ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ’ਤੇ ਖੋਲ੍ਹੇ ਗਏ ਕਰਤਾਰਪੁਰ ਲਾਂਘੇ ਰਾਹੀਂ 2019 ਦੌਰਾਨ 34,423, 2020 ਨੂੰ 28363, 2021 ਨੂੰ ਕੋਰੋਨਾ ਮਹਾਂਮਾਰੀ ਦੌਰਾਨ 9749, 2022 ਨੂੰ 84192, 2023 ਨੂੰ 95556, ਦਸੰਬਰ 2024 ਨੂੰ 1096 68 ਅਤੇ 7 ਮਈ 2025 ਤੱਕ 57713 ਸਮੇਤ 4155 64 ਸ਼ਰਧਾਲੂਆਂ ਨੇ ਡੇਰਾ ਬਾਬਾ ਨਾਨਕ ਦੀ ਸਰਹੱਦ ’ਤੇ ਬਣੇ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕੀਤੇ ਗਏ ਹਨ।

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਡੇਰਾ ਬਾਬਾ ਨਾਨਕ : ਡੇਰਾ ਬਾਬਾ ਨਾਨਕ ਦੀ ਭਾਰਤ-ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਸ੍ਰੀ ਕਰਤਾਰਪੁਰ ਦਾ ਲਾਂਘਾ ਸ੍ਰੀਨਗਰ ਦੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ 7 ਮਈ ਤੋਂ ਅਣਮਿਥੇ ਸਮੇਂ ਲਈ ਬੰਦ ਕੀਤਾ ਸੀ। ਉੱਥੇ ਅਗਸਤ ਮਹੀਨੇ ਰਾਵੀ ਤੇ ਉੱਜ ਦਰਿਆ ਦੇ ਤੇਜ਼ ਵਹਾਅ ਕਾਰਨ ਆਏ ਹੜ੍ਹ ਨੇ ਸਰਹੱਦ ’ਤੇ ਬਣੇ ਸ੍ਰੀ ਕਰਤਾਰਪੁਰ ਪੈਸੰਜਰ ਟਰਮੀਨਲ ਅਤੇ ਦੋਵਾਂ ਦੇਸ਼ਾਂ ਵੱਲੋਂ ਜ਼ੀਰੋ ਲਾਈਨ ’ਤੇ ਲਗਾਏ ਗੇਟਾਂ ਨੂੰ ਤਹਿਸ ਨਹਿਸ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਗੁਰੂ ਨਾਨਕ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ, ਜੋ ਰਾਵੀ ਦਰਿਆ ਦੇ ਕਿਨਾਰੇ ਸਥਿਤ ਹੈ ਅਤੇ ਇੱਥੇ ਗੁਰੂ ਸਾਹਿਬ ਨੇ ਆਪਣੇ ਪਰਿਵਾਰ ਸਮੇਤ 18 ਸਾਲ ਦਾ ਸਮਾਂ ਬਿਤਾਇਆ ਸੀ, ਸ੍ਰੀ ਕਰਤਾਰਪੁਰ ਸਾਹਿਬ ਵਿਖੇ ਗੁਰੂ ਨਾਨਕ ਸਾਹਿਬ ਨੇ ਭਾਈ ਲਹਿਣਾ (ਸ੍ਰੀ ਗੁਰੂ ਅੰਗਦ ਦੇਵ ਜੀ) ਨੂੰ ਆਪਣੀ ਗੱਦੀ ਸੌਂਪੀ ਅਤੇ 22 ਸਤੰਬਰ 1539 ਨੂੰ ਸ੍ਰੀ ਕਰਤਾਰਪੁਰ ਸਾਹਿਬ ਦੀ ਧਰਤੀ ’ਤੇ ਜੋਤੀ ਜੋਤ ਸਮਾ ਗਏ ਸਨ। ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਤੋਂ ਸਵਾ 4 ਕਿੱਲੋਮੀਟਰ ਦੂਰੀ ’ਤੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਸਥਿਤ ਹੈ, ਜੋ 1947 ਦੀ ਭਾਰਤ-ਪਾਕਿਸਤਾਨ ਦੀ ਵੰਡ ਦੌਰਾਨ ਪਾਕਿਸਤਾਨ ਵਾਲੇ ਪਾਸੇ ਆ ਗਿਆ ਸੀ। ਦੇਸ਼ ਦੀ ਅਜ਼ਾਦੀ ਤੋਂ 72 ਸਾਲਾਂ ਬਾਅਦ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਦਿਹਾੜੇ ਮੌਕੇ 9 ਨਵੰਬਰ 2019 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਸ ਸਮੇਂ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਯਤਨਾਂ ਸਦਕਾ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਬਿਨਾਂ ਵੀਜ਼ਾ ਲਾਂਘਾ ਖੋਲ੍ਹਿਆ ਗਿਆ।
ਦੱਸਣਯੋਗ ਹੈ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ 9 ਨਵੰਬਰ 2019 ਨੂੰ ਖੁੱਲ੍ਹਣ ਦੇ 127 ਦਿਨ ਬਾਅਦ ਕੋਰੋਨਾ ਮਹਾਂਮਾਰੀ ਕਰ ਕੇ 16 ਮਾਰਚ 2020 ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਉਸ ਸਮੇਂ 20 ਮਹੀਨੇ ਕਰਤਾਰਪੁਰ ਲਾਂਘਾ ਬੰਦ ਹੋਣ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਦਿਹਾੜੇ ਮੌਕੇ ਮੁੜ 17 ਨਵੰਬਰ 2021 ਨੂੰ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਦਿੱਤਾ ਗਿਆ ਸੀ। ਇਸ ਲਾਂਘੇ ਰਾਹੀਂ ਹੁਣ ਤੱਕ ਡੇਰਾ ਬਾਬਾ ਨਾਨਕ ਦੀ ਸਰਹੱਦ ਰਾਹੀਂ 4,1564 ਸ਼ਰਧਾਲੂ, ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਜਾ ਚੁੱਕੇ ਹਨ। ਦੱਸਣਯੋਗ ਹੈ ਕਿ 22 ਅਪ੍ਰੈਲ 2025 ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਅੱਤਵਾਦੀ ਹਮਲੇ ਪਿੱਛੋਂ ਭਾਰਤ ਸਰਕਾਰ ਦੇ ਆਪ੍ਰੇਸ਼ਨ ਸਿੰਦੂਰ ਦੌਰਾਨ 7 ਮਈ 2025 ਨੂੰ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ’ਤੇ ਖੋਲ੍ਹਿਆ ਕਰਤਾਰਪੁਰ ਲਾਂਘਾ ਅਣਮਿੱਥੇ ਸਮੇਂ ਲਈ ਬੰਦ ਕਰਨ ਦੇ ਆਦੇਸ਼ ਕੀਤੇ ਹਨ। ਇਸ ਉਪਰੰਤ 25 ਅਤੇ 26 ਅਗਸਤ ਦੀ ਦਰਮਿਆਨੀ ਰਾਤ ਰਾਵੀ ਦਰਿਆ ਦੇ ਤੇਜ਼ ਵਹਾਅ ਕਾਰਨ ਲੈਂਡਪੋਰਟ ਅਥਾਰਟੀ ਆਫ ਇੰਡੀਆ ਦੀ ਦੇਖ ਰੇਖ ਹੇਠ ਕਰੀਬ 5 ਅਰਬ ਦੀ ਲਾਗਤ ਨਾਲ 54 ਏਕੜ ਜ਼ਮੀਨ ਵਿਚ ਸਰਹੱਦ ਤੇ ਬਣਾਏ ਗਏ ਅਜੂਬੇ ਦੀ ਤਰਜ਼ ’ਤੇ ਸ੍ਰੀ ਕਰਤਾਰਪੁਰ ਪੈਸੰਜਰ ਟਰਮੀਨਲ ਨੂੰ ਵੱਡੇ ਪੱਧਰ ’ਤੇ ਪ੍ਰਭਾਵਤ ਕਰਨ ਤੋਂ ਇਲਾਵਾ ਭਾਰਤ ਪਾਕਿਸਤਾਨ ਦੀ ਜ਼ੀਰੋ ਲਾਈਨ ’ਤੇ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਬਣਾਏ ਗਏ ਗੇਟਾਂ ਨੂੰ ਤੇਜ਼ ਵਹਾਅ ਪਾਣੀ ਨੇ ਤਹਿਸ-ਨਹਿਸ ਕਰ ਕੇ ਰੱਖ ਦਿੱਤਾ ਸੀ। ਲੈਂਡਪੋਰਟ ਅਥਾਰਟੀ ਆਫ ਇੰਡੀਆ ਨੇ ਅਜੂਬੇ ਵਰਗੇ ਟਰਮੀਨਲ ਦੀ ਸਾਫ ਸਫਾਈ ਕਰਨ ਤੋਂ ਬਾਅਦ ਮਹੀਨੇ ਬਾਅਦ 25 ਸਤੰਬਰ ਨੂੰ ਪੈਸੰਜਰ ਟਰਮੀਨਲ ਵੇਖਣ ਲਈ ਸੰਗਤ ਦੇ ਸਪੁਰਦ ਕਰ ਦਿੱਤਾ ਸੀ ਜਦਕਿ ਸਰਹੱਦ ’ਤੇ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਬਣਾਏ ਗਏ ਆਰਜ਼ੀ ਗੇਟ ਹਾਲੇ ਵੀ ਨਸ਼ਟ ਹੋਏ ਪਏ ਹਨ। ਭਾਵੇਂ ਕਿ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਤੇ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ ਪੈਸੰਜਰ ਟਰਮੀਨਲ ਤੋਂ ਭਾਰਤ-ਪਾਕਿਸਤਾਨ ਨੂੰ ਜਾਣ ਵਾਲੇ ਕਰਤਾਰਪੁਰ ਕੋਰੀਡੋਰ ਦੇ ਪੁਲ ਅਤੇ ਜ਼ੀਰੋ ਲਾਈਨ ’ਤੇ ਦੋਹਾਂ ਦੇਸ਼ਾਂ ਵੱਲੋਂ ਆਪਣੀਆਂ ਆਪਣੀਆਂ ਹੱਦਾਂ ਤੇ ਗੇਟ ਲਗਾ ਦਿੱਤੇ ਗਏ ਹਨ।
ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ’ਤੇ ਖੋਲ੍ਹੇ ਗਏ ਕਰਤਾਰਪੁਰ ਲਾਂਘੇ ਰਾਹੀਂ 2019 ਦੌਰਾਨ 34,423, 2020 ਨੂੰ 28363, 2021 ਨੂੰ ਕੋਰੋਨਾ ਮਹਾਂਮਾਰੀ ਦੌਰਾਨ 9749, 2022 ਨੂੰ 84192, 2023 ਨੂੰ 95556, ਦਸੰਬਰ 2024 ਨੂੰ 1096 68 ਅਤੇ 7 ਮਈ 2025 ਤੱਕ 57713 ਸਮੇਤ 4155 64 ਸ਼ਰਧਾਲੂਆਂ ਨੇ ਡੇਰਾ ਬਾਬਾ ਨਾਨਕ ਦੀ ਸਰਹੱਦ ’ਤੇ ਬਣੇ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕੀਤੇ ਗਏ ਹਨ।
ਇਸ ਮੌਕੇ ਤੇ ਖਾਲਸਾ ਪੰਚਾਇਤ ਦੇ ਆਗੂ ਭਾਈ ਰਣਜੀਤ ਸਿੰਘ ਖਾਲਸਾ, ਦਲ ਖਾਲਸਾ ਦੇ ਆਗੂ ਭਾਈ ਬਿਕਰਮਜੀਤ ਸਿੰਘ ਭੱਟੀ, ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਦੇ ਸਾਬਕਾ ਪ੍ਰਧਾਨ ਭਾਈ ਦਲਵਿੰਦਰ ਸਿੰਘ ਬਿੱਟੂ, ਨਿਹੰਗ ਸਿੰਘ ਰਜਿੰਦਰ ਸਿੰਘ ਭੰਗੂ, ਸੁਖਮਣੀ ਸੇਵਾ ਸੋਸਾਇਟੀ ਦੇ ਪ੍ਰਧਾਨ ਭਾਈ ਬਲਦੇਵ ਸਿੰਘ ਬਾਜਵਾ, ਨਿਹੰਗ ਸਿੰਘ ਤਾਰੂ ਸਿੰਘ, ਬਾਬਾ ਜਗਦੀਪ ਸਿੰਘ ਆਦਿ ਨਾਨਕ ਨਾਮ ਲੇਵਾ ਸੰਗਤਾਂ ਨੇ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਸਾਲ 2026 ਵਿਚ ਡੇਰਾ ਬਾਬਾ ਨਾਨਕ ਦੀ ਸਰਹੱਦ ਤੇ ਬੰਦ ਪਏ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ।