ਜ਼ਿਲ੍ਹਾ ਕਚਹਿਰੀਆਂ ਵਿਖੇ ਲੱਗੀ ਨੈਸ਼ਨਲ ਲੋਕ ਅਦਾਲਤ ਲੱਗੀ
ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਵਿਖੇ ਲੱਗੀ ਨੈਸ਼ਨਲ ਲੋਕ ਅਦਾਲਤ ਲੱਗੀ
Publish Date: Sat, 09 May 2026 04:39 PM (IST)
Updated Date: Sun, 10 May 2026 04:03 AM (IST)

-13353 ਕੇਸ ਸੁਣਵਾਈ ਲਈ ਰੱਖੇ ਗਏ, 12885 ਕੁੱਲ ਕੇਸਾਂ ਦਾ ਨਿਪਟਾਰਾ, 97942042 ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਦਿਲਬਾਗ ਸਿੰਘ ਜੌਹਲ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰਪ੍ਰੀਤ ਸਿੰਘ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਸੈਸ਼ਨਜ਼ ਡਵੀਜਨ, ਗੁਰਦਾਸਪੁਰ ਅਧੀਨ ਸਮੂਹ ਨਿਆਇਕ ਅਦਾਲਤਾਂ ਗੁਰਦਾਸਪੁਰ ਤੇ ਸਬ-ਡਵੀਜਨ, ਬਟਾਲਾ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਲਈ ਗੁਰਦਾਸਪੁਰ ਅਤੇ ਬਟਾਲਾ ਵਿਖੇ ਦੇ ਨਿਆਇਕ ਅਧਿਕਾਰੀਆਂ ਦੇ ਕੁੱਲ 20 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਂਦੇ ਹਨ। ਇਸ ਤੋਂ ਇਲਾਵਾ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਜਲ ਸਪਲਾਈ, ਲੇਬਰ ਆਦਿ ਕੇਸ ਵੀ ਲਗਾਏ ਜਾਂਦੇ ਹਨ। ਇਸ ਲੋਕ ਅਦਾਲਤ ਵਿੱਚ ਰਾਜੀਨਾਮਾ ਹੋਣ ਯੋਗ ਕੇਸਾਂ ਦੇ ਨਿਪਟਾਰੇ ਲਈ 13353 ਕੇਸ ਸੁਣਵਾਈ ਲਈ ਰੱਖੇ ਗਏ, ਜਿਨ੍ਹਾਂ ਵਿੱਚੋਂ 12885 ਕੁੱਲ ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ ਅਤੇ 97942042 ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ। ਇਸ ਸਬੰਧੀ ਹਰਪ੍ਰੀਤ ਸਿੰਘ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਲੋਕ ਅਦਾਲਤਾਂ ਰਾਹੀਂ ਫੈਸਲੇ ਹੋਏ ਕੇਸਾਂ ਦੇ ਲਾਭਾਂ ਤੇ ਚਾਨਣਾ ਪਾਉਂਦੇ ਹੋਏ ਉਹਨਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾਂ ਹੋਏ ਕੇਸ ਦੀ ਅੱਗੇ ਕੋਈ ਅਪੀਲ ਨਹੀਂ ਹੋ ਸਕਦੀ ਕਿਉਂਕਿ ਲੋਕ ਅਦਾਲਤ ਵਿੱਚ ਫੈਸਲਾ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਂਦਾ ਹੈ। ਇਸ ਨਾਲ ਝਗੜਾ ਹਮੇਸ਼ਾ ਲਈ ਖਤਮ ਹੋ ਜਾਂਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸਾਂ ਵਿੱਚ ਲਗਾਈ ਗਈ, ਕੋਰਟ ਫੀਸ ਵੀ ਵਾਪਸ ਕੀਤੀ ਜਾਂਦੀ ਹੈ।