ਪਾਬੰਦੀ ਦੇ ਬਾਵਜੂਦ ਪਰਾਲੀ ਨੂੰ ਅੱਗ ਲਗਾ ਰਹੇ ਕਿਸਾਨ, ਜ਼ਿਲ੍ਹੇ ਵਿੱਚ ਹੁਣ ਤੱਕ 275 ਮਾਮਲੇ ਆਏ ਸਾਹਮਣੇ

-ਸੱਤ ਕਿਸਾਨਾਂ ’ਤੇ ਕੇਸ ਦਰਜ, 3.05 ਲੱਖ ਰੁਪਏ ਦਾ ਜੁਰਮਾਨਾ ਵਸੂਲਿਆ
ਪਲਵਿੰਦਰ ਸਿੰਘ, ਪੰਜਾਬੀ ਜਾਗਰਣ, ਗੁਰਦਾਸਪੁਰ : ਵਾਤਾਵਰਣ ਪ੍ਰਦੂਸ਼ਣ ਦੇ ਵਧਦੇ ਖ਼ਤਰੇ ਵਿਚਕਾਰ ਜ਼ਿਲ੍ਹੇ ਵਿੱਚ ਕਿਸਾਨ ਖੇਤਾਂ ਵਿੱਚ ਪਰਾਲੀ ਸਾੜਨ ਤੋਂ ਬਾਜ਼ ਨਹੀਂ ਆ ਰਹੇ। ਪਾਬੰਦੀ ਦੇ ਬਾਵਜੂਦ ਕਿਸਾਨਾਂ ਵੱਲੋਂ ਲਗਾਤਾਰ ਖੇਤਾਂ ਵਿੱਚ ਅੱਗ ਲਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਪ੍ਰਦੂਸ਼ਣ ਕੰਟਰੋਲ ਬੋਰਡ ਬਟਾਲਾ ਅਨੁਸਾਰ ਹੁਣ ਤੱਕ ਜ਼ਿਲ੍ਹੇ ਭਰ ਵਿੱਚ ਪਰਾਲੀ ਸਾੜਨ ਦੇ 275 ਮਾਮਲੇ ਸਾਹਮਣੇ ਆ ਚੁੱਕੇ ਹਨ। ਹਾਲਾਂਕਿ ਸਜ਼ਾ ਅਤੇ ਜੁਰਮਾਨੇ ਦਾ ਵੀ ਪ੍ਰਬੰਧ ਹੈ। ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਨੂੰ ਵੇਖਦਿਆਂ ਸਖ਼ਤ ਕਾਰਵਾਈ ਵੀ ਕੀਤੀ ਜਾ ਰਹੀ ਹੈ। ਹੁਣ ਤੱਕ ਸੱਤ ਕਿਸਾਨਾਂ ਵਿਰੁੱਧ ਮਾਮਲੇ ਦਰਜ ਕੀਤੇ ਗਏ ਹਨ, ਜਦਕਿ 3.05 ਲੱਖ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ ਹੈ।
ਬਾਵਜੂਦ ਇਸਦੇ ਕਿਸਾਨ ਪਰਾਲੀ ਸਾੜਨ ਤੋਂ ਬਾਜ਼ ਨਹੀਂ ਆ ਰਹੇ ਜਿਸ ਨਾਲ ਇਲਾਕੇ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਹਾਲਾਂਕਿ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਈ ਜਾਗਰੂਕਤਾ ਮੁਹਿੰਮਾਂ ਚਲਾਈਆਂ ਗਈਆਂ ਹਨ। ਪਰਾਲੀ ਸਾੜਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨਾ ਸਾੜਨ, ਸਗੋਂ ਇਸਦਾ ਸਹੀ ਨਿਪਟਾਰਾ ਕਰਨ ਜਾਂ ਫਿਰ ਇਸਨੂੰ ਖੇਤਾਂ ਵਿੱਚ ਹੀ ਪ੍ਰਬੰਧਿਤ ਕਰਨ ਦੇ ਤਰੀਕੇ ਅਪਣਾਉਣ। ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਕਿਸਾਨਾਂ ਲਈ ਸਬਸਿਡੀ ’ਤੇ ਮਸ਼ੀਨਾਂ ਉਪਲਬਧ ਕਰਾਉਣ ਦਾ ਵੀ ਪ੍ਰਬੰਧ ਕੀਤਾ ਹੈ।
-ਮਨੁੱਖੀ ਸਰੀਰ ਲਈ ਖਤਰਨਾਕ ਹੁੰਦਾ ਹੈ ਧੂੰਆਂ
ਖੇਤਾਂ ’ਚ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਨਾਲ ਵਾਤਾਵਰਣ ਗੰਭੀਰ ਰੂਪ ਵਿੱਚ ਪ੍ਰਦੂਸ਼ਿਤ ਹੋ ਰਿਹਾ ਹੈ। ਇਹ ਪ੍ਰਥਾ ਮਨੁੱਖੀ ਜੀਵਨ ਲਈ ਬਹੁਤ ਖ਼ਤਰਨਾਕ ਸਾਬਤ ਹੋ ਰਹੀ ਹੈ। ਖੇਤੀਬਾੜੀ ਵਿਭਾਗ ਅਨੁਸਾਰ ਪਰਾਲੀ ਸਾੜਨ ਨਾਲ ਕਾਰਬਨ ਡਾਈਆਕਸਾਈਡ, ਮੀਥੇਨ ਅਤੇ ਕਾਰਬਨ ਮੋਨੋਆਕਸਾਈਡ ਵਰਗੀਆਂ ਜ਼ਹਿਰੀਲੀਆਂ ਗੈਸਾਂ ਵਾਤਾਵਰਣ ਵਿੱਚ ਘੁਲ ਜਾਂਦੀਆਂ ਹਨ, ਜਿਸ ਨਾਲ ਹਵਾ ਦੀ ਗੁਣਵੱਤਾ ਖ਼ਤਰਨਾਕ ਪੱਧਰ ਤੱਕ ਪਹੁੰਚ ਜਾਂਦੀ ਹੈ। ਇਸ ਧੂੰਏਂ ਵਿੱਚ ਮੌਜੂਦ ਸੂਖਮ ਕਣ ਸਾਹ ਰਾਹੀਂ ਫੇਫੜਿਆਂ ਵਿੱਚ ਪ੍ਰਵੇਸ਼ ਕਰਕੇ ਦਮਾ, ਬ੍ਰੌਂਕਾਈਟਸ ਅਤੇ ਦਿਲ ਦੀਆਂ ਬਿਮਾਰੀਆਂ ਦਾ ਕਾਰਨ ਬਣਦੇ ਹਨ। ਬੱਚੇ, ਬਜ਼ੁਰਗ ਅਤੇ ਗਰਭਵਤੀ ਔਰਤਾਂ ਇਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੁੰਦੀਆਂ ਹਨ।
-ਮਿੱਟੀ ਦੀ ਉਪਜਾਊ ਸ਼ਕਤੀ ’ਤੇ ਵੀ ਪੈਂਦੇ ਅਸਰ
ਪਰਾਲੀ ਸਾੜਨ ਨਾਲ ਨਾ ਸਿਰਫ਼ ਹਵਾ ਪ੍ਰਦੂਸ਼ਣ ਵਧਦਾ ਹੈ, ਸਗੋਂ ਇਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੀ ਘੱਟ ਹੁੰਦੀ ਹੈ ਅਤੇ ਕਈ ਗੰਭੀਰ ਬਿਮਾਰੀਆਂ ਦਾ ਖ਼ਤਰਾ ਪੈਦਾ ਹੋ ਜਾਂਦਾ ਹੈ। ਕਿਸਾਨ ਪਰਾਲੀ ਪ੍ਰਬੰਧਨ ਦੇ ਆਧੁਨਿਕ ਤਰੀਕੇ ਅਪਣਾ ਕੇ ਵਾਤਾਵਰਣ ਸੰਭਾਲ ਵਿੱਚ ਯੋਗਦਾਨ ਪਾ ਸਕਦੇ ਹਨ। ਫਿਲਹਾਲ ਪ੍ਰਸ਼ਾਸਨ ਨੇ ਸਖ਼ਤ ਰੁਖ਼ ਨੂੰ ਜਾਰੀ ਰੱਖਦਿਆਂ ਸਬੰਧਤ ਵਿਭਾਗਾਂ ਨੂੰ ਇਲਾਕੇ ਵਿੱਚ ਨਿਯਮਤ ਨਿਗਰਾਨੀ ਰੱਖਣ ਅਤੇ ਅਜਿਹੀ ਹਰਕਤ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਟੀਮਾਂ ਦੀ ਕੀਤਾ ਗਿਆ ਗਠਨ, ਰਕਬੇ ਦੇ ਹਿਸਾਬ ਨਾਲ ਕੀਤਾ ਜਾਂਦਾ ਹੈ ਜੁਰਮਾਨਾ : ਖੇਤੀਬਾੜੀ ਅਫਸਰ
