ਜ਼ਿਲ੍ਹਾ ਗਾਈਡੈਂਸ ਕੌਂਸਲਰ ਵੱਲੋਂ ਵੱਖ-ਵੱਖ ਸਕੂਲਾਂ ’ਚ ਪੇਰੈਂਟਸ-ਟੀਚਰ ਮੀਟਿੰਗਾਂ ਦਾ ਜਾਇਜ਼ਾ
ਜ਼ਿਲ੍ਹਾ ਗਾਈਡੈਂਸ ਕੌਂਸਲਰ ਵਲੋਂ ਵੱਖ-ਵੱਖ ਸਕੂਲਾਂ ਵਿੱਚ ਪੇਰੈਂਟਸ-ਟੀਚਰ ਮੀਟਿੰਗਾਂ ਦਾ ਜਾਇਜ਼ਾ
Publish Date: Sat, 30 May 2026 04:14 PM (IST)
Updated Date: Sat, 30 May 2026 04:17 PM (IST)

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ, ਕਾਦੀਆਂ/ਸ੍ਰੀ ਹਰਗੋਬਿੰਦਪੁਰ: ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਬਿਹਤਰ ਸਿੱਖਿਆ, ਨੈਤਿਕ ਕਦਰਾਂ-ਕੀਮਤਾਂ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕਰਵਾਈਆਂ ਜਾ ਰਹੀਆਂ ਪੇਰੈਂਟਸ-ਟੀਚਰ ਮੀਟਿੰਗਾਂ (ਪੀਟੀਐਬਮ.) ਦੇ ਤਹਿਤ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਸ੍ਰੀਮਤੀ ਪਰਮਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵੱਲੋਂ ਬਲਾਕ ਕਾਦੀਆਂ-1 ਅਤੇ ਬਲਾਕ ਕਾਦੀਆਂ-2 ਅਧੀਨ ਪੈਂਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਪੀ.ਟੀ.ਐਮ. ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਬਲਾਕ ਕਾਦੀਆਂ-1 ਦੇ ਨੋਡਲ ਅਫ਼ਸਰ ਵਿਜੇ ਕੁਮਾਰ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ। ਦੌਰੇ ਦੌਰਾਨ ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਜਾਲਾ, ਸਰਕਾਰੀ ਹਾਈ ਸਕੂਲ ਉਧਨਵਾਲ, ਸਰਕਾਰੀ ਹਾਈ ਸਕੂਲ ਬਸਰਾਵਾਂ ਅਤੇ ਸਰਕਾਰੀ ਹਾਈ ਸਕੂਲ ਤੁਗਲਵਾਲ ਵਿਖੇ ਪਹੁੰਚ ਕੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਰੂਬਰੂ ਗੱਲਬਾਤ ਕੀਤੀ। ਉਨ੍ਹਾਂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ, ਅਕਾਦਮਿਕ ਪ੍ਰਗਤੀ, ਸਹਿ-ਪਾਠਕ੍ਰਮ ਗਤੀਵਿਧੀਆਂ, ਕਰੀਅਰ ਮਾਰਗਦਰਸ਼ਨ ਅਤੇ ਸਕੂਲਾਂ ਵਿੱਚ ਉਪਲਬਧ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਮਾਪਿਆਂ ਦੇ ਸੁਝਾਵ ਵੀ ਸੁਣੇ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਜਾਲਾ ਵਿਖੇ ਸਕੂਲ ਦੀ ਪ੍ਰਿੰਸੀਪਲ ਸ਼ਸ਼ੀ ਕਿਰਨ, ਅਧਿਆਪਕ ਵਿਪਨ ਪਰਾਸ਼ਰ, ਯੂਨੀਸ਼ ਮਹਾਜਨ, ਪੂਨਮ ਅਤੇ ਹੋਰ ਸਟਾਫ ਮੈਂਬਰਾਂ ਨੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਉਧਨਵਾਲ ਵਿਖੇ ਹੈੱਡਮਿਸਟ੍ਰੈੱਸ ਵਰਿੰਦਰ ਪਾਲ ਕੌਰ, ਰਜਿੰਦਰ ਸਿੰਘ ਰੰਧਾਵਾ ਅਤੇ ਸਮੂਹ ਸਟਾਫ ਦੀ ਮੌਜੂਦਗੀ ਵਿੱਚ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਸਮਾਜ ਸੇਵੀ ਸਤਨਾਮ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ਅਤੇ ਉਨ੍ਹਾਂ ਨੇ ਮਾਪਿਆਂ ਨੂੰ ਬੱਚਿਆਂ ਦੀ ਸਿੱਖਿਆ ਪ੍ਰਤੀ ਹੋਰ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ। ਮੁਕੇਸ਼ ਵਰਮਾ ਨੇ ਮਾਪਿਆਂ ਨੂੰ ਕਿਹਾ ਕਿ ਉਹ ਆਪਣੇ ਬੱਚਿਆਂ ਨਾਲ ਹਰ ਰੋਜ਼ ਕੁਝ ਸਮਾਂ ਜ਼ਰੂਰ ਬਿਤਾਉਣ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਨ ਅਤੇ ਉਨ੍ਹਾਂ ਦਾ ਆਤਮ-ਵਿਸ਼ਵਾਸ ਵਧਾਉਣ। ਉਨ੍ਹਾਂ ਮਾਪਿਆਂ ਨੂੰ ਸਕੂਲ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਅਤੇ ਸਕੂਲ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ ਵੀ ਕੀਤੀ। ਬਲਾਕ ਨੋਡਲ ਅਫ਼ਸਰ ਵਿਜੇ ਕੁਮਾਰ ਨੇ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਦੀ ਸਾਂਝੀ ਭੂਮਿਕਾ ਹੀ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫਲਤਾ ਦੀਆਂ ਉੱਚਾਈਆਂ ਤੱਕ ਪਹੁੰਚਾ ਸਕਦੀ ਹੈ। ਮੀਟਿੰਗਾਂ ਦੌਰਾਨ ਮਾਪਿਆਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਪੇਰੈਂਟਸ-ਟੀਚਰ ਮੀਟਿੰਗਾਂ ਦੀ ਭਰਪੂਰ ਸ਼ਲਾਘਾ ਕੀਤੀ।