਵਾ ਨਿਯਮ ਲਾਗੂ ਕਰਨ ਦੇ ਹੁਕਮ ਦਿੱਤੇ ਗਏ ਸਨ, ਪਰ ਪੰਜਾਬ ਸਰਕਾਰ ਵੱਲੋਂ ਇਸ ਫੈਸਲੇ ਨੂੰ ਲਾਗੂ ਕਰਨ ਦੀ ਬਜਾਏ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ, ਜਿਸ ਨਾਲ ਅਧਿਆਪਕ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਜੱਥੇਬੰਦੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਮਸਲੇ ਜਲਦ ਹੱਲ ਨਾ ਕੀਤੇ ਗਏ ਤਾਂ ਸਰਕਾਰ ਦੇ ਰਾਜਸੀ ਸਮਾਗਮਾਂ ਵਿੱਚ ਪਹੁੰਚ ਕੇ ਸਰਕਾਰ ਦਾ ਅਧਿਆਪਕ ਵਿਰੋਧੀ ਚਿਹਰਾ ਬੇਨਕਾਬ ਕੀਤਾ ਜਾਵੇਗਾ। 14 ਫਰਵਰੀ ਦੀ ਰੈਲੀ ਵਿੱਚ ਸੂਬਾ, ਜ਼ਿਲ੍ਹਾ ਕਮੇਟੀਆਂ ਸਮੇਤ ਪੰਜਾਬ ਭਰ ਦੇ ਕੰਪਿਊਟਰ ਅਧਿਆਪਕ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ ਅਤੇ ਇਸ ਸਾਰੇ ਸੰਘਰਸ਼ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।