ਮਲੇਰੀਆ ਦਿਵਸ ’ਤੇ ਸਕੂਲ ’ਚ ਕਰਵਾਇਆ ਸਮਾਗਮ
ਮਲੇਰੀਆ ਦਿਵਸ 'ਤੇ ਸਕੂਲ ਵਿੱਚ ਕਰਵਾਇਆ ਸਮਾਗਮ
Publish Date: Sat, 25 Apr 2026 03:25 PM (IST)
Updated Date: Sun, 26 Apr 2026 04:01 AM (IST)
ਗੁਰਦਾਸਪੁਰ: ਨੈਸ਼ਨਲ ਵੈਕਟਰ ਬੋਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਤਹਿਤ ਸਿਵਲ ਸਰਜਨ ਗੁਰਦਾਸਪੁਰ ਡਾ. ਮਹੇਸ਼ ਕੁਮਾਰ ਪ੍ਰਭਾਕਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਗੁਰਦਾਸਪੁਰ ਵਿਖੇ ਮਲੇਰੀਆ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਿੱਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਪਹਿਲੇ ਸਥਾਨ ’ਤੇ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਸਮਾਗਮ ਦੌਰਾਨ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਗੁਰਪ੍ਰੀਤ ਕੌਰ ਨੇ ਬੱਚਿਆਂ ਅਤੇ ਸਟਾਫ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਥਾਂ-ਥਾਂ ’ਤੇ ਖੜ੍ਹੇ ਪਾਣੀ ਵਿੱਚ ਮੱਛਰ ਦਾ ਲਾਰਵਾ ਪੈਦਾ ਹੁੰਦਾ ਹੈ, ਜਿਸ ਤੋਂ ਮੱਛਰ ਪੈਦਾ ਹੋ ਕੇ ਮਲੇਰੀਆ, ਡੇਂਗੂ ਵਰਗੀਆਂ ਬਿਮਾਰੀਆਂ ਫੈਲਾਉਂਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਤੇ ਜਾਗਰੂਕਤਾ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਫੀਲਡ ਸਟਾਫ ਵੱਲੋਂ ਘਰਾਂ ਅਤੇ ਹੋਰ ਥਾਵਾਂ ’ਤੇ ਮੱਛਰ ਦੇ ਲਾਰਵੇ ਦੀ ਜਾਂਚ ਕੀਤੀ ਜਾਵੇਗੀ। ਨਾਲ ਹੀ ਸਕੂਲਾਂ ਵਿੱਚ ਬੱਚਿਆਂ ਨੂੰ ਇਨ੍ਹਾਂ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਜਾਵੇਗਾ।
ਉਨ੍ਹਾਂ ਸਪੱਸ਼ਟ ਕੀਤਾ ਕਿ ਮੱਛਰਾਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਹਰ ਸ਼ੁੱਕਰਵਾਰ ‘ਡਰਾਈ ਡੇ’ ਗਤੀਵਿਧੀ ਜਾਰੀ ਰਹੇਗੀ। ਡਾਕਟਰ ਗੁਰਪ੍ਰੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਥਾਂ ’ਤੇ ਫਾਲਤੂ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ। ਜੇਕਰ ਕਿਤੇ ਮੱਛਰ ਦਾ ਲਾਰਵਾ ਦਿਖੇ ਤਾਂ ਉਸ ਨੂੰ ਤੁਰੰਤ ਨਸ਼ਟ ਕੀਤਾ ਜਾਵੇ। ਉਨ੍ਹਾਂ ਮੱਛਰ ਜਨਿਤ ਬਿਮਾਰੀਆਂ ਤੋਂ ਬਚਾਅ ਕਰਨ ਅਤੇ ਬੁਖਾਰ ਹੋਣ 'ਤੇ ਨਜ਼ਦੀਕੀ ਸਿਹਤ ਕੇਂਦਰ ਤੋਂ ਤੁਰੰਤ ਜਾਂਚ ਕਰਵਾਉਣ ਦੀ ਸਲਾਹ ਦਿੱਤੀ। ਨਾਲ ਹੀ ਉਨ੍ਹਾਂ ਕਿਹਾ ਕਿ ਡਾਕਟਰ ਦੀ ਸਲਾਹ ਤੋਂ ਬਿਨਾਂ ਕੋਈ ਦਵਾਈ ਨਹੀਂ ਖਾਣੀ ਚਾਹੀਦੀ। ਇਸ ਮੌਕੇ ਡਾ. ਵੰਦਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੂਹ ਸਰਕਾਰੀ ਹਸਪਤਾਲਾਂ ਵਿੱਚ ਮਲੇਰੀਆ, ਡੇਂਗੂ ਦੇ ਟੈਸਟ ਪੂਰੀ ਤਰ੍ਹਾਂ ਮੁਫਤ ਕੀਤੇ ਜਾਂਦੇ ਹਨ ਅਤੇ ਮਰੀਜ਼ਾਂ ਦਾ ਮੁਫਤ ਇਲਾਜ ਵੀ ਕੀਤਾ ਜਾਂਦਾ ਹੈ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।