ਕਾਂਗਰਸ ਦਾ ਭਾਜਪਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
ਕਾਂਗਰਸ ਦਾ ਭਾਜਪਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
Publish Date: Sat, 21 Feb 2026 04:51 PM (IST)
Updated Date: Sun, 22 Feb 2026 04:04 AM (IST)

ਰਜਿੰਦਰ ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਭਾਜਪਾ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਅੱਜ ਡੀਸੀ ਦਫ਼ਤਰ ਸਾਹਮਣੇ ਕਾਂਗਰਸ ਪਾਰਟੀ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸਾਬਕਾ ਕਾਂਗਰਸੀ ਵਿਧਾਇਕ ਅਮਿਤ ਵਿਜ ਨੇ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮੇਅਰ ਪੰਨਾ ਲਾਲ ਭਾਟੀਆ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਪ੍ਰਦਰਸ਼ਨ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਸਾਨਾਂ, ਮਜ਼ਦੂਰਾਂ ਅਤੇ ਗਰੀਬ ਵਰਗ ਨਾਲ ਹੋ ਰਹੇ ਅਨਿਆਂ ਦਾ ਮੁੱਦਾ ਉਠਾਇਆ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਅਮਿਤ ਵਿਜ ਨੇ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਨੀਤੀਆਂ ਕਰਕੇ ਕਿਸਾਨ ਵਰਗ ਨੂੰ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲੋਕ ਹਿਤੈਸ਼ੀ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੀ ਹੈ ਅਤੇ ਬੇਰੁਜ਼ਗਾਰੀ ਦਿਨੋ-ਦਿਨ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ, ਮਜ਼ਦੂਰਾਂ ਅਤੇ ਗਰੀਬਾਂ ਦੇ ਹੱਕ ’ਚ ਡੱਟ ਕੇ ਖੜ੍ਹੀ ਹੈ ਅਤੇ ਲੋਕਾਂ ਦੀ ਆਵਾਜ਼ ਨੂੰ ਦਬਣ ਨਹੀਂ ਦਿੱਤਾ ਜਾਵੇਗਾ। ਜ਼ਿਲ੍ਹਾ ਪ੍ਰਧਾਨ ਮੇਅਰ ਪੰਨਾ ਲਾਲ ਭਾਟੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸੰਸਥਾਵਾਂ ਦੇ ਨਿੱਜੀਕਰਨ ਅਤੇ ਜਨਹਿਤ ਯੋਜਨਾਵਾਂ ਵਿੱਚ ਕੀਤੀਆਂ ਤਬਦੀਲੀਆਂ ਨਾਲ ਆਮ ਆਦਮੀ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਸਮੇਤ ਕਈ ਯੋਜਨਾਵਾਂ ਵਿੱਚ ਕੀਤੀਆਂ ਨਵੀਆਂ ਨੀਤੀਆਂ ਕਾਰਨ ਮਜ਼ਦੂਰ ਵਰਗ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਹੈ। ਰੋਸ ਪ੍ਰਦਰਸ਼ਨ ਉਪਰੰਤ ਕਾਂਗਰਸ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਡਾ. ਪਲਵੀ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਕਿਸਾਨ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਨੂੰ ਵਾਪਸ ਲਵੇ ਅਤੇ ਬੇਰੋਜ਼ਗਾਰੀ ਦੇ ਮੁੱਦੇ ਤੇ ਠੋਸ ਕਦਮ ਚੁੱਕੇ ਜਾਣ। ਇਸ ਮੌਕੇ ਆਸ਼ਿਸ਼ ਵਿੱਜ, ਟੀਨਾ ਚੌਧਰੀ, ਰਾਕੇਸ਼ ਬੱਬਲੀ, ਅਜੇ ਮਹਾਜਨ, ਚਰਨਜੀਤ ਹੈਪੀ ਕੌਂਸਲਰ ਤੋਂ ਇਲਾਵਾ ਜ਼ਿਲ੍ਹੇ ਦੇ ਕਾਂਗਰਸੀ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ ਅਤੇ ਉਨ੍ਹਾਂ ਨੇ ਪਾਰਟੀ ਦੇ ਸੰਘਰਸ਼ ਨੂੰ ਜਾਰੀ ਰੱਖਣ ਦਾ ਭਰੋਸਾ ਦਿੱਤਾ।