ਕਿਸਾਨਾਂ ਨੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਟਰੈਕ 'ਤੇ ਲਾਇਆ ਧਰਨਾ, ਭਾਰੀ ਫੋਰਸ ਮੌਕੇ 'ਤੇ ਪੁੱਜੀ; ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਦਾ ਕਰ ਰਹੇ ਵਿਰੋਧ
ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਵਿੰਦਰ ਸਿੰਘ ਚੌਤਾਲਾ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਪਿੰਡ ਮਾਹਲ 'ਚ ਪਿਛਲੇ ਦੋ ਦਿਨਾਂ ਤੋਂ ਚੱਲ ਰਹੇ ਧਰਨੇ 'ਤੇ ਮੰਗਲਵਾਰ ਤੜਕਸਾਰ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ ਅਤੇ ਸੂਬਾ ਆਗੂ ਸਰਵਨ ਸਿੰਘ ਪੰਧੇਰ ਸਮੇਤ ਹੋਰ ਕਿਸਾਨ ਆਗੂਆਂ ਨੂੰ ਪੁਲਿਸ ਨੇ ਗ੍ਰਿਫਤ 'ਚ ਲੈ ਲਿਆ ਹੈ।
Publish Date: Tue, 24 Mar 2026 02:57 PM (IST)
Updated Date: Tue, 24 Mar 2026 03:02 PM (IST)
ਸੁਖਦੇਵ ਸਿੰਘ/ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਮੰਗਲਵਾਰ ਦੀ ਤੜਕਸਾਰ ਨੂੰ ਅੰਮ੍ਰਿਤਸਰ ਦੇ ਪਿੰਡ ਮਾਹਲ 'ਚ ਧਰਨਾ ਲਗਾ ਕੇ ਬੈਠੇ ਕਿਸਾਨਾਂ ਉੱਤੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੇ ਰੋਸ ਵਜੋਂ ਬਟਾਲਾ ਦੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਟਰੈਕ ਨੇੜੇ ਘਸੀਟਪੁਰਾ ਵਿਖੇ ਕਿਸਾਨਾਂ ਨੇ ਧਰਨਾ ਲਗਾ ਕੇ ਰੇਲਵੇ ਟਰੈਕ ਜਾਮ ਕਰ ਦਿੱਤਾ ਹੈ। ਕਿਸਾਨਾਂ ਦੇ ਇਸ ਧਰਨੇ ਦੇ ਨਾਲ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੇਵਾ ਪ੍ਰਭਾਵਿਤ ਹੋ ਗਈ। ਉਧਰ, ਕਿਸਾਨਾਂ ਦੇ ਧਰਨਾ ਲੱਗਣ ਉਪਰੰਤ ਵੱਡੀ ਗਿਣਤੀ 'ਚ ਪੁਲਿਸ ਫੋਰਸ ਪਹੁੰਚ ਗਈ ਹੈ ਅਤੇ ਪੁਲਿਸ ਦੇ ਉੱਚ ਅਧਿਕਾਰੀ ਕਿਸਾਨ ਆਗੂਆਂ ਨਾਲ ਗੱਲਬਾਤ ਕਰ ਰਹੇ ਹਨ।
ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਵਿੰਦਰ ਸਿੰਘ ਚੌਤਾਲਾ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਪਿੰਡ ਮਾਹਲ 'ਚ ਪਿਛਲੇ ਦੋ ਦਿਨਾਂ ਤੋਂ ਚੱਲ ਰਹੇ ਧਰਨੇ 'ਤੇ ਮੰਗਲਵਾਰ ਤੜਕਸਾਰ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ ਅਤੇ ਸੂਬਾ ਆਗੂ ਸਰਵਨ ਸਿੰਘ ਪੰਧੇਰ ਸਮੇਤ ਹੋਰ ਕਿਸਾਨ ਆਗੂਆਂ ਨੂੰ ਪੁਲਿਸ ਨੇ ਗ੍ਰਿਫਤ 'ਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਸ਼ੰਭੂ ਮੋਰਚੇ 'ਤੇ ਕਿਸਾਨਾਂ ਦਾ ਕਰੀਬ 3 ਕਰੋੜ 77 ਲੱਖ ਰੁਪਏ ਦਾ ਕਿਸਾਨਾਂ ਦਾ ਸਾਮਾਨ ਚੋਰੀ ਹੋਇਆ ਹੈ ਜੋ ਸਰਕਾਰ ਵੱਲੋਂ ਮਨ ਲੈਣ ਦੇ ਬਾਵਜੂਦ ਵੀ ਅਜੇ ਤਕ ਕਿਸਾਨਾਂ ਦੇ ਨੁਕਸਾਨ ਦੀ ਪੂਰਤੀ ਨਹੀਂ ਕੀਤੀ। ਕਿਸਾਨ ਆਗੂ ਹਰਵਿੰਦਰ ਸਿੰਘ ਮਸਾਣੀਆਂ ਨੇ ਕਿਹਾ ਕਿ ਜਿੰਨਾ ਚਿਰ ਗ੍ਰਿਫਤਾਰ ਕੀਤੇ ਗਏ ਕਿਸਾਨ ਆਗੂ ਤੇ ਹੋਰ ਕਿਸਾਨ ਰਿਹਾ ਨਹੀਂ ਕੀਤੇ ਜਾਂਦੇ ਰੇਲਵੇ ਟਰੈਕ 'ਤੇ ਧਰਨਾ ਜਾਰੀ ਰਹੇਗਾ।