ਉਹਨਾਂ ਕਿਹਾ ਕਿ ਅੱਜ ਆਪ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਵੀ ਦਾਅਵਾ ਕੀਤਾ ਕਿ ਆਪ ਉਸੇ ਤਰੀਕੇ ਨਾਲ ਗੁਜਰਾਤ ਵਿਚ ਕਿਸਾਨਾਂ ਨੂੰ ਖੇਤੀਬਾੜੀ ਵਾਸਤੇ ਮੁਫਤ ਬਿਜਲੀ ਦੇਵੇਗੀ ਜਿਵੇਂ ਪੰਜਾਬ ਵਿਚ ਦਿੱਤੀ ਹੈ। ਉਹਨਾਂ ਕਿਹਾ ਕਿ ਇਹ ਲੋਕ ਇਹ ਵੀ ਐਲਾਨ ਕਰ ਰਹੇ ਹਨ ਕਿ ਪੰਜਾਬ ਵਿਚ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਿਆ ਪ੍ਰਤੀ ਮਹੀਨਾ ਦੇਣਾ ਸ਼ੁਰੂ ਕੀਤਾ ਗਿਆ ਹੈ ਜਦੋਂ ਕਿ ਅਸਲੀਅਤ ਇਹ ਹੈ ਕਿ ਹਾਲੇ ਤੱਕ ਇਹ ਸਕੀਮ ਸ਼ੁਰੂ ਵੀ ਨਹੀਂ ਕੀਤੀ ਗਈ।

ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਵੇਲੇ ਸ਼ੁਰੂ ਕੀਤੀਆਂ ਸਕੀਮਾਂ ਨੂੰ ਆਪਣੀਆਂ ਸਕੀਮਾਂ ਦੱਸ ਕੇ ਗੁਜਰਾਤ ਵਿਚ ਚੋਣ ਪ੍ਰਚਾਰ ਦੌਰਾਨ ਲੋਕਾਂ ਨਾਲ ਧੋਖਾ ਕਰਨ ਦਾ ਯਤਨ ਕਰ ਰਹੀ ਹੈ।
ਇਥੇ ਪਾਰਟੀ ਦੇ ਸੀਨੀਅਰ ਆਗੂ ਗੁਰਬਚਨ ਸਿੰਘ ਬੱਬੇਹਾਲੀ ਦੇ ਨਾਲ ਰਲ ਕੇ ਪੰਜਾਬ ਬਚਾਓ ਮੁਹਿੰਮ ਦੇ ਤਹਿਤ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬੀਤੇ ਕੱਲ੍ਹ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਆਪ ਸਰਕਾਰ ਨੇ ਪੰਜਾਬ ਵਿਚ ਹਰ 4 ਕਿਲੋਮੀਟਰ ’ਤੇ ਮੰਡੀ ਸਥਾਪਿਤ ਕੀਤੀ ਹੈ ਅਤੇ ਇਹੀ ਉਹ ਗੁਜਰਾਤ ਵਿਚ ਕਰੇਗੀ।
ਉਹਨਾਂ ਕਿਹਾ ਕਿ ਅੱਜ ਆਪ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਵੀ ਦਾਅਵਾ ਕੀਤਾ ਕਿ ਆਪ ਉਸੇ ਤਰੀਕੇ ਨਾਲ ਗੁਜਰਾਤ ਵਿਚ ਕਿਸਾਨਾਂ ਨੂੰ ਖੇਤੀਬਾੜੀ ਵਾਸਤੇ ਮੁਫਤ ਬਿਜਲੀ ਦੇਵੇਗੀ ਜਿਵੇਂ ਪੰਜਾਬ ਵਿਚ ਦਿੱਤੀ ਹੈ। ਉਹਨਾਂ ਕਿਹਾ ਕਿ ਇਹ ਲੋਕ ਇਹ ਵੀ ਐਲਾਨ ਕਰ ਰਹੇ ਹਨ ਕਿ ਪੰਜਾਬ ਵਿਚ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਿਆ ਪ੍ਰਤੀ ਮਹੀਨਾ ਦੇਣਾ ਸ਼ੁਰੂ ਕੀਤਾ ਗਿਆ ਹੈ ਜਦੋਂ ਕਿ ਅਸਲੀਅਤ ਇਹ ਹੈ ਕਿ ਹਾਲੇ ਤੱਕ ਇਹ ਸਕੀਮ ਸ਼ੁਰੂ ਵੀ ਨਹੀਂ ਕੀਤੀ ਗਈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਹਰ ਕਿਸੇ ਨੇ ਮਹਿਸੂਸ ਕਰ ਲਿਆ ਹੈ ਕਿ ਇਹ ਸਰਕਾਰ ਸਿਰਫ ਇਸ਼ਤਿਹਾਰਬਾਜ਼ੀ ’ਤੇ ਹਜ਼ਾਰਾਂ ਕਰੋੜ ਰੁਪਏ ਖਰਚ ਕਰਦੀ ਹੈ ਪਰ ਜ਼ਮੀਨੀ ਪੱਧਰ ’ਤੇ ਕੁਝ ਵੀ ਨਹੀਂ ਕਰਦੀ। ਉਨ੍ਹਾਂ ਨੇ ਸਰਕਾਰ ਵੱਲੋਂ ਮਿਲਕਫੈਡ ਵੇਰਕਾ ਪਾਊਡਰ ਘੁਟਾਲੇ ਵਿਚ ਜੂਨੀਅਰ ਅਫਸਰਾਂ ਖਿਲਾਫ ਕਾਰਵਾਈ ਕਰ ਕੇ ਮਾਮਲੇ ’ਤੇ ਪਰਦਾ ਪਾਉਣ ਦੀ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਭਾਰਤੀ ਫੌਜ ਵੱਲੋਂ ਮਿਲਕਫੈਡ ਵੱਲੋਂ ਸਪਲਾਈ ਕੀਤੇ ਦੁੱਧ ਪਾਊਡਰ ਨੂੰ ਰੱਦ ਕਰਨ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ।
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਵੱਲੋਂ ਕਣਕ ਦੇ ਆਉਂਦੇ ਸੀਜ਼ਨ ਵਾਸਤੇ ਖਰੀਦ ਦੇ ਸੁਚੱਜੇ ਪ੍ਰਬੰਧ ਨਾ ਕਰਨ ’ਤੇ ਮੁੱਖ ਮੰਤਰੀ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਅਗਲੇ 10 ਦਿਨਾਂ ਵਿਚ ਮੰਡੀਆਂ ਵਿਚ ਕਣਕ ਆਉਣੀ ਸ਼ੁਰੂ ਹੋ ਜਾਵੇਗੀ ਪਰ ਸਰਕਾਰ ਨੇ ਹਾਲੇ ਤੱਕ ਬਾਰਦਾਨੇ ਦਾ ਪ੍ਰਬੰਧ ਨਹੀਂ ਕੀਤਾ ਅਤੇ ਖੁਦ ਪ੍ਰਵਾਨ ਕਰ ਰਹੀ ਹੈ ਕਿ ਉਸ ਕੋਲ ਅਨਾਜ ਭੰਡਾਰ ਕਰਨ ਵਾਸਤੇ ਲੋੜੀਂਦੀ ਥਾਂ ਮੌਜੂਦ ਨਹੀਂ ਹੈ। ਉਹਨਾਂ ਕਿਹਾ ਕਿ ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਦੋ ਮਹੀਨੇ ਪਹਿਲਾਂ ਇਹ ਸਾਰੇ ਇੰਤਜ਼ਾਮ ਕਰ ਦਿੰਦੇ ਸਨ।
ਉਹਨਾਂ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਵਾਸਤੇ ਵਿਜ਼ਨ ਦਸਤਾਵੇਜ਼ ਤਿਆਰ ਕੀਤਾ ਹੈ ਜੋ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਲਾਗੂ ਕੀਤਾ ਜਾਵੇਗਾ। ਦਸਤਾਵੇਜ਼ ਦੇ ਵੇਰਵੇ ਸਾਂਝੇ ਕਰਦਿਆਂ ਉਹਨਾਂ ਕਿਹਾ ਕਿ ਜਿਹਨਾਂ ਕਿਸਾਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ, ਉਹਨਾਂ ਨੂੰ ਇਹ ਕੁਨੈਕਸ਼ਨ ਪ੍ਰਦਾਨ ਕੀਤੇ ਜਾਣਗੇ। ਉਹਨਾਂ ਇਹ ਵੀ ਐਲਾਨ ਕੀਤਾ ਕਿ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਨੂੰ ਹੀ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਪੰਜਾਬ ਵਿਚ ਉਦਯੋਗ ਸਥਾਪਿਤ ਕਰਨ ਵਾਲੇ ਸਾਰੇ ਨਿਵੇਸ਼ਕਾਂ ਲਈ 75 ਫੀਸਦੀ ਨੌਕਰੀਆਂ ਸਿਰਫ ਪੰਜਾਬੀ ਨੌਜਵਾਨਾਂ ਨੂੰ ਦੇਣਾ ਲਾਜ਼ਮੀ ਕੀਤਾ ਜਾਵੇਗਾ। ਇਸ ਮੌਕੇ ਸੁੱਚਾ ਸਿੰਘ ਲੰਗਾਹ, ਡਾ. ਦਲਜੀਤ ਸਿੰਘ ਚੀਮਾ, ਲਖਬੀਰ ਸਿੰਘ ਲੋਧੀਨੰਗਲ, ਗੁਰਇਕਬਾਲ ਸਿੰਘ ਮਾਹਲ ਤੇ ਰਾਜਬੀਰ ਘੁੰਮਣ ਵੀ ਹਾਜ਼ਰ ਸਨ।