ਡੈਮੋਕ੍ਰੇਟਿਕ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਯੂਨੀਅਨ ਗੁਰਦਾਸਪੁਰ ਦੇ ਸੱਦੇ ’ਤੇ ਗੁਰਦਾਸਪੁਰ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਬਲਾਕਾਂ ’ਚੋਂ ਵੱਡੀ ਗਿਣਤੀ ’ਚ ਇਕੱਠੀਆਂ ਹੋਈਆਂ ਵਰਕਰਾਂ ਨੇ ਬਲਵਿੰਦਰ ਕੌਰ ਅਲੀ ਸ਼ੇਰ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਗੁਰਦਾਸਪੁਰ ਅੱਗੇ ਧਰਨਾ ਲਗਾਇਆ।

ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ। ਡੈਮੋਕ੍ਰੇਟਿਕ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਯੂਨੀਅਨ ਗੁਰਦਾਸਪੁਰ ਦੇ ਸੱਦੇ ’ਤੇ ਗੁਰਦਾਸਪੁਰ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਬਲਾਕਾਂ ’ਚੋਂ ਵੱਡੀ ਗਿਣਤੀ ’ਚ ਇਕੱਠੀਆਂ ਹੋਈਆਂ ਵਰਕਰਾਂ ਨੇ ਬਲਵਿੰਦਰ ਕੌਰ ਅਲੀ ਸ਼ੇਰ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਗੁਰਦਾਸਪੁਰ ਅੱਗੇ ਧਰਨਾ ਲਗਾਇਆ।
ਗਰਮੀ ਵਿੱਚ ਰੋਹ ਵਿੱਚ ਆਈਆਂ ਵਰਕਰਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ’ਤੇ ਬੈਠੀਆਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਗੁਰਵਿੰਦਰ ਕੌਰ ਬਹਿਰਾਮਪੁਰ, ਕਾਂਤਾ ਦੇਵੀ ਭੁੱਲਰ, ਮੀਰਾਂ ਕਾਹਨੂੰਵਾਨ, ਸਿੰਦੀ ਨੌਸ਼ਹਿਰਾ ਮੱਝਾ ਸਿੰਘ, ਊਸ਼ਾ ਰਾਣੀ ਦਕੋਹਾ, ਨਿਸ਼ਾ ਕਲੀਪੁਰ, ਵੀਨਾ ਬਹਿਰਾਮਪੁਰ ਨੇ ਕਿਹਾ ਕਿ ਸਿਵਲ ਸਰਜਨ ਦਫ਼ਤਰ ਗੁਰਦਾਸਪੁਰ ਵਲੋਂ ਉਨ੍ਹਾਂ ਦੀਆਂ ਤਨਖਾਹਾਂ ਤੇ ਭੱਤਿਆਂ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ।
ਵਰਕਰਾਂ ਤੋਂ ਵਾਧੂ ਕੰਮ ਲੈਣੇ ਬੰਦ ਕੀਤੇ ਜਾਣ, ਖਾਲੀ ਪਈਆਂ ਅਸਾਮੀਆਂ ਭਰੀਆਂ ਜਾਣ ਅਤੇ ਹਰ ਤਰ੍ਹਾਂ ਦੀ ਵੈਕਸੀਨਾਂ ਲਿਆਉਣ ਦੀ ਜ਼ਿਮੇਵਾਰੀ ਆਸ਼ਾ ਵਰਕਰਾਂ ’ਤੇ ਨਾ ਪਾਈ ਜਾਵੇ। ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਬਹਿਰਾਮਪੁਰ ਨੇ ਧਰਨੇ ਦੀ ਹਮਾਇਤ ਕਰਦਿਆਂ ਸਰਕਾਰ ਦੀ ਮਜ਼ਦੂਰ ਵਿਰੋਧੀ ਨੀਤੀਆਂ ਦੀ ਆਲੋਚਨਾ ਕੀਤੀ। ਜਥੇਬੰਦੀ ਦੇ ਸਲਾਹਕਾਰ ਅਮਰਜੀਤ ਸ਼ਾਸਤਰੀ ਨੇ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਰਕਰਾਂ ਨੂੰ ਨਿਗੂਣੀਆਂ ਤਨਖਾਹਾਂ ਵੀ ਸਮੇਂ ਸਿਰ ਨਹੀਂ ਦਿੱਤੀਆਂ ਜਾਂਦੀਆਂ।