ਰਾਜਪਾਲ ਕਟਾਰੀਆ ਦੇ ਪਠਾਨਕੋਟ ਦੌਰੇ ਸਬੰਧੀ ਅਗੇਤੇ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਮੀਟਿੰਗ
ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਪਠਾਨਕੋਟ ਦੌਰੇ ਸਬੰਧੀ ਅਗੇਤੇ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਮੀਟਿੰਗ
Publish Date: Sat, 04 Apr 2026 06:06 PM (IST)
Updated Date: Sun, 05 Apr 2026 04:05 AM (IST)

ਹਰਪ੍ਰੀਤ ਹੈਰੀ, ਪੰਜਾਬੀ ਜਾਗਰਣ, ਪਠਾਨਕੋਟ ਮਾਨਯੋਗ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਦੇ 16, 17 ਅਤੇ 18 ਅਪ੍ਰੈਲ ਨੂੰ ਹੋਣ ਵਾਲੇ ਪਠਾਨਕੋਟ ਦੌਰੇ ਦੇ ਮੱਦੇਨਜ਼ਰ ਅਗੇਤੇ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਹੋਈ। ਇਹ ਮੀਟਿੰਗ ਡਿਪਟੀ ਕਮਿਸ਼ਨਰ ਡਾ. ਪੱਲਵੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਦੱਸਿਆ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ 16 ਤੋਂ 18 ਅਪ੍ਰੈਲ ਤੱਕ ਪਠਾਨਕੋਟ ਦੇ ਵਿਸ਼ੇਸ਼ ਦੌਰੇ ਤੇ ਰਹਿਣਗੇ।ਉਨ੍ਹਾਂ ਦੱਸਿਆ ਕਿ 16 ਅਪ੍ਰੈਲ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਮਹਾਰਾਣਾ ਪ੍ਰਤਾਪ ਸਕੂਲ ਮੰਗਿਆਲ ਮਨਵਾਲ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਵੀਡੀਸੀ ਮੈਂਬਰਾਂ ਨੂੰ ਸੰਬੋਧਨ ਕਰਨਗੇ।ਉਨ੍ਹਾਂ ਅੱਗੇ ਦੱਸਿਆ ਕਿ 17 ਅਪ੍ਰੈਲ ਨੂੰ ਰਾਜਪਾਲ ਵੱਲੋਂ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਸੰਦੀਪਨੀ ਸਕੂਲ ਪਠਾਨਕੋਟ ਤੋਂ ਏਬੀ ਕਾਲਜ ਪਠਾਨਕੋਟ ਤੱਕ ਪੈਦਲ ਪਦ ਯਾਤਰਾ ਕੱਢੀ ਜਾਵੇਗੀ।ਇਸ ਤੋਂ ਇਲਾਵਾ ਨਿਆੜੀ ਵਿਖੇ ਵੀਡੀਸੀ ਮੈਂਬਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਵੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 18 ਅਪ੍ਰੈਲ ਨੂੰ ਰਾਜਪਾਲ ਸ੍ਰੀ ਸਾਂਈ ਕਾਲਜ ਬਧਾਣੀ ਵਿਖੇ ਸਰਹੱਦੀ ਖੇਤਰ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ।ਮੀਟਿੰਗ ਦੌਰਾਨ ਰਾਜਪਾਲ ਦੇ ਦੌਰੇ ਸਬੰਧੀ ਸੁਰੱਖਿਆ ਅਤੇ ਹੋਰ ਪ੍ਰਬੰਧਾਂ ਲਈ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਨਿਰਧਾਰਿਤ ਕੀਤੀਆਂ ਗਈਆਂ। ਇਸ ਮੌਕੇ ਐਸਐਸਪੀ ਦਲਜਿੰਦਰ ਸਿੰਘ ਢਿੱਲੋਂ, ਐਸਡੀਐਮ ਅਰਸ਼ਦੀਪ ਸਿੰਘ, ਤਹਿਸੀਲਦਾਰ ਪਰਮਪ੍ਰੀਤ ਸਿੰਘ ਗੋਰਾਇਆ, ਜ਼ਿਲ੍ਹਾ ਸਿੱਖਿਆ ਅਧਿਕਾਰੀ ਕਮਲਦੀਪ ਕੌਰ, ਸਿਵਲ ਸਰਜਨ ਡਾ. ਸੁਨੀਤਾ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।