ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੂੰ ਲਿਖਿਆ ਪੱਤਰ, ਖ਼ਰਾਬ ਹੋਈਆਂ ਫ਼ਸਲਾਂ ਲਈ ਵਿਸ਼ੇਸ਼ ਰਾਹਤ ਪੈਕੇਜ ਦੀ ਕੀਤੀ ਮੰਗ
ਰੰਧਾਵਾ ਨੇ ਪੱਤਰ ਵਿਚ ਲਿਖਿਆ ਹੈ ਕਿ ਸਮੁੱਚੇ ਪੰਜਾਬ ਭਰ ਵਿੱਚ ਪਿਛਲੇ ਹਫ਼ਤੇ 30 ਅਤੇ 31 ਮਾਰਚ ਤੋਂ ਚੱਕਰਵਾਤੀ ਗੇਡ਼ ਦੇ ਨਾਲ ਸਰਗਰਮ ਪੱਛਮੀ ਗੜਬੜੀ ਦੀ ਇੱਕ ਲੜੀ ਨੇ ਬਠਿੰਡਾ, ਮਾਨਸਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਫਤਿਹਗੜ੍ਹ ਸਾਹਿਬ, ਸੰਗਰੂਰ, ਲੁਧਿਆਣਾ, ਬਰਨਾਲਾ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਸਮੇਤ ਪੰਜਾਬ ਦੇ ਵੱਡੇ ਹਿੱਸਿਆਂ ਵਿੱਚ ਬੇਮੌਸਮੀ ਬਾਰਸ਼, ਤੇਜ਼ ਹਵਾਵਾਂ ਅਤੇ ਵਾਰ-ਵਾਰ ਗੜ੍ਹੇਮਾਰੀ ਹੋਈ ਹੈ।
Publish Date: Mon, 06 Apr 2026 10:39 AM (IST)
Updated Date: Mon, 06 Apr 2026 10:48 AM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਡੇਰਾ ਬਾਬਾ ਨਾਨਕ : ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਪਾਰਲੀਮੈਂਟ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੰਜਾਬ ਵਿੱਚ ਪਿਛਲੇ ਦਿਨਾਂ ਦੌਰਾਨ ਹੋਈਆਂ ਬਾਰਸ਼ਾਂ, ਗੜ੍ਹੇਮਾਰੀ ਅਤੇ ਹਨ੍ਹੇਰੀ ਝੱਖੜ ਨਾਲ ਪ੍ਰਭਾਵਿਤ ਹੋਈਆਂ ਕਣਕਾਂ ਅਤੇ ਹੋਰ ਫਸਲਾਂ ਲਈ ਕਿਸਾਨਾਂ ਨੂੰ ਰਾਹਤ ਪੈਕਜ ਅਤੇ ਪ੍ਰਧਾਨ ਮੰਤਰੀ ਜੀਵਨ ਬੀਮਾ ਯੋਜਨਾ ਦਾ ਲਾਭ ਦੇਣ ਲਈ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖ ਕੇ ਨੁਕਸਾਨ ਦਾ ਤੁਰੰਤ ਅੰਦਾਜ਼ਾ ਲਾਉਣ, ਰਾਹਤ ਪੈਕੇਜ ਅਤੇ ਨੀਤੀ ਸਹਾਇਤਾ ਦੀ ਮੰਗ ਕੀਤੀ ਹੈ। ਉਨ੍ਹਾਂ ਪੱਤਰ ਵਿਚ ਲਿਖਿਆ ਹੈ ਕਿ ਪੰਜਾਬ ਦੇ ਕਿਸਾਨ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਕਵਰੇਜ ਤੋਂ ਵਾਂਝੇ ਹਨ।
ਰੰਧਾਵਾ ਨੇ ਪੱਤਰ ਵਿਚ ਲਿਖਿਆ ਹੈ ਕਿ ਸਮੁੱਚੇ ਪੰਜਾਬ ਭਰ ਵਿੱਚ ਪਿਛਲੇ ਹਫ਼ਤੇ 30 ਅਤੇ 31 ਮਾਰਚ ਤੋਂ ਚੱਕਰਵਾਤੀ ਗੇਡ਼ ਦੇ ਨਾਲ ਸਰਗਰਮ ਪੱਛਮੀ ਗੜਬੜੀ ਦੀ ਇੱਕ ਲੜੀ ਨੇ ਬਠਿੰਡਾ, ਮਾਨਸਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਫਤਿਹਗੜ੍ਹ ਸਾਹਿਬ, ਸੰਗਰੂਰ, ਲੁਧਿਆਣਾ, ਬਰਨਾਲਾ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਸਮੇਤ ਪੰਜਾਬ ਦੇ ਵੱਡੇ ਹਿੱਸਿਆਂ ਵਿੱਚ ਬੇਮੌਸਮੀ ਬਾਰਸ਼, ਤੇਜ਼ ਹਵਾਵਾਂ ਅਤੇ ਵਾਰ-ਵਾਰ ਗੜ੍ਹੇਮਾਰੀ ਹੋਈ ਹੈ।
ਇਸ ਤੋਂ ਇਲਾਵਾ ਮਾਲਵਾ ਪੱਟੀ ਦੇ ਸੈਂਕਡ਼ੇ ਪਿੰਡਾਂ ਵਿੱਚ ਗੜ੍ਹੇਮਾਰੀ ਅਤੇ ਤੇਜ਼ ਹਵਾਵਾਂ ਨੇ ਕਣਕ ਨੂੰ ਖੇਤਾਂ ਵਿੱਚ ਵਿਛਾ ਦਿੱਤਾ ਹੈ ਤੇ 30 ਤੋਂ 70 ਫੀਸਦ ਤੱਕ ਫਸਲਾਂ ਦੇ ਨੁਕਸਾਨ ਦਾ ਸੰਕੇਤ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਭਾਵਿਤ ਪਿੰਡਾਂ ਦਾ ਨਿੱਜੀ ਤੌਰ ’ਤੇ ਦੌਰਾ ਕੀਤਾ ਅਤੇ ਮੰਨਿਆ ਕਿ ਕਈ ਖੇਤਰਾਂ ਵਿੱਚ ਸਥਿਤੀ ਗੰਭੀਰ ਹੈ। ਕਿਸਾਨਾਂ ਨੂੰ ਹਾਲੇ ਤੱਕ ਪਿਛਲੇ ਸਾਲ ਹੜ੍ਹਾਂ ਕਾਰਨ ਝੋਨੇ ਦੀ ਫਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਨਹੀਂ ਮਿਲਿਆ ਹੈ। ਰੰਧਾਵਾ ਨੇ ਕੇਂਦਰੀ ਮੰਤਰੀ ਚੌਹਾਨ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਰਾਹਤ ਦੇਣ ਲਈ ਪੈਕਜ ਜਾਰੀ ਕੀਤਾ ਜਾਵੇ।