ਪੰਜਾਬ ਵਿੱਚ ਨਸ਼ਾ ਤਸਕਰੀ ਵਿਰੁੱਧ ਚੱਲ ਰਹੀ ਕਾਰਵਾਈ ਦੇ ਦੌਰਾਨ ਬਟਾਲਾ ਪੁਲਿਸ ਨੇ ਇੱਕ ਵੱਡੇ ਨੈੱਟਵਰਕ ਦਾ ਭੰਡਾਫੋੜ ਕੀਤਾ ਹੈ, ਜਿਸ ਦੇ ਤਾਰ ਪਾਕਿਸਤਾਨ ਨਾਲ ਜੁੜੇ ਦੱਸੇ ਜਾ ਰਹੇ ਹਨ। ਇਸ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਨ੍ਹਾਂ ਦੇ ਕਬਜ਼ੇ ਵਿੱਚੋਂ 6.5 ਕਿਲੋਗ੍ਰਾਮ ਹੈਰੋਇਨ, ਇੱਕ .30 ਕੈਲੀਬਰ ਪਿਸਤੌਲ, ਛੇ ਜ਼ਿੰਦਾ ਕਾਰਤੂਸ ਅਤੇ ਇੱਕ ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।

ਨਸ਼ੇ ਦੇ ਨਾਲ ਹੁਣ ਹਥਿਆਰਾਂ ਦੀ ਸਪਲਾਈ ਵੀ ਜਾਰੀ
ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਪਾਕਿਸਤਾਨ ਨਾਲ ਜੁੜੇ ਨੈੱਟਵਰਕ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਸੀ। ਮੁਲਜ਼ਮਾਂ ਰਾਹੀਂ ਨਾ ਸਿਰਫ਼ ਨਸ਼ੇ ਦੀ ਸਪਲਾਈ ਕੀਤੀ ਜਾ ਰਹੀ ਸੀ, ਸਗੋਂ ਨਾਜਾਇਜ਼ ਹਥਿਆਰ ਵੀ ਵੱਖ-ਵੱਖ ਲੋਕਾਂ ਤੱਕ ਪਹੁੰਚਾਏ ਜਾ ਰਹੇ ਸਨ। ਪੁਲਿਸ ਨੂੰ ਸ਼ੱਕ ਹੈ ਕਿ ਇਸ ਨੈੱਟਵਰਕ ਦੇ ਤਾਰ ਹੋਰਨਾਂ ਰਾਜਾਂ ਤੱਕ ਵੀ ਫੈਲੇ ਹੋ ਸਕਦੇ ਹਨ।
ਇਸ ਸਬੰਧ ਵਿੱਚ ਥਾਣਾ ਸਿਵਲ ਲਾਈਨਜ਼, ਬਟਾਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਹੁਣ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਇਸ ਪੂਰੇ ਨੈੱਟਵਰਕ ਦੇ ਹੋਰ ਮੈਂਬਰਾਂ ਦੀ ਪਛਾਣ ਕੀਤੀ ਜਾ ਸਕੇ। ਨਾਲ ਹੀ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਕਿਹੜੇ-ਕਿਹੜੇ ਇਲਾਕਿਆਂ ਵਿੱਚ ਸਪਲਾਈ ਕੀਤੀ ਜਾਣੀ ਸੀ।
ਨੈੱਟਵਰਕ ਦੇ ਲਿੰਕ ਖੋਜ ਰਹੀ ਪੁਲਿਸ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅੱਗੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਜਾਂਚ ਦਾ ਮੁੱਖ ਉਦੇਸ਼ ਇਸ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨਾ ਹੈ। ਇਸ ਦੇ ਲਈ ਅਗਲੀਆਂ ਅਤੇ ਪਿਛਲੀਆਂ ਸਾਰੀਆਂ ਕੜੀਆਂ ਨੂੰ ਜੋੜਿਆ ਜਾ ਰਿਹਾ ਹੈ ਅਤੇ ਸਬੰਧਤ ਏਜੰਸੀਆਂ ਨਾਲ ਵੀ ਤਾਲਮੇਲ ਕੀਤਾ ਜਾ ਰਿਹਾ ਹੈ।
ਇਸ ਕਾਰਵਾਈ ਨੂੰ ਬਟਾਲਾ ਪੁਲਿਸ ਦੀ ਵੱਡੀ ਸਫ਼ਲਤਾ ਮੰਨਿਆ ਜਾ ਰਿਹਾ ਹੈ। ਇਸ ਨਾਲ ਨਸ਼ਾ ਤਸਕਰਾਂ ਅਤੇ ਨਾਜਾਇਜ਼ ਹਥਿਆਰ ਸਪਲਾਈ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਗਿਆ ਹੈ ਕਿ ਕਾਨੂੰਨ ਦੇ ਸ਼ਿਕੰਜੇ ਤੋਂ ਕੋਈ ਬਚ ਨਹੀਂ ਸਕੇਗਾ।