ਖੇਤੀਬਾੜੀ ਅਫ਼ਸਰ ਡਾ. ਰਣਧੀਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਕਣਕ ਦੀ ਵਾਢੀ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਖੇਤਾਂ ਵਿੱਚ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕੀਤਾ ਗਿਆ ਸੀ। ਇਸ ਅੱਗਜ਼ਨੀ ਘਟਨਾਵਾਂ ਨੂੰ ਰੋਕਣ ਲਈ ਬਲਾਕ ਵਾਰ ਦੇ ਹਿਸਾਬ ਨਾਲ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈ, ਜੋ ਕਿ ਵੱਖ-ਵੱਖ ਥਾਵਾਂ ’ਤੇ ਜਾ ਕੇ ਅਜਿਹੀ ਹਰਕਤ ਕਰਨ ਵਾਲਿਆਂ ਵਿਰੁੱਧ ਨਿਗਰਾਨੀ ਰੱਖ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਰਕਬੇ ਦੇ ਹਿਸਾਬ ਨਾਲ ਕਿਸਾਨਾਂ ਨੂੰ ਜੁਰਮਾਨਾ ਕੀਤਾ ਜਾਂਦਾ ਹੈ। ਇੱਕ ਏਕੜ ਵਿੱਚ ਅੱਗ ਲੱਗਣ ਦੀ ਘਟਨਾ ਪਾਏ ਜਾਣ ’ਤੇ ਕਿਸਾਨ ਨੂੰ ਪੰਜ ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਜਾਂਦਾ ਹੈ। ਦੂਜੇ ਪਾਸੇ ਜਦੋਂ ਗੁਰਦਾਸਪੁਰ ਦੇ ਐਡਵੋਕੇਟ ਮੁਨੀਸ਼ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸਾਨ ਆਪਣੇ ਖੇਤ ਵਿੱਚ ਅੱਗ ਲਾਉਂਦਾ ਹੈ ਤਾਂ ਪੁਲਿਸ ਉਸ ਵਿਰੁੱਧ ਧਾਰਾ 188 ਤਹਿਤ ਕੇਸ ਦਰਜ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਛੇ ਮਹੀਨੇ ਦੀ ਸਜ਼ਾ ਅਤੇ ਜੁਰਮਾਨੇ ਦਾ ਪ੍ਰਬੰਧ ਹੈ ਜਾਂ ਫਿਰ ਦੋਵੇਂ ਸਜ਼ਾਵਾਂ ਹੋ ਸਕਦੀਆਂ ਹਨ। ਹਾਲਾਂਕਿ ਇਸਦੀ ਮੌਕੇ ’ਤੇ ਹੀ ਜ਼ਮਾਨਤ ਦਾ ਵੀ ਪ੍ਰਬੰਧ ਹੈ।