ਚੋਣ ਕਮਿਸ਼ਨ ਨਗਰ ਨਿਗਮ ਚੋਣਾਂ ਈਵੀਐਮ ਰਾਹੀਂ ਕਰਵਾਏ: ਖੰਨਾ
ਚੋਣ ਕਮਿਸ਼ਨ ਨਗਰ ਨਿਗਮ ਚੋਣਾਂ ਬੈਲਟ ਪੇਪਰਾਂ ਦੀ ਬਜਾਏ ਈਵੀਐਮ ਰਾਹੀਂ ਕਰਵਾਏ: ਅਵਿਨਾਸ਼ ਰਾਏ ਖੰਨਾ
Publish Date: Sat, 16 May 2026 08:00 PM (IST)
Updated Date: Sun, 17 May 2026 04:13 AM (IST)
ਬਟਾਲਾ: ਅੱਜ ਸਥਾਨਕ ਭਾਰਤੀ ਜਨਤਾ ਪਾਰਟੀ ਦਫ਼ਤਰ ਵਿਖੇ ਜ਼ਿਲ੍ਹਾ ਭਾਜਪਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਦੀ ਅਗਵਾਈ ਹੇਠ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਨਗਰ ਨਿਗਮ ਚੋਣਾਂ ਲਈ ਭਾਜਪਾ ਦੇ ਇੰਚਾਰਜ ਅਵਿਨਾਸ਼ ਰਾਏ ਖੰਨਾ ਨੇ ਸ਼ਿਰਕਤ ਕੀਤੀ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਧੱਕੇਸ਼ਾਹੀ ਕਰਨ ਲਈ ਹਰ ਸੰਭਵ ਤਰੀਕੇ ਅਪਣਾਏ, ਪਰ ਭਾਜਪਾ ਨੇ ਸਰਕਾਰ ਦੀ ਹਰ ਧੱਕੇਸ਼ਾਹੀ ਦਾ ਡਟ ਕੇ ਵਿਰੋਧ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਆਗੂਆਂ ਨੂੰ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਵਿੱਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ, ਪਰ ਭਾਜਪਾ ਨੇ ਆਪਣੇ ਇਰਾਦੇ ਵਿੱਚ ਅਡੋਲ ਰਹਿ ਕੇ ਅੰਤ ਵਿੱਚ 45 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।
ਉਨ੍ਹਾਂ ਅੱਗੇ ਕਿਹਾ ਕਿ ’ਆਪ’ ਸਰਕਾਰ ਈਵੀਐਮ ਦੀ ਬਜਾਏ ਬੈਲਟ ਪੇਪਰਾਂ ਦੀ ਵਰਤੋਂ ਕਰਕੇ ਨਗਰ ਨਿਗਮ ਚੋਣਾਂ ਕਰਵਾ ਰਹੀ ਹੈ, ਜੋ ਕਿ ਸਮਝ ਤੋਂ ਪਰੇ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ, ਭਾਜਪਾ ਆਗੂਆਂ ਨੇ ਮਾਣਯੋਗ ਚੋਣ ਕਮਿਸ਼ਨ ਨੂੰ ਇੱਕ ਮੰਗ ਪੱਤਰ ਸੌਂਪਿਆ ਹੈ, ਜਿਸ ਵਿੱਚ ਅਪੀਲ ਕੀਤੀ ਗਈ ਹੈ ਕਿ ਇਹ ਚੋਣਾਂ ਸਿਰਫ਼ ਈਵੀਐਮ ਮਸ਼ੀਨਾਂ ਰਾਹੀਂ ਹੀ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਈਵੀਐਮ ਮਸ਼ੀਨਾਂ ਦੀ ਵਰਤੋਂ ਕਰਕੇ ਚੋਣਾਂ ਕਰਵਾਉਣ ਨਾਲ ਨਾ ਸਿਰਫ਼ ਸਮਾਂ ਬਚਦਾ ਹੈ ਸਗੋਂ ਵੋਟਿੰਗ ਦੌਰਾਨ ਕਿਸੇ ਵੀ ਧਾਂਦਲੀ ਦੇ ਜ਼ੋਖ਼ਮ ਨੂੰ ਵੀ ਖਤਮ ਕੀਤਾ ਜਾਂਦਾ ਹੈ, ਜਿਸ ਨਾਲ ਨਤੀਜੇ ਉਸੇ ਦਿਨ ਐਲਾਨੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ’ਆਪ’ ਸਰਕਾਰ ਹਰ ਤਰ੍ਹਾਂ ਦੇ ਗਲਤ ਹੱਥਕੰਡੇ ਅਪਣਾ ਕੇ ਇਨ੍ਹਾਂ ਚੋਣਾਂ ਨੂੰ ਜਿੱਤਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਸੂਬੇ ਦੇ ਲੋਕ ’ਆਪ’ ਸਰਕਾਰ ਦੇ ਅਸਲ ਚੇਹਰੇ ਨੂੰ ਚੰਗੀ ਤਰ੍ਹਾਂ ਜਾਨ ਚੁੱਕੇ ਹਨ ਅਤੇ ਹੁਣ ਉਨ੍ਹਾਂ ਦੀਆਂ ਚਾਲਾਂ ਵਿੱਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਭਾਜਪਾ ਨਗਰ ਨਿਗਮ ਚੋਣਾਂ ਵਿੱਚ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ ਅਤੇ ਆਪਣਾ ਮੇਅਰ ਬਣਾਏਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਦਾ ਸਮਰਥਨ ਕਰਨ ਤਾਂ ਜੋ ਸ਼ਹਿਰ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਸਕੇ।