ਕਿਸਾਨ ਅੰਦੋਲਨ ਤੋਂ ਲੈ ਕੇ ਅੱਜ ਤੱਕ ਸਿੱਖ ਕੌਮ ਦੇ ਬੁਨਿਆਦੀ ਮਸਲੇ ਜਿਉਂ ਦੇ ਤਿਉਂ : ਪੀਰ ਮੁਹੰਮਦ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਨੇ ਇੱਕ ਵਿਸਥਾਰਪੂਰਵਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਨੀਤੀਆਂ ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
Publish Date: Sat, 30 May 2026 04:16 PM (IST)
Updated Date: Sat, 30 May 2026 04:17 PM (IST)

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ ਕਾਦੀਆਂ: ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਨੇ ਇੱਕ ਵਿਸਥਾਰਪੂਰਵਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਨੀਤੀਆਂ ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਤਿਹਾਸਕ ਕਿਸਾਨ ਅੰਦੋਲਨ ਤੋਂ ਲੈ ਕੇ ਅੱਜ ਤੱਕ, ਸਿੱਖ ਕੌਮ ਦੇ ਬੁਨਿਆਦੀ ਅਤੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ ਅੱਜ ਵੀ ਹੱਲ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।ਭਾਈ ਪੀਰ ਮੁਹੰਮਦ ਨੇ ਆਖਿਆ ਕਿ ਪੰਜਾਬ ਦੇ ਪਾਣੀਆਂ ਦੇ ਹੱਕ, ਰਾਜਧਾਨੀ ਚੰਡੀਗੜ੍ਹ ਤੇ ਪੰਜਾਬ ਦੇ ਪੂਰਨ ਅਧਿਕਾਰ, ਭਾਰਤੀ ਫੌਜ ਵਿਚ ਸਿੱਖਾਂ ਦੇ ਇਤਿਹਾਸਕ ਕੋਟੇ ਵਿੱਚ ਕੀਤੀ ਗਈ ਕਟੌਤੀ ਅਤੇ ਦੇਸ਼ ਅੰਦਰ ਘੱਟ ਗਿਣਤੀਆਂ ਦੇ ਅਧਿਕਾਰ ਆਦਿ ਸਿੱਖ ਕੌਮ ਅਤੇ ਪੰਜਾਬ ਦੀ ਹੋਂਦ, ਅਣਖ ਅਤੇ ਸੁਨਹਿਰੀ ਭਵਿੱਖ ਨਾਲ ਸਿੱਧੇ ਤੌਰ ਤੇ ਜੁੜੇ ਹੋਏ ਅਹਿਮ ਪਹਿਲੂ ਹਨ। ਇਨ੍ਹਾਂ ਸੰਵੇਦਨਸ਼ੀਲ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨਾ ਪੰਜਾਬ ਅਤੇ ਸਿੱਖ ਕੌਮ ਨਾਲ ਸਰਾਸਰ ਬੇਇਨਸਾਫ਼ੀ ਹੈ। ਜਦਕਿ ਲੋਕਤੰਤਰ ਵਿੱਚ ਹਰ ਮਸਲੇ ਦਾ ਹੱਲ ਗੱਲਬਾਤ ਰਾਹੀਂ ਸੰਭਵ ਹੈ, ਪਰ ਸਰਕਾਰਾਂ ਵੱਲੋਂ ਦਿਖਾਈ ਜਾ ਰਹੀ ਬੇਰੁਖੀ ਕਈ ਤਰ੍ਹਾਂ ਦੇ ਸ਼ੰਕੇ ਪੈਦਾ ਕਰਦੀ ਹੈ। ਉਕਤ ਸੀਨੀਅਰ ਆਗੂ ਨੇ ਜ਼ੋਰ ਦੇ ਕੇ ਆਖਿਆ ਕਿ ਦੇਸ਼ ਦੇ ਅੰਨ ਭੰਡਾਰ ਨੂੰ ਭਰਨ ਅਤੇ ਸਰਹੱਦਾਂ ਦੀ ਰਾਖੀ ਲਈ ਸਭ ਤੋਂ ਵੱਡੀਆਂ ਕੁਰਬਾਨੀਆਂ ਦੇਣ ਵਾਲੀ ਕੌਮ ਅੱਜ ਆਪਣੇ ਹੀ ਹੱਕਾਂ ਲਈ ਸੜਕਾਂ ਤੇ ਬੈਠਣ ਲਈ ਮਜਬੂਰ ਹੈ। ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਹੋਵੇ ਜਾਂ ਪੰਜਾਬ ਦੇ ਭੂਗੋਲਿਕ ਤੇ ਆਰਥਿਕ ਅਧਿਕਾਰ, ਹਰ ਜਗ੍ਹਾ ਸਿੱਖ ਕੌਮ ਨੂੰ ਨਿਰਾਸ਼ਾ ਹੀ ਹੱਥ ਲੱਗੀ ਹੈ। ਭਾਈ ਕਰਨੈਲ ਸਿੰਘ ਪੀਰ ਮੁਹੰਮਦ ਨੇ ਅੰਤ ਵਿਚ ਸਰਕਾਰ ਨੂੰ ਜ਼ੋਰਦਾਰ ਸ਼ਬਦਾਂ ਰਾਹੀਂ ਅਪੀਲ ਕੀਤੀ ਕਿ ਉਹ ਟਾਲ-ਮਟੋਲ ਦੀ ਨੀਤੀ ਤਿਆਗ ਕੇ, ਤੁਰੰਤ ਇੱਕ ਉਸਾਰੂ ਅਤੇ ਸੁਹਿਰਦ ਗੱਲਬਾਤ ਦਾ ਰਾਹ ਇਖਤਿਆਰ ਕਰੇ ਤਾਂ ਜੋ ਸਿੱਖ ਕੌਮ ਅਤੇ ਪੰਜਾਬ ਦੇ ਨੁਮਾਇੰਦਿਆਂ ਨਾਲ ਬੈਠ ਕੇ ਇਨ੍ਹਾਂ ਸਾਰੇ ਮਸਲਿਆਂ ਦਾ ਇੱਕ ਸਾਰਥਕ ਅਤੇ ਪੱਕਾ ਹੱਲ ਕੱਢਿਆ ਜਾ ਸਕੇ।