ਬਟਾਲਾ ਦੇ ਡੇਰਾ ਬਾਬਾ ਨਾਨਕ ਰੋਡ ਵਿਖੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ’ਚ ਝਗੜਾ ਹੋ ਗਿਆ ਜਿਸ ਦੌਰਾਨ ਕਾਂਗਰਸੀ ਉਮੀਦਵਾਰ ਅਤੇ ਇਕ ਕਾਂਗਰਸੀ ਆਗੂ ਦੀ ਪੱਗ ਲੱਥ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਾਰਡ ਨੰਬਰ 13 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਮਿੰਟਾ ਨੇ ਕਿਹ ਕਿ ਅੱਜ ਕਾਂਗਰਸ ਪਾਰਟੀ ਦੇ ਵਰਕਰ ਵਾਰਡ ’ਚ ਕਾਂਗਰਸ ਪਾਰਟੀ ਦੇ ਪੋਸਟਰ ਲਗਾ ਰਹੇ ਸਨ ਕਿ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕੁਝ ਵਰਕਰਾਂ ਨੇ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਫੜ ਲਿਆ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ,ਬਟਾਲਾ : ਬਟਾਲਾ ਦੇ ਡੇਰਾ ਬਾਬਾ ਨਾਨਕ ਰੋਡ ਵਿਖੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ’ਚ ਝਗੜਾ ਹੋ ਗਿਆ ਜਿਸ ਦੌਰਾਨ ਕਾਂਗਰਸੀ ਉਮੀਦਵਾਰ ਅਤੇ ਇਕ ਕਾਂਗਰਸੀ ਆਗੂ ਦੀ ਪੱਗ ਲੱਥ ਗਈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਾਰਡ ਨੰਬਰ 13 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਮਿੰਟਾ ਨੇ ਕਿਹ ਕਿ ਅੱਜ ਕਾਂਗਰਸ ਪਾਰਟੀ ਦੇ ਵਰਕਰ ਵਾਰਡ ’ਚ ਕਾਂਗਰਸ ਪਾਰਟੀ ਦੇ ਪੋਸਟਰ ਲਗਾ ਰਹੇ ਸਨ ਕਿ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕੁਝ ਵਰਕਰਾਂ ਨੇ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਫੜ ਲਿਆ ਅਤੇ ਉਨ੍ਹਾਂ ਨੂੰ ਇਕ ਘਰ ’ਚ ਲੈ ਗਏ। ਉਨ੍ਹਾਂ ਕਿਹਾ ਕਿ ਜਦ ਉਹ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਛੁਡਾਉਣ ਲਈ ਉਕਤ ਘਰ ’ਚ ਗਏ ਤਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਉਨ੍ਹਾਂ ਨਾਲ ਝਗੜਾ ਕਰਦੇ ਹੋਏ ਕੁੱਟਮਾਰ ਕੀਤੀ ਗਈ ਅਤੇ ਇਸ ਦੌਰਾਨ ਉਨ੍ਹਾਂ ਦੀ ਅਤੇ ਕਾਂਗਰਸੀ ਆਗੂ ਸਰਦੂਲ ਸਿੰਘ ਦੀ ਪੱਗ ਲੱਥ ਗਈ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਪੋਸਟਰ ਲਗਾ ਰਹੇ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਫੜ ਕੇ ਥਾਣਾ ਸਿਵਲ ਲਾਈਨ ’ਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਐੱਸ.ਐੱਸ.ਪੀ ਬਟਾਲਾ ਨੂੰ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ ਆਏ ਹਨ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਨਾਲ ਕੁੱਟਮਾਰ ਕਰਨ ਵਾਲੇ ਲੋਕਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਨਗਰ ਨਿਗਮ ਚੋਣ ਅਮਨ ਸ਼ਾਂਤੀ ਨਾਲ ਕਰਵਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ।
ਇਸ ਮੌਕੇ ਗੱਲਬਾਤ ਕਰਦੇ ਹੋਏ ਐਡ. ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਧੱਕੇਸ਼ਾਹੀ ਕਰਦੇ ਹੋਏ ਨਗਰ ਨਿਗਮ ਚੋਣ ਜਿੱਤਣਾ ਚਾਹੁੰਦੀ ਹੈ ਅਤੇ ਇਸਦੇ ਲਈ ਆਪ ਪਾਰਟੀ ਹਰ ਤਰ੍ਹਾਂ ਦੇ ਗਲਤ ਹੱਥਕੰਡੇ ਆਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਨਾਲ ਚੱਟਾਨ ਦੀ ਤਰ੍ਹਾਂ ਖੜੇ ਹਨ ਅਤੇ ਉਹ ਕਾਂਗਰਸੀ ਆਗੂਆਂ ਦੇ ਨਾਲ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਨਹੀਂ ਹੋਣ ਦੇਣਗੇ।
ਓਧਰ ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਐੱਸ.ਪੀ ਰਮਨਿੰਦਰ ਸਿੰਘ, ਡੀ.ਐੱਸ.ਪੀ ਸਿਟੀ ਸੁਖਇੰਦਰ ਸਿੰਘ, ਐੱਸ.ਐੱਚ.ਓ ਗੁਰਮੀਤ ਸਿੰਘ ਪੁਲਸ ਪਾਰਟੀ ਸਮੇਤ ਘਟਨਾ ਸਥਲ ’ਤੇ ਪਹੁੰਚੇ। ਇਸ ਮੌਕੇ ਐੱਸ.ਪੀ ਰਮਨਿੰਦਰ ਸਿੰਘ ਨੇ ਕਿਹਾ ਕਿ ਦੋਵਾਂ ਧਿਰਾਂ ਦੀਆਂ ਸ਼ਿਕਾਇਤਾਂ ਉਨ੍ਹਾਂ ਕੋਲ ਪਹੁੰਚ ਚੁੱਕੀਆਂ ਹਨ ਅਤੇ ਮਾਮਲੇ ਦੀ ਗਹਿਰਾਈ ਨਾਲ ਉਚ ਪੱਧਰੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੈ ਅਤੇ ਉਕਤ ਮਾਮਲੇ ’ਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਕੀ ਕਹਿਣਾ ਹੈ ਵਿਧਾਇਕ ਸ਼ੈਰੀ ਕਲਸੀ ਦਾ ?
ਉਕਤ ਮਾਮਲੇ ਸੰਬੰਧੀ ਜਦ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਦੇ ਵਿਰੁੱਧ ਗਲਤ ਪ੍ਰਚਾਰ ਕਰਨ ਵਾਲੇ ਪੋਸਟਰ ਲਗਾਏ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਮ ਅਦਾਮੀ ਪਾਰਟੀ ਨੂੰ ਬਦਨਾਮ ਕਰਨ ਲਈ ਗਲਤ ਹੱਥਕੰਡੇ ਅਪਣਾ ਰਹੀ ਹੈ ਪਰ ਆਮ ਆਦਮੀ ਪਾਰਟੀ ਵਲੋਂ ਕਾਂਗਰਸ ਪਾਰਟੀ ਦੇ ਗਲਤ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ।