ਮਾਪਿਆਂ ਨੇ ਸਕੂਲ ਪ੍ਰਸ਼ਾਸਨ 'ਤੇ ਖਾਣੇ ਦੀ ਗੁਣਵੱਤਾ ਨੂੰ ਲੈ ਕੇ ਲਾਪਰਵਾਹੀ ਵਰਤਣ ਦੇ ਗੰਭੀਰ ਦੋਸ਼ ਲਗਾਏ ਹਨ। ਮਾਪਿਆਂ ਨੇ ਦਾਅਵਾ ਕੀਤਾ ਕਿ ਸਕੂਲ ਵਿੱਚ ਬੱਚਿਆਂ ਨੂੰ ਸਹੀ ਅਤੇ ਮਿਆਰੀ ਖਾਣਾ ਨਹੀਂ ਦਿੱਤਾ ਜਾਂਦਾ। ਘਟਨਾ ਤੋਂ ਬਾਅਦ ਸਕੂਲ ਦੇ ਪ੍ਰਿੰਸੀਪਲ ਰਾਜੀਵ ਮਹਾਜਨ ਨੇ ਸਫਾਈ ਦਿੰਦਿਆਂ ਕਿਹਾ ਕਿ ਸਕੂਲ ਵਿੱਚ ਬੱਚਿਆਂ ਨੂੰ ਹਮੇਸ਼ਾ ਪੂਰੀ ਤਰ੍ਹਾਂ ਸਾਫ਼-ਸੁਥਰਾ ਅਤੇ ਮਿਆਰੀ ਭੋਜਨ ਦਿੱਤਾ ਜਾਂਦਾ ਹੈ।

ਜਾਗਰਣ ਸੰਵਾਦਦਾਤਾ, ਗੁਰਦਾਸਪੁਰ : ਸ਼ਹਿਰ ਦੇ ਮੈਰੀਟੋਰੀਅਸ ਸਕੂਲ 'ਚ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਰਾਤ ਦੇ ਖਾਣੇ ਤੋਂ ਬਾਅਦ ਘੱਟੋ-ਘੱਟ ਅੱਠ ਵਿਦਿਆਰਥੀਆਂ ਦੀ ਤਬੀਅਤ ਅਚਾਨਕ ਵਿਗੜ ਗਈ। ਸਾਰੇ ਪ੍ਰਭਾਵਿਤ ਵਿਦਿਆਰਥੀਆਂ ਨੂੰ ਤੁਰੰਤ ਸਿਵਲ ਹਸਪਤਾਲ ਗੁਰਦਾਸਪੁਰ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾ ਨੇ ਸਕੂਲ 'ਚ ਖਾਣੇ ਦੀ ਗੁਣਵੱਤਾ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਜਾਣਕਾਰੀ ਅਨੁਸਾਰ, ਐਤਵਾਰ ਰਾਤ ਕਰੀਬ 8:30 ਵਜੇ ਸਕੂਲ ਦੇ ਹੋਸਟਲ 'ਚ ਰਹਿਣ ਵਾਲੇ ਅੱਠ ਵਿਦਿਆਰਥੀ ਅਚਾਨਕ ਬਿਮਾਰ ਹੋ ਗਏ। ਵਿਦਿਆਰਥੀਆਂ ਨੇ ਪੇਟ 'ਚ ਤੇਜ਼ ਦਰਦ ਅਤੇ ਉਲਟੀਆਂ ਦੀ ਸ਼ਿਕਾਇਤ ਕੀਤੀ। ਸਕੂਲ ਸਟਾਫ਼ ਨੇ ਤੁਰੰਤ ਉਨ੍ਹਾਂ ਨੂੰ ਨਜ਼ਦੀਕੀ ਸਿਵਲ ਹਸਪਤਾਲ ਪਹੁੰਚਾਇਆ। ਹਸਪਤਾਲ ਪ੍ਰਸ਼ਾਸਨ ਨੇ ਤੁਰੰਤ ਜਾਂਚ ਅਤੇ ਇਲਾਜ ਸ਼ੁਰੂ ਕਰ ਦਿੱਤਾ।
ਇਸ ਮਾਮਲੇ 'ਤੇ ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਦੇ ਅਧਾਰ 'ਤੇ ਮਾਮਲਾ ਆਮ 'ਫੂਡ ਪੋਇਜ਼ਨਿੰਗ' ਵਰਗਾ ਨਹੀਂ ਲੱਗ ਰਿਹਾ। ਹਾਲਾਂਕਿ, ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸਿਰਫ਼ ਸ਼ੁਰੂਆਤੀ ਮੁਲਾਂਕਣ ਹੈ ਅਤੇ ਸਾਰੇ ਵਿਦਿਆਰਥੀਆਂ ਦੇ ਟੈਸਟ ਕੀਤੇ ਜਾ ਰਹੇ ਹਨ। ਅਸਲ ਕਾਰਨ ਜਾਂਚ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ। ਫਿਲਹਾਲ ਸਾਰੇ ਬੱਚਿਆਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ।
ਦੂਜੇ ਪਾਸੇ, ਮਾਪਿਆਂ ਨੇ ਸਕੂਲ ਪ੍ਰਸ਼ਾਸਨ 'ਤੇ ਖਾਣੇ ਦੀ ਗੁਣਵੱਤਾ ਨੂੰ ਲੈ ਕੇ ਲਾਪਰਵਾਹੀ ਵਰਤਣ ਦੇ ਗੰਭੀਰ ਦੋਸ਼ ਲਗਾਏ ਹਨ। ਮਾਪਿਆਂ ਨੇ ਦਾਅਵਾ ਕੀਤਾ ਕਿ ਸਕੂਲ ਵਿੱਚ ਬੱਚਿਆਂ ਨੂੰ ਸਹੀ ਅਤੇ ਮਿਆਰੀ ਖਾਣਾ ਨਹੀਂ ਦਿੱਤਾ ਜਾਂਦਾ।
ਘਟਨਾ ਤੋਂ ਬਾਅਦ ਸਕੂਲ ਦੇ ਪ੍ਰਿੰਸੀਪਲ ਰਾਜੀਵ ਮਹਾਜਨ ਨੇ ਸਫਾਈ ਦਿੰਦਿਆਂ ਕਿਹਾ ਕਿ ਸਕੂਲ ਵਿੱਚ ਬੱਚਿਆਂ ਨੂੰ ਹਮੇਸ਼ਾ ਪੂਰੀ ਤਰ੍ਹਾਂ ਸਾਫ਼-ਸੁਥਰਾ ਅਤੇ ਮਿਆਰੀ ਭੋਜਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਤਬੀਅਤ ਅਚਾਨਕ ਖਰਾਬ ਹੋਈ। ਪ੍ਰਿੰਸੀਪਲ ਨੇ ਇਹ ਵੀ ਦੱਸਿਆ ਕਿ ਘਟਨਾ ਵਾਲੇ ਦਿਨ ਉਹ ਖੁਦ ਮੈਡੀਕਲ ਛੁੱਟੀ 'ਤੇ ਸਨ, ਪਰ ਜਿਵੇਂ ਹੀ ਉਨ੍ਹਾਂ ਨੂੰ ਸੂਚਨਾ ਮਿਲੀ, ਉਹ ਤੁਰੰਤ ਹਸਪਤਾਲ ਪਹੁੰਚ ਗਏ ਅਤੇ ਬੱਚਿਆਂ ਦੇ ਇਲਾਜ ਦੇ ਪ੍ਰਬੰਧਾਂ ਵਿੱਚ ਜੁੱਟ ਗਏ।