ਜ਼ਿਲ੍ਹੇ ਦੀਆਂ 14 ਮੰਡੀਆਂ ’ਚਕਣਕ ਦੀ ਆਮਦ ਸ਼ੁਰੂ
ਡਿਪਟੀ ਕਮਿਸ਼ਨਰ ਡਾ. ਪੱਲਵੀ ਵੱਲੋਂ ਪਠਾਨਕੋਟ ਦੀਆਂ ਦਾਣਾ ਮੰਡੀਆਂ ਦਾ ਵਿਸ਼ੇਸ਼ ਦੌਰਾ,
Publish Date: Sat, 18 Apr 2026 05:24 PM (IST)
Updated Date: Sun, 19 Apr 2026 04:07 AM (IST)
ਅੰਕੁਰ ਮਹਾਜਨ, ਪੰਜਾਬੀ ਜਾਗਰਣ,
ਪਠਾਨਕੋਟ ਕੈਂਟ : ਜ਼ਿਲ੍ਹਾ ਪਠਾਨਕੋਟ ਵਿੱਚ ਚੱਲ ਰਹੀ ਕਣਕ ਖਰੀਦ ਪ੍ਰਕਿਰਿਆ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਪੱਲਵੀ ਵੱਲੋਂ ਦਾਣਾ ਮੰਡੀਆਂ ਦਾ ਵਿਸ਼ੇਸ਼ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਸਰਨਾ ਵਿਖੇ ਸਥਿਤ ਰਾਜਨ ਦੀ ਮੰਡੀ ਦਾ ਨਿਰੀਖਣ ਕਰਦੇ ਹੋਏ ਕਣਕ ਦੀ ਆਮਦ ਅਤੇ ਖਰੀਦ ਪ੍ਰਕਿਰਿਆ ਦੀ ਜਾਂਚ ਕੀਤੀ ਅਤੇ ਕਿਸਾਨਾਂ ਲਈ ਕੀਤੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ।
ਡਾ. ਪੱਲਵੀ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਸੁਣਿਆ। ਇਸ ਮੌਕੇ ’ਤੇ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਰਾਜ ਰਿਸ਼ੀ ਮਹਿਰਾ, ਅਜੇ ਪ੍ਰਿੰਜਾ ਸਹਾਇਕ ਖੁਰਾਕ ਤੇ ਸਪਲਾਈ ਕੰਟਰੋਲਰ, ਵਿਕਰਮਜੀਤ ਸਿੰਘ ਜ਼ਿਲ੍ਹਾ ਮੰਡੀ ਅਫਸਰ, ਸੰਦੀਪ ਸਿੰਘ ਜ਼ਿਲ੍ਹਾ ਮੈਨੇਜਰ ਪਨਸਪ, ਗੁਰਪ੍ਰੀਤ ਸਿੰਘ ਜ਼ਿਲ੍ਹਾ ਮੈਨੇਜਰ ਮਾਰਕਫੈਡ, ਇੰਸਪੈਕਟਰ ਕੁਲਦੀਪ ਸਿੰਘ, ਇੰਸਪੈਕਟਰ ਤਰੁਣ ਗੁਪਤਾ, ਆੜ੍ਹਤੀ ਰਾਜਨ ਸ਼ਰਮਾ (ਸ਼ਰਮਾ ਟਰੇਡਰ) ਅਤੇ ਰਜਨੀਸ਼ ਅਰੋੜਾ ਸੁਪਰਵਾਈਜ਼ਰ ਮਾਰਕੀਟ ਕਮੇਟੀ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 14 ਦਾਣਾ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਲਗਭਗ 1500 ਮੀਟਰਿਕ ਟਨ ਕਣਕ ਦੀ ਆਮਦ ਦਰਜ ਕੀਤੀ ਗਈ ਹੈ, ਜਿਸ ਵਿੱਚੋਂ ਕਰੀਬ 580 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲਿਫਟਿੰਗ ਅਤੇ ਭੁਗਤਾਨ ਦੀ ਪ੍ਰਕਿਰਿਆ ਵੀ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕਣਕ ਦੀ ਆਮਦ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਡਾ. ਪੱਲਵੀ ਨੇ ਇਹ ਵੀ ਯਕੀਨੀ ਬਣਾਇਆ ਕਿ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ ਅਤੇ ਬੈਠਕ ਸਮੇਤ ਸਾਰੀਆਂ ਬੁਨਿਆਦੀ ਸਹੂਲਤਾਂ ਉਪਲੱਬਧ ਹਨ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।