ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ ’ਚ ਕਰਵਾਇਆ ਡੇਂਗੂ ਫੀਵਰ ਸਰਵੇ
ਸਿਵਲ ਸਰਜਨ ਦੇ ਨਿਰਦੇਸ਼ਾਂ 'ਤੇ ਸਰਕਾਰੀ ਅਤੇ ਪ੍ਰਾਈਵੇਟ ਦਫਤਰਾਂ ਵਿੱਚ ਕਰਵਾਇਆ ਗਿਆ ਡੇਂਗੂ ਫੀਵਰ ਸਰਵੇ
Publish Date: Sat, 23 May 2026 03:29 PM (IST)
Updated Date: Sun, 24 May 2026 04:01 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਗੁਰਦਾਸਪੁਰ: ਸਿਵਲ ਸਰਜਨ ਡਾ. ਮਹੇਸ਼ ਕੁਮਾਰ ਪ੍ਰਭਾਕਰ ਅਤੇ ਸਹਾਇਕ ਸਿਵਲ ਸਰਜਨ ਡਾ. ਪ੍ਰਭਜੋਤ ਕੌਰ ਕਲਸੀ ਦੇ ਨਿਰਦੇਸ਼ਾਂ ਹੇਠ ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਦਫਤਰਾਂ ਵਿੱਚ ਡੇਂਗੂ ਫੀਵਰ ਦਾ ਸਰਵੇ ਕਰਵਾਇਆ ਗਿਆ। ਇਸ ਮੌਕੇ ਡਾ. ਕੁਲਵਿੰਦਰ ਕੌਰ (ਮੈਡੀਕਲ ਆਫ਼ਿਸਰ ਆਫ਼ ਹੈਲਥ) ਅਤੇ ਡਾ. ਗੁਰਪ੍ਰੀਤ ਕੌਰ (ਜ਼ਿਲ੍ਹਾ ਐਪੀਡੀਮੋਲੋਜਿਸਟ, ਗੁਰਦਾਸਪੁਰ) ਨੇ 98 ਟੀਮਾਂ ਬਣਾ ਕੇ ਪੂਰੇ ਜ਼ਿਲ੍ਹੇ ਵਿੱਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਰਵੇ ਕਰਵਾਇਆ। ਡਾਕਟਰ ਗੁਰਪ੍ਰੀਤ ਕੌਰ ਅਤੇ ਡਾ. ਕੁਲਵਿੰਦਰ ਕੌਰ ਨੇ ਖੁਦ ਸ਼ਹਿਰੀ ਖੇਤਰ ਦੇ ਦਫਤਰਾਂ ਵਿੱਚ ਜਾ ਕੇ ਸਰਵੇ ਕੀਤਾ ਅਤੇ ਦਫਤਰੀ ਸਟਾਫ ਤੇ ਆਮ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਣੀਆ ਬਾਰੇ ਜਾਣਕਾਰੀ ਦਿੱਤੀ। ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਡੇਂਗੂ ਅਤੇ ਚਿਕਨਗੁਨੀਆ ਬੁਖਾਰ ਮਾਦਾ ਏਡੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਸਿਰਫ਼ ਦਿਨ ਵੇਲੇ ਕੱਟਦਾ ਹੈ। ਉਨ੍ਹਾਂ ਦੱਸਿਆ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿੱਛੇ ਦਰਦ, ਮਸੂੜਿਆਂ ਅਤੇ ਨੱਕ ਵਿੱਚੋਂ ਖੂਨ ਵਗਣਾ ਇਹ ਡੇਂਗੂ ਅਤੇ ਚਿਕਨਗੁਨੀਆ ਬੁਖਾਰ ਦੇ ਲੱਛਣ ਹੋ ਸਕਦੇ ਹਨ। ਅਜਿਹੀ ਸਥਿਤੀ ਵਿੱਚ ਆਪਣੇ ਨਜ਼ਦੀਕੀ ਸਰਕਾਰੀ ਹਸਪਤਾਲ ਵਿਖੇ ਖੂਨ ਦੀ ਜਾਂਚ ਜ਼ਰੂਰ ਕਰਵਾਓ। ਉਨ੍ਹਾਂ ਰੋਕਥਾਮ ਬਾਰੇ ਹਦਾਇਤਾਂ ਦਿੰਦਿਆਂ ਕਿਹਾ ਕਿ ਕੂਲਰਾਂ ਅਤੇ ਗਮਲਿਆਂ ਦੀਆਂ ਟਰੇਆਂ ਵਿੱਚੋਂ ਸਾਫ਼ ਪਾਣੀ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ਼ ਕਰੋ। ਅਜਿਹੇ ਕੱਪੜੇ ਪਹਿਨੋ ਜਿਸ ਨਾਲ ਸਰੀਰ ਢਕਿਆ ਰਹੇ ਤਾਂ ਜੋ ਮੱਛਰ ਨਾ ਕੱਟ ਸਕੇ। ਸੌਣ ਵੇਲੇ ਮੱਛਰਦਾਨੀ ਦਾ ਪ੍ਰਯੋਗ ਕਰੋ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਜਾਂ ਤੇਲ ਦੀ ਵਰਤੋਂ ਕਰੋ। ਬੁਖਾਰ ਹੋਣ ਤੇ ਐਸਪਰੀਨ ਜਾਂ ਬਰੂਫ਼ਨ ਨਾ ਲਵੋ, ਸਿਰਫ਼ ਪੈਰਾਸਿਟਾਮੋਲ ਦੀ ਵਰਤੋਂ ਕਰੋ। ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣ ਨੂੰ ਚੰਗੀ ਤਰ੍ਹਾਂ ਬੰਦ ਰੱਖੋ ਅਤੇ ਟੁੱਟੇ ਬਰਤਨ, ਡਰੱਮੇ ਜਾਂ ਟਾਇਰ ਖੁੱਲ੍ਹੇ ਵਿੱਚ ਨਾ ਰੱਖੋ। ਇਸ ਮੌਕੇ ਹਰਪ੍ਰੀਤ ਸਿੰਘ (ਐੱਚਆਈ), ਜੋਬਨਪ੍ਰੀਤ ਸਿੰਘ, ਮਹਿੰਦਰ ਪਾਲ, ਦਵਿੰਦਰ ਸਿੰਘ, ਨਿਕੁੰਜ ਮੋਹਨ, ਪਵਨ ਕੁਮਾਰ, ਅਮਨਪ੍ਰੀਤ ਸਿੰਘ, ਆਕਾਸ਼ਦੀਪ, ਰਮਨ ਕੁਮਾਰ, ਹਰਭੇਜ, ਬਰੀਡਿੰਗ ਚੈਕਰ ਅਤੇ ਸਿਵਲ ਸਰਜਨ ਦਫਤਰ ਦੇ ਨਰਸਿੰਗ ਸਕੂਲ ਦੇ ਵਿਦਿਆਰਥੀ ਸਮੇਤ ਹੋਰ ਹਾਜ਼ਰ ਸਨ।