ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ 12 ਹੌਟਸਪੌਟ ਇਲਾਕਿਆਂ ’ਚ ਕੀਤੀ ਚੈਕਿੰਗ
ਨਸ਼ਾ ਖਿਲਾਫ ਚਲਾਈ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਨੇ 12 ਹੌਟਸਪੌਟ ਇਲਾਕਿਆਂ ਵਿੱਚ ਕੀਤੀ ਚੈਕਿੰਗ
Publish Date: Sat, 17 Jan 2026 04:40 PM (IST)
Updated Date: Sun, 18 Jan 2026 04:04 AM (IST)

ਆਕਾਸ਼,ਪੰਜਾਬੀ ਜਾਗਰਣ ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਗੁਰਦਾਸਪੁਰ ਪੁਲਿਸ ਨੇ ਸ਼ਨਿਚਰਵਾਰ ਨੂੰ ਨਸ਼ਾ ਤਸਕਰੀ ਲਈ ਬਦਨਾਮ 12 ਇਲਾਕਿਆਂ ਵਿੱਚ ਇੱਕ ਤਲਾਸ਼ੀ ਮੁਹਿੰਮ ਚਲਾਈ। ਇਸ ਮੁਹਿੰਮ ਦੀ ਅਗਵਾਈ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਡੀਆਈਜੀ ਅਖਿਲ ਚੌਧਰੀ ਨੇ ਕੀਤੀ। ਤਲਾਸ਼ੀ ਦੌਰਾਨ ਦਾਣਾ ਮੰਡੀ ਗੁਰਦਾਸਪੁਰ ਵਿੱਚ ਪ੍ਰਵਾਸੀਆਂ ਦੀਆਂ ਝੁੱਗੀ-ਝੌਂਪੜੀਆਂ ਦੀ ਵੀ ਤਲਾਸ਼ੀ ਲਈ ਗਈ। ਪੁਲਿਸ ਦੇ ਵੱਲੋਂ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ। ਮੁਹਿੰਮ ਦੀ ਅਗਵਾਈ ਕਰ ਰਹੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਡੀਆਈਜੀ ਅਖਿਲ ਚੌਧਰੀ ਨੇ ਕਿਹਾ ਕਿ ਇਹ ਚੈਕਿੰਗ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ ਚਲਾਈ ਗਈ ਸੀ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ 12 ਹੌਟਸਪੌਟ ਇਲਾਕਿਆਂ ਦੀ ਜਾਂਚ ਕੀਤੀ ਗਈ। ਉਨ੍ਹਾਂ ਕਿਹਾ ਕਿ ਐੱਸਐੱਸਪੀ ਗੁਰਦਾਸਪੁਰ ਆਦਿੱਤਿਆ, ਸਾਰੇ ਥਾਣਿਆਂ ਦੇ ਐੱਸਐੱਚਓ ਅਤੇ ਪੁਲਿਸ ਬਲਾਂ ਨੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਚੈਕਿੰਗ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ 10 ਮਹੀਨਿਆਂ ਵਿੱਚ ਨਸ਼ਾ ਤਸਕਰਾਂ ਵਿਰੁੱਧ 850 ਮਾਮਲੇ ਦਰਜ ਕੀਤੇ ਗਏ ਹਨ। ਜਦੋਂ ਕਿ 1200 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਨਸ਼ਿਆਂ ਦਾ ਸ਼ਿਕਾਰ ਹੋ ਗਏ ਹਨ, ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਨਸ਼ੇ ਛੱਡ ਸਕਣ ਅਤੇ ਆਪਣਾ ਵਧੀਆ ਭਵਿੱਖ ਬਣਾ ਸਕਣ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪੁਲਿਸ ਵੱਲੋਂ ਸ਼ੁਰੂ ਕੀਤੇ ਗਏ ਸੇਫ਼ ਪੰਜਾਬ ਹੈਲਪਲਾਈਨ ਨੰਬਰ ਤੇ ਕੁਝ ਲੋਕਾਂ ਨੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿੱਤੀ ਸੀ, ਜਿਸ ਤੇ ਕਾਰਵਾਈ ਕੀਤੀ ਗਈ ਜਿਸ ਤੇ 300 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਤੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨਸ਼ਾ ਤਸਕਰਾਂ ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਸਰਹੱਦ ਤੇ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।