ਉਨ੍ਹਾਂ ਦੱਸਿਆ ਕਿ ਇਸ ਹਾਦਸੇ ’ਚ ਕਰਨਦੀਪ ਸਿੰਘ (21) ਪੁੱਤਰ ਬਲਬੀਰ ਸਿੰਘ ਵਾਸੀ ਖਹਿਰਾ ਕੋਟਲੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸਦਾ ਸਾਥੀ ਸੁਨੀਲ ਕੁਮਾਰ ਪੁੱਤਰ ਸਤਪਾਲ ਵਾਸੀ ਭੋਪਰ ਸੈਦਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਾਇਆ ਗਿਆ ਹੈ।

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ : ਕਸਬਾ ਨੌਸ਼ਹਿਰਾਂ ਮੱਝਾ ਸਿੰਘ ਦੇ ਨਜ਼ਦੀਕ ਦੋ ਵੱਖ-ਵੱਖ ਹਾਦਸਿਆਂ ’ਚ ਪਤੀ-ਪਤਨੀ ਸਮੇਤ ਤਿੰਨ ਜਣਿਆਂ ਦੀ ਮੌਤ ਹੋ ਗਈ ਹੈ, ਜਦਕਿ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋਇਆ ਹੈ। ਬੀਤੀ ਦੇਰ ਰਾਤ ਆਪਣੇ ਦੋਸਤ ਨੂੰ ਏਅਰਪੋਰਟ ’ਤੇ ਅਲਵਿਦਾ ਕਹਿ ਕੇ ਵਾਪਸ ਆਪਣੇ ਮੋਟਰਸਾਈਕਲ ਰਾਹੀਂ ਘਰ ਜਾ ਰਹੇ ਦੋ ਨੌਜਵਾਨਾਂ ਨੂੰ ਇਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਕੁਚਲ ਦਿੱਤਾ। ਇਸ ਹਾਦਸੇ ’ਚ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਥਾਣਾ ਸੇਖਵਾਂ ਅਧੀਨ ਆਉਂਦੀ ਪੁਲ਼ ਚੌਕੀ ਨੌਸ਼ਹਿਰਾ ਮੱਝਾ ਸਿੰਘ ਦੇ ਇੰਚਾਰਜ ਏਐੱਸਆਈ ਬਲਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਆਪਣੇ ਦੋਸਤ ਨੂੰ ਏਅਰਪੋਰਟ ’ਤੇ ਮਿਲ ਕੇ ਵਾਪਸ ਆਪਣੇ ਘਰ ਜਾ ਰਹੇ ਮੋਟਰਸਾਈਕਲ ਸਵਾਰ ਦੋ ਨੌਜਵਾਨ ਜਦ ਚੌਧਰਪੁਰ ਨੇੜੇ ਪਾਣੀ ਪੀਣ ਲਈ ਰੁਕੇ ਤਾਂ ਪਿੱਛੋ ਆ ਰਹੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਆਪਣੀ ਲਪੇਟ ’ਚ ਲੈ ਲਿਆ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ’ਚ ਕਰਨਦੀਪ ਸਿੰਘ (21) ਪੁੱਤਰ ਬਲਬੀਰ ਸਿੰਘ ਵਾਸੀ ਖਹਿਰਾ ਕੋਟਲੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸਦਾ ਸਾਥੀ ਸੁਨੀਲ ਕੁਮਾਰ ਪੁੱਤਰ ਸਤਪਾਲ ਵਾਸੀ ਭੋਪਰ ਸੈਦਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਾਇਆ ਗਿਆ ਹੈ।
ਏਐੱਸਆਈ ਬਲਜੀਤ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਸਵੇਰੇ ਪਤੀ-ਪਤਨੀ ਆਪਣੇ ਮੋਟਰਸਾਈਕਲ ’ਤੇ ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਸਨ ਕਿ ਇਕ ਇਨਡੇਵਰ ਗੱਡੀ ਨੇ ਟੱਕਰ ਮਾਰ ਦਿੱਤੀ। ਏਐੱਸਆਈ ਨੇ ਦੱਸਿਆ ਕਿ ਸਤਨਾਮ ਸਿੰਘ (60) ਪੁੱਤਰ ਪ੍ਰਤਾਪ ਸਿੰਘ ਵਾਸੀ ਮੂਲਿਆਂਵਾਲ, ਨੇੜੇ ਬਿਧੀਪੁਰ ਫਾਟਕ ਆਪਣੇ ਮੋਟਰਸਾਈਕਲ ਸਪਲੈਂਡਰ ’ਤੇ ਸਵਾਰ ਹੋ ਕੇ ਆਪਣੀ ਪਤਨੀ ਪਰਮਜੀਤ ਕੌਰ ਨਾਲ ਆਪਣੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਲਈ ਪਿੰਡ ਅਰਜਨਪੁਰਾ ਲਈ ਜਾ ਰਿਹਾ ਸੀ, ਜਦੋਂ ਇਹ ਪਤੀ-ਪਤਨੀ ਬਿਧੀਪੁਰ ਬਾਈਪਾਸ ਨੇੜੇ ਪਹੁੰਚੇ ਤਾਂ ਇਕ ਤੇਜ਼ ਰਫ਼ਤਾਰ ਗੱਡੀ ਦੇ ਚਾਲਕ ਨੇ ਉਕਤ ਦੋਵਾਂ ਨੂੰ ਆਪਣੀ ਲਪੇਟ ’ਚ ਲੈ ਲਿਆ, ਜਿਸ ਦੇ ਸਿੱਟੇ ਵਜੋਂ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋਈ। ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਕਬਜ਼ੇ ’ਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭਿਜਵਾ ਦਿੱਤਾ ਹੈ। ਏਐੱਸਆਈ ਬਲਜੀਤ ਸਿੰਘ ਨੇ ਦੱਸਿਆ ਕਿ ਦੋਹਾਂ ਹਾਦਸਿਆਂ ਦੇ ਸਬੰਧ ’ਚ ਵੱਖ-ਵੱਖ ਮੁਕੱਦਮੇ ਦਰਜ ਕਰ ਦਿੱਤੇ ਗਏ ਹਨ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।